1984 anti Sikh riots ਸੱਜਣ ਕੁਮਾਰ ਤੋਂ ਬਾਅਦ ਅਗਲੀ ਵਾਰੀ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦੀ: ਮਨਜਿੰਦਰ ਸਿਰਸਾ
ਸਿਰਸਾ ਨੇ ਕਿਹਾ ਕਿ ਉਹ ਸੱਜਣ ਕੁਮਾਰ ਲਈ ਮੌਤ ਦੀ ਸਜ਼ਾ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿਚ ਅਪੀਲ ਦਾਖ਼ਲ ਕਰਨ ਬਾਰੇ ਗੌਰ ਕਰਨਗੇ। ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ 1 ਨਵੰਬਰ 1984 ਨੂੰ ਗੁਰਦੁਆਰਾ ਪੁਲ ਬੰਗਸ਼ ਨੇੜੇ ਤਿੰਨ ਸਿੱਖਾਂ ਦੀ ਹੱਤਿਆ ਮਾਮਲੇ ਵਿਚ ਮੁਕੱਦਮੇ ਦੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਿਰਸਾ ਨੇ ਖ਼ਬਰ ਏਜੰਸੀ ਏਐੱਨਆਈ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੈਂ ਇਸ ਮਾਮਲੇ ਵਿਚ ‘ਸਿਟ’ ਬਣਾਉਣ ਤੇ ਕੇਸ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਾ ਹਾਂ। ਇਹ ਕੇਸ 35 ਸਾਲਾਂ ਤੋਂ ਬੰਦ ਪਏ ਸਨ ਤੇ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਤੇ ਕਮਲ ਨਾਥ ਵਰਗੇ ਲੋਕ ਮੁੱਖ ਮੰਤਰੀ ਤੇ ਸੰਸਦ ਮੈਂਬਰਾਂ ਵਜੋਂ ਸ਼ਰ੍ਹੇਆਮ ਘੁੰਮ ਰਹੇ ਸਨ। ਅਸੀਂ ਮੌਤ ਦੀ ਸਜ਼ਾ ਦੀ ਉਮੀਦ ਕੀਤੀ ਸੀ। ਅਸੀਂ ਮੌਤ ਦੀ ਸਜ਼ਾ ਲਈ ਹਾਈ ਕੋਰਟ ਵਿਚ ਅਪੀਲ ਕਰਨ ਬਾਰੇ ਫੈਸਲਾ ਕਰਾਂਗੇ। ਅਗਲੀ ਵਾਰੀ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦੀ ਹੈ।’’
ਉਧਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੋਰਟ ਵੱਲੋਂ ਸੁਣਾਏ ਉਮਰ ਕੈਦ ਦੇ ਫੈਸਲੇ ’ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਗਈ। -ਪੀਟੀਆਈ