ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਜੁਲਾਈ
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨੀਂ ਜੰਤਰ-ਮੰਤਰ ਉਪਰ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਧਰਨੇ ਨੂੰ ਲੈ ਕੇ ਦਿੱਲੀ ਦੀ ਸਿੱਖ ਸਿਆਸਤ ਮੁੜ ਮਘ ਗਈ ਹੈ ਤੇ ਵਿਰੋਧੀ ਧਿਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਨਿੰਦਿਅ ਕਿ ਉਹ ਇੱਕ ਅਕਾਲੀ ਧੜੇ ਦੀ ਹੋ ਕੇ ਰਹਿ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੇ ਰਹਿਣ ਲਈ ਉਚਿਤ ਵਿਵਸਥਾ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬੱਸਾਂ ਰਾਹੀਂ ਦਿੱਲੀ ਵਿੱਚ ਧਰਨੇ ਲਈ ਮੁਲਾਜ਼ਮ ਲਿਆਉਣ ਲਈ 40-40 ਹਜ਼ਾਰ ਖਰਚ ਕਰਨ ਦੀ ਥਾਂ ਦਿੱਲੀ ਦੀ ਸੰਗਤ ਨੂੰ ਨਾਲ ਜੋੜਦੇ ਤਾਂ ਧਰਨਾ ਪ੍ਰਭਾਵਸ਼ਾਲੀ ਹੋਣਾ ਸੀ। ਉਨ੍ਹਾਂ ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਕਮੇਟੀ ਨਾਲ ਰਾਬਤਾ ਕਾਇਮ ਕਰਨ ਤੇ ਜੋ ਕਾਨੂੰਨੀ ਖਰਚਾ ਹੋਵੇਗਾ ਉਹ ਦਿੱਲੀ ਕਮੇਟੀ ਕਰੇਗੀ ਤੇ ਕਮੇਟੀ ਦੇ ਵਕੀਲ ਮਾਮਲਿਆਂ ਦੀ ਪੈਰਵੀ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਪ੍ਰੀਤ ਸਿੰਘ ਬੰਨੀ ਜੌਲੀ ਨੇ ਕਿਹਾ ਹੈ ਕਿ ਬਾਦਲ ਦਲ ਨੇ ਸ਼੍ਰੋਮਣੀ ਕਮੇਟੀ ਦੀ ਦੁਰਵਰਤੋਂ ਕੀਤੀ। ਬਾਦਲ ਦਲ ਵੱਲੋਂ ਧਰਨਾ ਪ੍ਰਦਰਸ਼ਨ ਰਾਜਨੀਤਕ ਲਾਹਾ ਲੈਣ ਲਈ ਕੀਤਾ ਗਿਆ ਸੀ ਜਿਸ ਵਿਚ ਖਰਚਾ ਸ਼੍ਰੋਮਣੀ ਕਮੇਟੀ ’ਤੇ ਪਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਇਆਲੀ, ਜਗਮੀਤ ਸਿੰਘ ਬਰਾੜ, ਗੁਰਦੀਪ ਸਿੰਘ ਵਡਾਲਾ ਤੇ ਹੋਰ ਪੰਥਕ ਆਗੂਆਂ ਵੱਲੋਂ ਦਰਜ ਕੀਤੇ ਗਏ ਵਿਰੋਧ ਤੋਂ ਇਹ ਸਪੱਸ਼ਟ ਹੈ ਕਿ ਕੌਮ ਬਾਦਲਾਂ ਤੋਂ ਮੁਕਤੀ ਚਾਹੁੰਦੀ ਹੈ। ਸੁਖਬੀਰ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਾਅ ਦਾ ਨਾਅਰਾ ਮਾਰਿਆ ਸੀ ਪਰ ਚੋਣ ਨਤੀਜੇ ਆਏ ਤਾਂ ਪੰਜਵੇਂ ਸਥਾਨ ’ਤੇ ਰਹੇ।