ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਜਨਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਅੱਜ ਕਿਸਾਨਾਂ ਦੇ ਹੱਕ ਵਿਚ ਦਿੱਤੇ ਹੁਕਮਾਂ ਨਾਲ ਕਿਸਾਨ ਅੰਦੋਲਨ ਨੂੰ ਪਾਕਿਸਤਾਨੀ ਤੇ ਚੀਨ ਦੀ ਹਮਾਇਤ ਪ੍ਰਾਪਤ ਦੱਸਣ ਵਾਲਿਆਂ ਦੀਆਂ ਅੱਖਾਂ ਖੁੱਲ੍ਹ ਗਈਆਂ ਹਨ। ਸੁਪਰੀਮ ਕੋਰਟ ਦੇ ਫੈਸਲੇ ’ਤੇ ਟਿੱਪਣੀ ਕਰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਹੁਣ ਤਾਂ ਸੁਪਰੀਮ ਕੋਰਟ ਨੇ ਸਪੱਸ਼ਟ ਆਖ ਦਿੱਤਾ ਹੈ ਕਿ ਕਿਸਾਨਾਂ ਨੂੰ ਧਰਨਾ ਜਾਰੀ ਰੱਖਣ ਦਾ ਪੂਰਾ ਹੱਕ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਤਾਂ ਇਹ ਵੀ ਆਖ ਦਿੱਤਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਕਿਸਾਨੀ ਮਸਲਾ ਹੱਲ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਇਸ ਸੰਕਟ ਦਾ ਇਕੋ ਇਕ ਹੱਲ ਤਿੰਨ ਕਾਲੇ ਕਾਨੂੰਨ ਰੱਦ ਕਰਨਾ ਹੈ ਤੇ ਜਿੰਨਾ ਛੇਤੀ ਸਰਕਾਰ ਇਹ ਸਮਝ ਕੇ ਕਾਨੂੰਨ ਰੱਦ ਕਰ ਦੇਵੇਗੀ ਤਾਂ ਮਸਲਾ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਸੰਘਰਸ਼ ਨੂੰ ਸਿਰਫ ਪੰਜਾਬ ਦਾ ਦੱਸਿਆ ਜਾ ਰਿਹਾ ਸੀ ਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਕਿਸਾਨ ਅੰਦੋਲਨ ਵਿਚ ਨਾ ਹੋਣ ਦੇ ਵੱਡੇ ਵੱਡੇ ਦਾਅਵੇ ਵੀ ਕੀਤੇ ਸੀ ਪਰ ਹੁਣ ਖੁਦ ਸਾਰਾ ਦੇਸ਼ ਵੇਖ ਰਿਹਾ ਹੈ ਕਿ ਹਰਿਆਣਾ ਦੇ ਕਿਸਾਨ ਕਿਸ ਤਰੀਕੇ ਮੁੱਖ ਮੰਤਰੀ ਦੇ ਹੀ ਖਿਲਾਫ ਹੋ ਗਏ ਹਨ।