ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਜੂਨ
ਸੰਯੁਕਤ ਕਿਸਾਨ ਮੋਰਚਾ ਨੇ ਅਗਨੀਪਥ ਯੋਜਨਾ ਖ਼ਿਲਾਫ਼ ਨੌਜਵਾਨਾਂ ਦੇ ਦੇਸ਼ਿਵਆਪੀ ਪ੍ਰਦਰਸ਼ਨਾਂ ਦਾ ਸਮਰਥਨ ਕਰਦਿਆਂ 24 ਜੂਨ ਨੂੰ ‘ਰੋਸ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਪ੍ਰਦਰਸ਼ਨਾਂ ਨੂੰ ਸ਼ਾਂਤਮਈ ਰੱਖਣ ਦੀ ਅਪੀਲ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਨੇ ਇਹ ਯੋਜਨਾ ਫੌਜ, ਕਿਸਾਨ ਅਤੇ ਦੇਸ਼ ਵਿਰੋਧੀ ਕਰਾਰ ਦਿੱਤੀ ਹੈ। ਕਿਸਾਨ ਆਗੂਆਂ ਡਾ. ਦਰਸ਼ਨ ਪਾਲ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ, ਯੁੱਧਵੀਰ ਸਿੰਘ ਅਤੇ ਯੋਗਿੰਦਰ ਯਾਦਵ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ‘ਜੈ ਜਵਾਨ ਜੈ ਕਿਸਾਨ’ ਦੇ ਨਾਅਰੇ ਦੀ ਭਾਵਨਾ ਨੂੰ ਢਾਹ ਲਾਉਣ ’ਤੇ ਤੁਲੀ ਹੋਈ ਹੈ ਤਾਂ ਕਿਸਾਨ ਲਹਿਰ ਦਾ ਫਰਜ਼ ਬਣਦਾ ਹੈ ਕਿ ਉਹ ਜਵਾਨਾਂ ਨਾਲ ਇਸ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ। ਇਸ ਲਈ ਸੰਯੁਕਤ ਕਿਸਾਨ ਮੋਰਚਾ 24 ਜੂਨ ਨੂੰ ਦੇਸ਼ ਭਰ ਵਿੱਚ ‘ਰੋਸ ਦਿਵਸ’ ਮਨਾਏਗਾ। ਇਹ ਫੈਸਲਾ ਸੰਯੁਕਤ ਕਿਸਾਨ ਮੋਰਚਾ ਦੀ ਸੱਤ ਮੈਂਬਰੀ ਤਾਲਮੇਲ ਕਮੇਟੀ ਨੇ ਅੱਜ ਕਰਨਾਲ (ਹਰਿਆਣਾ) ਵਿੱਚ ਹੋਈ ਮੀਟਿੰਗ ਦੌਰਾਨ ਲਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਇਸ ਯੋਜਨਾ ਨਾਲ ਦੇਸ਼ ਦੀ ਸੁਰੱਖਿਆ ਅਤੇ ਬੇਰੁਜ਼ਗਾਰ ਨੌਜਵਾਨਾਂ ਦੇ ਸੁਫ਼ਨਿਆਂ ਸਮੇਤ ਦੇਸ਼ ਦੇ ਕਿਸਾਨ ਪਰਿਵਾਰਾਂ ਨਾਲ ਵੀ ਖਿਲਵਾੜ ਕੀਤਾ ਜਾ ਰਿਹਾ ਹੈ। ਇਸ ਦੇਸ਼ ਦਾ ਜਵਾਨ ਵਰਦੀਧਾਰੀ ਕਿਸਾਨ ਹੈ। ਆਗੂਆਂ ਮੁਤਾਬਕ ਜ਼ਿਆਦਾਤਰ ਸਿਪਾਹੀ ਕਿਸਾਨ ਪਰਿਵਾਰਾਂ ਤੋਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਲਈ ਸ਼ਰਮ ਵਾਲੀ ਗੱਲ ਹੈ ਕਿ ਸਾਬਕਾ ਸੈਨਿਕਾਂ ਨੂੰ ‘ਵਨ ਰੈਂਕ ਵਨ ਪੈਨਸ਼ਨ’ ਦੇ ਵਾਅਦੇ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣ ‘ਨੋ ਰੈਂਕ ਨੋ ਪੈਨਸ਼ਨ’ ਦੀ ਇਹ ਸਕੀਮ ਸ਼ੁਰੂ ਕੀਤੀ ਹੈ। ਫ਼ੌਜ ਵਿੱਚ ਰੈਗੂਲਰ ਭਰਤੀ ਵਿੱਚ ਵੱਡੀ ਕਟੌਤੀ ਉਨ੍ਹਾਂ ਕਿਸਾਨਾਂ ਦੇ ਪੁੱਤਰਾਂ ਨਾਲ ਧੋਖਾ ਹੈ, ਜਿਨ੍ਹਾਂ ਨੇ ਸਾਲਾਂ ਤੋਂ ਫ਼ੌਜ ਵਿੱਚ ਨੌਕਰੀ ਕਰਨ ਦਾ ਸੁਫ਼ਨਾ ਲਿਆ ਸੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਹੱਥੋਂ ਆਪਣੀ ਹਾਰ ਤੋਂ ਦੁਖੀ ਹੋਈ ਇਸ ਸਰਕਾਰ ਨੇ ਕਿਸਾਨਾਂ ਤੋਂ ਬਦਲਾ ਲੈਣ ਦੀ ਇੱਕ ਹੋਰ ਚਾਲ ਚੱਲੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ ਅਗਨੀਵੀਰ ਭਰਤੀ ਸ਼ੁਰੂ ਹੋਣ ਵਾਲੇ ਦਿਨ 24 ਜੂਨ ਨੂੰ ਦੇਸ਼ ਵਿਆਪੀ ‘ਰੋਸ ਦਿਵਸ’ ਮਨਾਉਣ ਦਾ ਫੈਸਲਾ ਕੀਤਾ ਹੈ। ਉਸ ਦਿਨ ਸਾਰੇ ਜ਼ਿਲ੍ਹਾ, ਤਹਿਸੀਲ ਜਾਂ ਬਲਾਕ ਹੈੱਡਕੁਆਰਟਰਾਂ ’ਤੇ ‘ਜੈ ਜਵਾਨ ਜੈ ਕਿਸਾਨ’ ਦੇ ਨਾਅਰੇ ਨਾਲ ਸ਼ਾਂਤਮਈ ਮੁਜ਼ਾਹਰੇ ਕੀਤੇ ਜਾਣਗੇ। ਮੋਰਚੇ ਨੇ ਦੇਸ਼ ਦੀਆਂ ਸਮੂਹ ਜਨਤਕ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਨੂੰ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੀ ਆਗਾਮੀ ਕੌਮੀ ਮੀਟਿੰਗ ਤਿੰਨ ਜੁਲਾਈ ਨੂੰ ਗਾਜ਼ੀਆਬਾਦ ਵਿੱਚ ਤੈਅ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਫਰੰਟ ਦੇ ਆਉਣ ਵਾਲੇ ਪ੍ਰੋਗਰਾਮਾਂ ਅਤੇ ਸੰਗਠਨ ਸਬੰਧੀ ਫੈਸਲੇ ਲਏ ਜਾਣਗੇ।