ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਸਤੰਬਰ
ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਦਿੱਲੀ ਕਮੇਟੀ ਦੇ ਸਾਬਕਾ ਮੈਂਬਰ ਵਿਕਰਮ ਸਿੰਘ ਰੋਹਿਣੀ ਨੂੰ ਨਾਮਜ਼ਦ ਕਰਨ ਦਾ ਐਲਾਨ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਪਾਰਟੀ ਵੱਲੋਂ ਰੋਹਿਣੀ ਤੋਂ ਕਮੇਟੀ ਦੇ ਸਾਬਕਾ ਮੈਂਬਰ ਵਿਕਰਮ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਉਨ੍ਹਾਂ ਦਾ ਨਾਮਜ਼ਦਗੀ ਫ਼ਾਰਮ ਭਰਵਾਇਆ ਜਿਸ ਉੱਤੇ ਹਰਮੀਤ ਸਿੰਘ ਕਾਲਕਾ ਅਤੇ ਅਮਰਜੀਤ ਸਿੰਘ ਪਿੰਕੀ ਨੇ ਦਸਤਖਤ ਕਰ ਕੇੇ ਵਿਕਰਮ ਸਿੰਘ ਦੇ ਨਾਂ ਦੀ ਪੇਸ਼ਕਸ਼ ਕੀਤੀ।
ਦੱਸਣਯੋਗ ਹੈ ਕਿ ਸ੍ਰੀ ਰੋਹਿਣੀ ਪਿਛਲੀ ਕਮੇਟੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਹਿਣੀ ਤੋਂ ਦਿੱਲੀ ਵਿੱਚ ਸਭ ਤੋਂ ਵੱਧ ਵੋਟਾਂ ਨਾਲ ਜਿੱਤ ਕੇ ਮੈਂਬਰ ਬਣੇ ਸਨ ਅਤੇ ਇਸ ਵਾਰ ਪਾਰਟੀ ਨੇ ਉਨ੍ਹਾਂ ਦੀ ਕਾਬਲੀਅਤ ਅਤੇ ਕੰਮ ਕਰਨ ਦੇ ਜਜ਼ਬੇ ਨੂੰ ਵੇਖਦੇ ਹੋਏ ਪਾਰਟੀ ਦੀ ਸੈਂਟਰਲ ਟੀਮ ਵਿੱਚ ਸ਼ਾਮਲ ਕਰ ਕੇ ਦਿੱਲੀ ਦੇ ਹਲਕਿਆਂ ਵਿੱਚ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਚੋਣ ਲੜਾਉਣ ’ਚ ਮਦਦ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ ਜਿਸ ਕਾਰਨ ਉਨ੍ਹਾਂ ਨੂੰ ਚੋਣ ਨਾ ਲੜਾ ਕੇ ਉਨ੍ਹਾਂ ਦੀ ਥਾਂ ਸਰਵਜੀਤ ਸਿੰਘ ਵਿਰਕ ਨੂੰ ਟਿਕਟ ਦੇ ਕੇ ਵਿਕਰਮ ਸਿੰਘ ਨੂੰ ਨਾਮਜ਼ਦਗੀ ਰਾਹੀਂ ਮੈਂਬਰ ਕੋ-ਆਪਟ ਕਰਨ ਦਾ ਭਰੋਸਾ ਦਿੱਤਾ ਗਿਆ ਸੀ।