ਗੁਰਪੁਰਬ ’ਤੇ ਪਾਕਿਸਤਾਨ ਜਾਣ ਲਈ ਅਪਲਾਈ ਕੀਤੇ ਸਾਰੇ 170 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾਣ ਲਈ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 170 ਸ਼ਰਧਾਲੂਆਂ ਨੇ ਵੀਜ਼ੇ ਅਪਲਾਈ ਕੀਤੇ ਸਨ, ਉਨ੍ਹਾਂ ਸਾਰਿਆਂ ਨੂੰ ਵੀਜ਼ੇ ਮਿਲ ਗਏ ਹਨ ਅਤੇ ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਪਾਸਪੋਰਟ ਦਿੱਲੀ ਗੁਰਦੁਆਰਾ ਕਮੇਟੀ ਦੇ ਦਫ਼ਤਰ ਤੋਂ ਲੈ ਲੈਣ।
ਇਥੇ ਜਾਰੀ ਕੀਤੇ ਇੱਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਇਸ ਸਾਲ ਪਹਿਲਾਂ ਭਾਰਤ ਸਰਕਾਰ ਨੇ ਗੁਰਪੁਰਬ ’ਤੇ ਪਾਕਿਸਤਾਨ ਜਾਣ ’ਤੇ ਪਾਬੰਦੀ ਲਗਾ ਦਿੱਤੀ ਸੀ ਪਰ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤੀ ਅਪੀਲ ਮਗਰੋਂ ਭਾਰਤ ਸਰਕਾਰ ਨੇ ਜੱਥੇ ਨੂੰ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਸੀ।
ਉਨ੍ਹਾਂ ਦੱਸਿਆ ਕਿ ਕੁੱਲ 170 ਸ਼ਰਧਾਲੂਆਂ ਨੇ ਦਿੱਲੀ ਗੁਰਦੁਆਰਾ ਕਮੇਟੀ ਰਾਹੀਂ ਵੀਜ਼ੇ ਅਪਲਾਈ ਕੀਤਾ ਸੀ ਤੇ ਸਾਰੇ 170 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪੋ ਆਪਣੇ ਪਾਸਪੋਰਟ ਦਿੱਲੀ ਗੁਰਦੁਆਰਾ ਕਮੇਟੀ ਦੇ ਦਫਤਰ ਤੋਂ ਇਕੱਤਰ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਪਾਕਿਸਤਾਨ ਵਿਚ ਦਾਖਲੇ ਵਾਸਤੇ 4 ਨਵੰਬਰ ਦੀ ਤਾਰੀਕ ਮੁਕੱਰਰ ਕੀਤੀ ਹੈ ਪਰ ਭਾਰਤ ਸਰਕਾਰ ਯਤਨਸ਼ੀਲ ਹੈ ਕਿ ਸ਼ਰਧਾਲੂ 3 ਨਵੰਬਰ ਨੂੰ ਹੀ ਪਾਕਿਸਤਾਨ ਵਿਚ ਦਾਖਲ ਹੋਣ ਤੇ ਇਸ ਅੰਤਿਮ ਫੈਸਲਾ ਇਕ ਦੋ ਦਿਨਾਂ ਵਿਚ ਹੋ ਜਾਵੇਗਾ। ਜੱਥੇ ਵਾਸਤੇ ਇਹ ਦੌਰਾ 10 ਦਿਨਾਂ ਦਾ ਹੋਵੇਗਾ ਤੇ 10 ਦਿਨਾਂ ਦੇ ਮੁਕੰਮਲ ਹੋਣ ’ਤੇ ਜੱਥਾ ਵਾਪਸ ਭਾਰਤ ਆਵੇਗਾ।
ਪਾਕਿਸਤਾਨ ਯਾਤਰਾ ਦੌਰਾਨ ਜੱਥੇ ਦੇ ਮੈਂਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਸਬੰਧਤ ਗੁਰਧਾਮਾਂ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਜੱਥਾ ਯਾਤਰਾ ਦੇ ਚੇਅਰਮੈਨ ਪਰਮਜੀਤ ਸਿੰਘ ਚਢੋਕ, ਰਮਿੰਦਰ ਸਿੰਘ ਸਵੀਟਾ ਤੇ ਜਗਜੀਤ ਸਿੰਘ ਦਰਦੀ ਦੀ ਅਗਵਾਈ ਹੇਠ ਜਾਵੇਗਾ ਜੋ ਯਾਤਰੂਆਂ ਦੇ ਠਹਿਰਣ ਸਮੇਤ ਹਰ ਤਰੀਕੇ ਦੀਆਂ ਸਹੂਲਤਾਂ ਦੇ ਪ੍ਰਬੰਧ ਯਕੀਨੀ ਬਣਾਉਣਗੇ।
