ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਨਵੰਬਰ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਦੀ ਪ੍ਰਧਾਨਗੀ ਹੇਠ ਸਿੰਘੂ ਬਾਰਡਰ ’ਤੇ ਹੋਈ। ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਅਤੇ ਅਵਤਾਰ ਮਹਿਮਾ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂ ਸ਼ਾਮਲ ਸਨ। ਇਸ ਮੌਕੇ ਕਿਸਾਨ ਅੰਦੋਲਨ ਦੀ ਇਤਿਹਾਸਕ ਜਿੱਤ ਅਤੇ ਐੱਮਐੱਸਪੀ ਦੇ ਨਾਲ-ਨਾਲ ਕਿਸਾਨਾਂ ਦੇ ਬਾਕੀ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਮੀਡੀਆ ਨੂੰ ਅਵਤਾਰ ਮਹਿਮਾ ਨੇ ਦੱਸਿਆ ਕਿ ਚਾਰੋਂ ਪਾਸਿਓਂ ਘਿਰੀ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਐਲਾਨ ਕਿਸਾਨਾਂ ਦੇ ਬਾਕੀ ਮੁੱਦਿਆਂ ਤੋਂ ਪਾਸਾ ਵੱਟ ਲੈਣ ਦੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਸ਼ੁਰੂ ਕਰਨ ਵੇਲੇ ਤੋਂ ਹੀ ਸਰਕਾਰ ਤੋਂ ਬਿਜਲੀ ਸੋਧ ਬਿੱਲ ਰੱਦ ਕਰਨ, ਵਾਤਾਵਰਨ ਸਬੰਧੀ ਬਿੱਲ ਵਿੱਚੋਂ ਕਿਸਾਨਾਂ ਨੂੰ ਬਾਹਰ ਕਰਨ, ਘੱਟੋ ਘੱਟ ਸਮਰਥਨ ਮੁੱਲ ਦੀ ਗਾਰੰਟੀ ਲਈ ਕਾਨੂੰਨ ਅਤੇ ਅੰਦੋਲਨ ਦੌਰਾਨ ਕਿਸਾਨਾਂ ’ਤੇ ਦਰਜ ਕੇਸ ਵਾਪਸ ਕਰਵਾਉਣ ਦੇ ਨਾਲ-ਨਾਲ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਸਣੇ ਹੋਰ ਮੁੱਦੇ ਬਹੁਤ ਅਹਿਮ ਹਨ। ਸ੍ਰੀ ਮਹਿਮਾ ਨੇ ਕਿਹਾ ਕਿ ਅਜਿਹੇ ਮੁੱਦਿਆਂ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਇਨ੍ਹਾਂ ਕਾਨੂੰਨਾਂ ਦੇ ਰੱਦ ਹੋਣ ਦੇ ਨਾਲ-ਨਾਲ ਬਾਕੀ ਸਾਰੇ ਮੁੱਦਿਆਂ ਦਾ ਜਦੋਂ ਤਕ ਹੱਲ ਨਹੀਂ ਹੋ ਜਾਂਦਾ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਅੰਦੋਲਨ ਦੇ ਇਕ ਸਾਲ ਪੂਰਾ ਹੋਣ ’ਤੇ ਦਿੱਲੀ ਬਾਰਡਰਾਂ ‘ਤੇ ਵੱਡੇ ਇਕੱਠ ਕੀਤੇ ਜਾਣਗੇ ਜਿਨ੍ਹਾਂ ਵਿੱਚ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਜਥੇ ਸ਼ਾਮਲ ਹੋਣਗੇ।