ਆਮ ਆਦਮੀ ਪਾਰਟੀ ਨੇ ਸੰਵਿਧਾਨ ਦਿਵਸ ਮੌਕੇ ਭਾਜਪਾ ਸਰਕਾਰ ਵੱਲੋਂ ‘ਸਕੂਲ ਆਫ਼ ਐਕਸੀਲੈਂਸ’ ਤੋਂ ਡਾ. ਬੀ ਆਰ ਅੰਬੇਡਕਰ ਦਾ ਨਾਮ ਹਟਾਉਣ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਪਾਰਟੀ ਵਰਕਰਾਂ ਨੇ ਉੱਥੇ ਦੁਬਾਰਾ ਬਾਬਾ ਸਾਹਿਬ ਦੀ ਤਸਵੀਰ ਵਾਲਾ ਬੋਰਡ ਲਗਾ ਦਿੱਤਾ। ਕੋਂਡਲੀ ਤੋਂ ਵਿਧਾਇਕ ਕੁਲਦੀਪ ਕੁਮਾਰ ਦੀ ਅਗਵਾਈ ਹੇਠ ਪਾਰਟੀ ਵਰਕਰ ਖਿਚੜੀਪੁਰ ਸਥਿਤ ਸਕੂਲ ਪਹੁੰਚੇ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
‘ਆਪ’ ਦੇ ਦਿੱਲੀ ਸੂਬਾ ਕਨਵੀਨਰ ਸੌਰਭ ਭਾਰਦਵਾਜ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਸਰਕਾਰ ਨੇ ਕੁੱਲ 69 ਸਕੂਲਾਂ ਦਾ ਨਾਮ ‘ਡਾ. ਬੀ ਆਰ ਅੰਬੇਡਕਰ ਸਕੂਲ ਆਫ਼ ਸਪੈਸ਼ਲਾਈਜ਼ਡ ਐਕਸੀਲੈਂਸ’ ਰੱਖਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਮੁੱਖ ਮੰਤਰੀ ਰੇਖਾ ਗੁਪਤਾ ਨੇ ਇਨ੍ਹਾਂ ਸਾਰੇ ਸਕੂਲਾਂ ਦਾ ਨਾਮ ਬਦਲ ਕੇ ‘ਸੀ ਐੱਮ ਸ੍ਰੀ ਸਕੂਲ ਆਫ਼ ਸਪੈਸ਼ਲਾਈਜ਼ਡ ਐਕਸੀਲੈਂਸ’ ਕਰ ਦਿੱਤਾ ਹੈ, ਜੋ ਬਾਬਾ ਸਾਹਿਬ ਦਾ ਅਪਮਾਨ ਹੈ।
ਵਿਧਾਇਕ ਕੁਲਦੀਪ ਕੁਮਾਰ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਗਰੀਬ ਪਰਿਵਾਰਾਂ ਦੇ ਬੱਚੇ ਪੜ੍ਹ ਕੇ ਆਈ ਏ ਐੱਸ, ਆਈ ਪੀ ਐੱਸ, ਡਾਕਟਰ ਅਤੇ ਇੰਜਨੀਅਰ ਬਣਨ ਦੇ ਸੁਪਨੇ ਦੇਖ ਰਹੇ ਸਨ। ਪਾਰਟੀ ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਨੇ ਆਪਣੇ ਅਤੇ ਮੰਤਰੀਆਂ ਦੇ ਦਫ਼ਤਰਾਂ ਵਿੱਚੋਂ ਬਾਬਾ ਸਾਹਿਬ ਦੀਆਂ ਤਸਵੀਰਾਂ ਹਟਾ ਦਿੱਤੀਆਂ ਸਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ, ਪਰ ਕੋਈ ਅਸਰ ਨਹੀਂ ਹੋਇਆ। ਅੱਜ ਸੰਵਿਧਾਨ ਦਿਵਸ ਮੌਕੇ ਉਨ੍ਹਾਂ ਨੇ ਮੁੜ ਸਕੂਲ ਦਾ ਨਾਮ ਬਾਬਾ ਸਾਹਿਬ ਦੇ ਨਾਮ ’ਤੇ ਕਰ ਦਿੱਤਾ ਹੈ ਅਤੇ ਮੁੱਖ ਮੰਤਰੀ ਨੂੰ ਅਜਿਹੀਆਂ ਦਲਿਤ ਵਿਰੋਧੀ ਕਾਰਵਾਈਆਂ ਬੰਦ ਕਰਨ ਦੀ ਅਪੀਲ ਕੀਤੀ ਹੈ।

