ਸਿਰਸਾ ਦੀ ਦਲ ਬਦਲੀ

ਸ਼੍ਰੋਮਣੀ ਅਕਾਲੀ ਦਲ ਵਿੱਚ ਘਬਰਾਹਟ ਦਾ ਮਾਹੌਲ

ਅਕਾਲੀ ਦਲ-ਭਾਜਪਾ ਦਰਮਿਆਨ ਸਿਆਸੀ ਟਕਰਾਅ ਵਧਣ ਦੇ ਆਸਾਰ

ਸ਼੍ਰੋਮਣੀ ਅਕਾਲੀ ਦਲ ਵਿੱਚ ਘਬਰਾਹਟ ਦਾ ਮਾਹੌਲ

ਨਵੀਂ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਹਰਮੀਤ ਸਿੰਘ ਕਾਲਕਾ। ਫੋਟੋ: ਮੁਕੇਸ਼ ਅਗਰਵਾਲ

ਦਵਿੰਦਰ ਪਾਲ
ਚੰਡੀਗੜ੍ਹ, 2 ਦਸੰਬਰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਕਾਲੀ ਦਲ ਤੇ ਭਾਜਪਾ ਦਰਮਿਆਨ ਸਿਆਸੀ ਜੰਗ ਤਿੱਖੀ ਹੋਣ ਦੇ ਆਸਾਰ ਬਣ ਗਏ ਹਨ। ਭਗਵਾਂ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ ਗਤੀਵਿਧੀਆਂ ਵਧਾ ਦਿੱਤੀਆਂ ਹਨ। ਚੋਣਾਂ ਤੋਂ ਪਹਿਲਾਂ ਵਾਪਰੀ ਇਸ ਘਟਨਾ ਨੇ ਸਿਰਫ਼ ਅਕਾਲੀਆਂ ਨੂੰ ਨਹੀਂ, ਸਗੋਂ ਦੂਜੀਆਂ ਸਿਆਸੀ ਧਿਰਾਂ ਨੂੰ ਵੀ ਹੈਰਾਨ ਕੀਤਾ ਹੈ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਹੋਰਨਾਂ ਆਗੂਆਂ ਵੱਲੋਂ ਦੋਸ਼ ਲਾਏ ਜਾ ਰਹੇ ਹਨ ਕਿ ਭਾਜਪਾ ਨੇ ਸਿਰਸਾ ਦੀ ਬਾਂਹ ਮਰੋੜ ਕੇ ਦਲ ਬਦਲੀ ਕਰਵਾਈ ਹੈ, ਪਰ ਅਕਾਲੀ ਦਲ ’ਚ ਇਸ ਦਲ ਬਦਲੀ ਨਾਲ ਘਬਰਾਹਟ ਦਾ ਮਾਹੌਲ ਬਣ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਸੁਖਬੀਰ ਸਿੰਘ ਬਾਦਲ ਖਿਲਾਫ਼ ਕੋਟਕਪੂਰਾ ਗੋਲੀ ਕਾਂਡ ਤੇ ਬਿਕਰਮ ਸਿੰਘ ਮਜੀਠੀਆ ਖਿਲਾਫ਼ ਐੱਸਟੀਐੱਫ ਦੀ ਰਿਪੋਰਟ ਦੇ ਆਧਾਰ ’ਤੇ ਕਾਰਵਾਈ ਕਰਨ ਲਈ ਆਪਣੀ ਹੀ ਸਰਕਾਰ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਅਜਿਹੇ ’ਚ ਬਾਦਲ ਪਰਿਵਾਰ ਤੇ ਅਕਾਲੀਆਂ ਲਈ ਆਉਂਦੇ ਦਿਨਾਂ ਦੌਰਾਨ ਚੁਣੌਤੀਆਂ ਵਧ ਸਕਦੀਆਂ ਹਨ।

ਚੋਣਾਂ ਦਾ ਐਲਾਨ ਇੱਕ ਮਹੀਨੇ ਤੱਕ ਹੋਣ ਦੇ ਚਰਚੇ ਹਨ। ਇਨ੍ਹਾਂ ਚੋਣਾਂ ਲਈ ਅਕਾਲੀ ਦਲ ਜਿੱਥੇ ਵੱਕਾਰ ਦੀ ਲੜਾਈ ਲੜਦਾ ਦਿਖਾਈ ਦੇ ਰਿਹਾ ਹੈ, ਉਥੇ ਭਾਜਪਾ ਤੇ ‘ਆਪ’ ਵੀ ਸਿਰ ਧੜ ਦੀ ਬਾਜ਼ੀ ਲਾਉਣ ਲਈ ਤਿਆਰ ਹਨ। ਕਾਂਗਰਸ ਵੱਲੋਂ ਮੁੜ ਤੋਂ ਸੱਤਾ ਹਥਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਪੱਕੇ ਪੈਰੀਂ ਹੋਣ ਲਈ ਅਕਾਲੀ ਦਲ, ਕਾਂਗਰਸ ਅਤੇ ‘ਆਪ’ ਦੇ ਆਗੂਆਂ ’ਤੇ ਡੋਰੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਕਾਂਗਰਸ ਦੇ ਕੁਝ ਵਿਧਇਕਾਂ ਤੇ ਸਾਬਕਾ ਮੰਤਰੀਆਂ ਵੱਲੋਂ ਵੀ ਦਲ ਬਦਲੀ ਕੀਤੇ ਜਾਣ ਦੇ ਚਰਚੇ ਹਨ। ਖੁਫ਼ੀਆ ਵਿੰਗ ਦੇ ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ ਦੇ ਸਿਆਸੀ ਏਜੰਡੇ ਨੂੰ ਪੂਰਾ ਕਰਨ ਲਈ ਸੂਬੇ ਵਿੱਚ ਆਉਂਦੇ ਦਿਨਾਂ ਦੌਰਾਨ ਕੁਝ ਕੇਂਦਰੀ ਏਜੰਸੀਆਂ ਦੇ ਸਰਗਰਮ ਹੋਣ ਦੇ ਵੀ ਆਸਾਰ ਹਨ। ਇੱਕ ਸੀਨੀਅਰ ਅਕਾਲੀ ਆਗੂ ਨੇ ਦੱਸਿਆ ਕਿ ਪਾਰਟੀ ਆਗੂਆਂ ਨੂੰ ਕੇਂਦਰੀ ਏਜੰਸੀਆਂ ਦੇ ਛਾਪਿਆਂ ਪ੍ਰਤੀ ਸੁਚੇਤ ਰਹਿਣ ਸਬੰਧੀ ਪਹਿਲਾਂ ਹੀ ਚੌਕਸ ਕਰ ਦਿੱਤਾ ਗਿਆ ਹੈ। ਅਕਾਲੀ ਆਗੂਆਂ ਦਾ ਮੰਨਣਾ ਹੈ ਕਿ ਦੋਹਾਂ ਪਾਰਟੀਆਂ ਦਰਮਿਆਨ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਟਕਰਾਅ ਵਧਣ ਦੇ ਆਸਾਰ ਹਨ। ਹਾਲਾਂਕਿ ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਦੀ ਸਾਂਝ ਮੁੜ ਪੈ ਸਕਦੀ ਹੈ ਪਰ ਹੁਣ ਗੱਠਜੋੜ ਦੇ ਕੋਈ ਆਸਾਰ ਨਹੀਂ ਹਨ। ਭਾਜਪਾ ਆਗੂਆਂ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠਲੇ ਅਕਾਲੀ ਦਲ ਨਾਲ ਭਾਜਪਾ ਦੀ ਸਾਂਝ ਪੈ ਸਕਦੀ ਹੈ।

ਗੁਰਦੁਆਰਾ ਪ੍ਰਬੰਧਾਂ ’ਚ ਦਖ਼ਲ ਦੇਣ ਤੋਂ ਗੁਰੇਜ਼ ਕਰੇ ਸਰਕਾਰ: ਕਾਲਕਾ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉੁਹ ਗੁਰਦੁਆਰਾ ਪ੍ਰਬੰਧਾਂ ਵਿੱਚ ਦਖ਼ਲ ਦੇਣ ਤੋਂ ਗੁਰੇਜ਼ ਕਰੇ। ਕਮੇਟੀ ਨੇ ਐਲਾਨ ਕੀਤਾ ਕਿ ਸਰਕਾਰਾਂ ਵੱਲੋਂ ਗੁਰਦੁਆਰਾ ਪ੍ਰਬੰਧਾਂ ਵਿੱਚ ਦਖ਼ਲ ਦੇਣ ’ਤੇ ਪੰਥਕ ਸੰਸਥਾਵਾਂ ਵੱਲੋਂ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। 30 ਮੈਂਬਰਾਂ ਨਾਲ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਮਨਜਿੰਦਰ ਸਿੰਘ ਸਿਰਸਾ ਦੇ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤੇ ਅਸਤੀਫ਼ੇ ਤੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਫ਼ੈਸਲੇ ਨੂੰ ਨਿੱਜੀ ਦੱਸਿਆ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਬੰਧ ਚਲਾਉਣ ਲਈ ਉਹ ਬਣੇ ਹਾਲਾਤ ਬਾਰੇ ਕਾਨੂੰਨੀ ਸਲਾਹ ਲੈ ਰਹੇ ਹਨ ਤੇ ਮਾਹਿਰਾਂ ਦੀ ਰਾਇ ਅਨੁਸਾਰ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਸਿਰੇ ਤੋਂ ਮੈਂਬਰ ਨਾਮਜ਼ਦ ਕਰਨ ਬਾਰੇ ਸੁਆਲ ਦੇ ਜੁਆਬ ਵਿੱਚ ਕਾਲਕਾ ਨੇ ਕਿਹਾ ਕਿ ਪਾਰਟੀ ਇਸ ਮਾਮਲੇ ’ਤੇ ਵਿਚਾਰ ਕਰ ਰਹੀ ਹੈ ਤੇ ਜਲਦੀ ਹੀ ਇਸ ਬਾਰੇ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਅਦਾਲਤ ਤੱਕ ਪਹੁੰਚ ਕਰਨਗੇ ਅਤੇ ਡਾਇਰੈਕਟਰ ਗੁਰਦੁਆਰਾ ਚੋਣਾਂ ਨਾਲ ਵੀ ਰਾਬਤਾ ਕਰਨਗੇ ਤਾਂ ਕਿ ਨਵੇਂ ਚੁਣੇ ਗਏ ਮੈਂਬਰਾਂ ਦਾ ਜਨਰਲ ਹਾਊਸ ਜਲਦੀ ਸੱਦਿਆ ਜਾਵੇ ਤੇ ਨਵੀਂ ਕਾਰਜਕਾਰਨੀ ਦੀ ਚੋਣ ਕਰਵਾਈ ਜਾਵੇ। ਕਾਲਕਾ ਨੇ ਕਿਹਾ ਕਿ ਗੁਰਦੁਆਰਾ ਕਮੇਟੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ 30 ਮੈਂਬਰ ਹਨ, ਜਿਸ ਕਾਰਨ ਪਾਰਟੀ ਦੀ 51 ਮੈਂਬਰੀ ਜਨਰਲ ਹਾਊਸ ਵਿੱਚ ਬਹੁਮਤ ਹੈ।

ਦਿੱਲੀ ਕਮੇਟੀ ’ਤੇ ਕਬਜ਼ਾ ਕਰਨ ਦੀ ਸਾਜਿਸ਼: ਚੀਮਾ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਣ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ‘ਡੀਐੱਸਜੀਐੱਮਸੀ’ ਦੇ ਕਾਰਜਕਾਰੀ ਪ੍ਰਧਾਨ ਸਨ। ਉਨ੍ਹਾਂ ਕਿਹਾ ਕਿ ਸ੍ਰੀ ਸਿਰਸਾ ਦਾ ਅਸਤੀਫਾ ਕਮੇਟੀ ਦੇ ਹਾਊਸ ਜਾਂ ਕਾਰਜਕਰਨੀ ਨੇ ਪ੍ਰਵਾਨ ਕਰਨਾ ਹੈ ਜਿਸ ਦਾ ਪਾਰਟੀ ਨਾਲ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਭਾਜਪਾ ਅਤੇ ‘ਆਪ’ ਨੇ ਇੱਕ ਸਾਜਿਸ਼ ਤਹਿਤ ਡੀਐੱਸਜੀਐਮਸੀ ’ਤੇ ਅਸਿੱਧੇ ਢੰਗ ਨਾਲ ਕਬਜ਼ਾ ਕਰਨ ਲਈ ਨਵੀਂ ਕਾਰਜਕਰਨੀ ਹੋਂਦ ’ਚ ਨਹੀਂ ਆਉਣ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ 11 ਮੈਂਬਰਾਂ ’ਤੇ ਪੁਲੀਸ ਵੱਲੋਂ ਕੇਸ ਦਰਜ ਕਰਨਾ ਅਤੇ ਸਿਰਸਾ ਨੂੰ ਪੰਜਾਬੀ ਦੇ ਇਮਤਿਹਾਨ ’ਚੋਂ ਫੇਲ੍ਹ ਕਰਨਾ ਇਸੇ ਸਾਜਿਸ਼ ਦਾ ਹਿੱਸਾ ਸੀ। ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਮੈਂਬਰਾਂ ਦੀ ਕੋ-ਆਪਸ਼ਨ ਦਾ ਅਮਲ ਸਿਰੇ ਨਾ ਚੜ੍ਹਨਾ ਵੀ ਦਿੱਲੀ ਸਰਕਾਰ ਤੇ ਕੇਂਦਰ ਦੀ ਸਾਜਿਸ਼ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All