ਵਿਦਿਆਰਥੀਆਂ ਨੂੰ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਉਪਰਾਲਾ
ਨਿੱਜੀ ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਫਰਵਰੀ
ਮਾਤਾ ਸੁੰਦਰੀ ਕਾਲਜ ਫਾਰ ਵਿਮੈਨ, ਦਿੱਲੀ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ ਅਤੇ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਤਹਿਤ ਕਾਲਜ ਦੀ ‘ਉਸਤਤਿ ਡਿਵਨਿਟੀ ਸੁਸਾਇਟੀ’ ਵੱਲੋਂ ਗੁਰੂ ਨਾਨਕ ਦੇਵ ਅਤੇ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਕੀਰਤਨ ਨਾਲ ਕੀਤੀ ਗਈ। ਉਪਰੰਤ ਸੰਗੀਤ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਖ਼ਾਸ ਤੌਰ ’ਤੇ ਪੁੱਜੇ ਪ੍ਰੋ. ਅਲੰਕਾਰ ਸਿੰਘ ਨੇ ਤੰਤੀ ਸਾਜ਼ਾਂ ਨਾਲ ਮਨੋਹਰ ਕੀਰਤਨ ਕੀਤਾ। ਇਸ ਮਗਰੋਂ ਸ਼੍ਰੋਮਣੀ ਕੀਰਤਨੀਏ ਭਾਈ ਸਾਹਿਬ ਭਾਈ ਮਨੋਹਰ ਸਿੰਘ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਵਿਆਖਿਆ ਕਰਦਿਆਂ ਵਿਦਿਆਰਥੀਆਂ ਨੂੰ ਧਾਰਮਿਕਤਾ ਅਤੇ ਨਿਮਰਤਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਨ੍ਹਾਂ ਤੋਂ ਇਲਾਵਾ ਬਾਬਾ ਲੱਖਾ ਸਿੰਘ ਕਾਰ ਸੇਵਾ ਵਾਲਿਆਂ ਨੇ ਵੀ ਹਾਜ਼ਰੀ ਲਗਵਾਈ। ਕਾਲਜ ਪ੍ਰਿੰਸੀਪਲ ਪ੍ਰੋ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸੱਚਾਈ, ਦਇਆ ਅਤੇ ਨਿਰਸਵਾਰਥ ਸੇਵਾ ਦੀਆਂ ਸਦੀਵੀ ਕਦਰਾਂ-ਕੀਮਤਾਂ ਨੂੰ ਯਾਦ ਕਰਵਾਇਆ। ਉਨ੍ਹਾਂ ਨੇ ਸਾਰਿਆਂ ਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਇਸ ਮੌਕੇ ਗਤਕਾ ਪ੍ਰਦਰਸ਼ਨ ਦਾ ਵਿਸ਼ੇਸ਼ ਉਪਰਾਲਾ ਸੰਗਤਾਂ ਦੀ ਖਿੱਚ ਦਾ ਕੇਂਦਰ ਬਣਿਆ। ਇਸ ਸਮਾਗਮ ਵਿੱਚ ਪ੍ਰੋ. ਰਵੇਲ ਸਿੰਘ (ਕਨਵੀਨਰ, ਪੰਜਾਬੀ ਸਲਾਹਕਾਰ ਬੋਰਡ, ਸਾਹਿਤ ਅਕਾਦਮੀ, ਸੱਭਿਆਚਾਰਕ ਮੰਤਰਾਲਕ) ਅਤੇ ਪ੍ਰਿਤਪਾਲ ਸਿੰਘ ਸਾਹਨੀ ਨੇ ਖ਼ਾਸ ਮਹਿਮਾਨਾਂ ਵਜੋਂ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੀ ਕਨਵੀਨਰ, ਡਾ. ਗੁਰਵਿੰਦਰ ਕੌਰ, ਕੋ-ਕਨਵੀਨਰ ਪ੍ਰੋ. ਸਪਨਾ ਧਾਲੀਵਾਲ, ਵਿਦਿਆਰਥੀ ਪ੍ਰਧਾਨ ਗੁਰਲੀਨ ਕੌਰ ਅਤੇ ਮੀਤ ਪ੍ਰਧਾਨ ਪਲਕ ਮਿਗਲਾਨੀ ਕੌਰ ਹਾਜ਼ਰ ਸਨ।