ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਅਫ਼ਗਾਨਿਸਤਾਨ ਵਿਚ ਫਸੇ ਹੋਏ ਸਿੱਖ ਤੇ ਹਿੰਦੂ ਭਾਈਚਾਰੇ ਦੇ ਮੈਂਬਰਾਂ ਨੂੰ ਵੀਜ਼ਾ ਪ੍ਰਦਾਨ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਗੜਬੜੀ ਗ੍ਰਸਤ ਮੁਲਕ ਵਿਚੋਂ ਸੁਰੱਖਿਅਤਾ ਬਾਹਰ ਕੱਢਿਆ ਜਾ ਸਕੇ। ਸਿਰਸਾ ਨੇ ਦੱਸਿਆ ਕਿ ਅਫਗਾਨਿਸਤਾਨ ਵਿਚ ਤਾਜ਼ਾ ਹਿੰਸਾ ਵਿਚ ਨੰਗਰਹਰ ਮਸਜਿਦ ਵਿਚ ਅੱਜ ਇਕ ਜ਼ਬਰਦਸਤ ਬੰਬ ਧਮਾਕਾ ਹੋਇਆ ਹੈ ਜਿਸ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 20 ਹੋਰ ਫੱਟੜ ਹੋ ਗਏ ਹਨ। ਉਨ੍ਹਾਂ ਦੱਸਿਆ ਕਿਉਨ੍ਹਾਂ ਨੂੰ ਰੋਜ਼ਾਨਾ ਵੱਡੀ ਗਿਣਤੀ ਵਿਚ ਅਫਗਾਨਿਸਤਾਨ ਤੋਂ ਹਿੰਦੂ ਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਦੇ ਫੋਨ ਆ ਰਹੇ ਹਨ ਜੋ ਚਾਹੁੰਦੇ ਹਨ ਕਿਉਨ੍ਹਾਂ ਨੂੰ ਉਥੋਂ ਸੁਰੱਖਿਆ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਸਰਕਾਰ ਪਹਿਲਾਂ ਵੀ ਵੱਡੀ ਗਿਣਤੀ ਵਿਚ ਹਿੰਦੂ ਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਉਥੋਂ ਕੱਢ ਚੁੱਕੀ ਹੈ ਪਰ ਜੋ ਬਾਕੀ ਰਹਿੰਦੇ ਲੋਕ ਹਨ ਜੋ ਉਥੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀਜ਼ਾ ਪ੍ਰਦਾਨ ਕਰਨਾ ਚਾਹੀਦਾ ਹੈ ਤੇ ਇਹ ਪ੍ਰਕਿਰਿਆ ਤੇਜ਼ੀ ਨਾਲ ਚਲਾਉਣੀ ਚਾਹੀਦੀ ਹੈ ਤਾਂ ਜੋ ਵੱਧ ਤੋਂ ਵੱਧ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਉੱਥੇ ਰੋਜ਼ਾਨਾ ਵਾਪਰ ਰਹੀ ਹਿੰਸਾ ਵਿਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਦੀਆਂ ਮੌਤਾਂ ਹੋ ਰਹੀਆਂ ਹਨ।