ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਫ਼ਰਵਰੀ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਬੰਨੀ ਜੋਲੀ ਨੇ ਫ਼ਰਵਰੀ 1921 ਵਿਚ ਹੋਏ ਨਨਕਾਣਾ ਸਾਹਿਬ ਦੇ ਸਾਕੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਨਕਾਣਾ ਸਾਹਿਬ ਦਾ ਸਾਕਾ ਸਾਨੂੰ ਗੁਰਦੁਆਰਾ ਪ੍ਰਬੰਧ ਸੰਭਾਲੀ ਬੈਠੇ ਬਾਦਲ ਪਰਿਵਾਰ ਦੇ ਭ੍ਰਿਸ਼ਟ ਕਬਜ਼ੇ ਤੋਂ ਆਜ਼ਾਦ ਕਰਵਾਉਣ ਲਈ ਇੱਕ ਸੁਨਹਿਰਾ ਮੌਕਾ ਦਿੰਦਾ ਹੈ। ਪੰਥਕ ਆਗੂ ਨੇ ਕਿਹਾ ਕਿ ਸਾਨੂੰ ਉਨ੍ਹਾਂ ਮਹਾਨ ਗੁਰਸਿੱਖਾਂ ਨੂੰ ਜਵਾਬ ਦੇਣਾ ਹੋਵੇਗਾ ਜਿਨ੍ਹਾਂ ਨੇ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤ ਨਾਰਾਇਣੂ ਦੇ ਕਬਜ਼ੇ ਤੋਂ ਆਜ਼ਾਦ ਕਰਾਉਣ ਲਈ ਆਪਣੀ ਸ਼ਹਾਦਤ ਦਿੱਤੀ ਸੀ। ਇੱਕ ਸਦੀ ਬਾਅਦ ਅਸੀਂ ਦੇਖਦੇ ਹਾਂ ਕਿ ਕਿਵੇਂ ਸਿੱਖਾਂ ਨੇ ਬਹਾਦਰੀ ਨਾਲ ਮਹੰਤਾਂ ਦੇ ਗੁੰਡਿਆਂ ਦਾ ਸਾਹਮਣਾ ਕੀਤਾ ਅਤੇ ਆਪਣੇ ਦਮ ’ਤੇ ਗੋਡੇ ਟੇਕਣ ਲਈ ਮਜਬੂਰ ਕੀਤਾ ਸੀ। ਉਨ੍ਹਾਂ ਬਾਦਲ ਦਲ ਐੱਸਜੀਪੀਸੀ ਅਤੇ ਜੱਥੇਦਾਰਾਂ ਨੂੰ ਲੰਮੇ ਸਮੇਂ ਤੋਂ ਲਟਕ ਰਹੀਆਂ ਚੋਣਾਂ ਕਰਵਾ ਕੇ ਵੋਟਰਾਂ ਦਾ ਸਾਹਮਣਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੱਥੇਦਾਰ ਉਸ ਪਰਿਵਾਰ ਨੂੰ ਚੋਣਾਂ ਦੀ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰਨ ਦਾ ਆਦੇਸ਼ ਦੇਣ ਅਤੇ ਗੁਰੂ ਦੀ ਸੰਗਤ ਨੂੰ ਇਹ ਫ਼ੈਸਲਾ ਕਰਨ ਦੇਣ ਕਿ ਗੁਰਦੁਆਰਾ ਪ੍ਰਬੰਧ ਦੀ ਕਮਾਨ ਕੌਣ ਸੰਭਾਲੇਗਾ। ਉਨ੍ਹਾਂ ਅੱਗੇ ਕਿਹਾ ਕਿ ਮਹੰਤ ਨਰਾਇਣੂ ਵਾਂਗ ਬਾਦਲਾਂ ਨੇ ਵੀ ਗੁਰਦੁਆਰਾ ਪ੍ਰਬੰਧ ਨੂੰ ਨਿੱਜੀ ਜਗੀਰ ਵਾਂਗ ਆਪਣੇ ਅਧੀਨ ਰੱਖਿਆ ਹੋਇਆ ਹੈ। ਇਸ ਮੌਕੇ ਉਨ੍ਹਾਂ ਬਾਦਲ ਪਰਿਵਾਰ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਦੀ ਅਪੀਲ ਕੀਤੀ।