ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਮਈ
ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕੰਵਲਪ੍ਰੀਤ ਸਿੰਘ ਪੰਨੂ ਨੇ ਸਿੰਘੂ ਬਾਰਡਰ ’ਤੇ ਪਹੁੰਚੇ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ 32 ਕਿਸਾਨ ਜਥੇਬੰਦੀਆਂ ਦੇ ਫੈਸਲੇ ਤੋਂ ਜਾਣੂ ਕਰਵਾ ਕੇ ਇਨ੍ਹਾਂ ਨੂੰ ਲਾਗੂ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ 32 ਕਿਸਾਨ ਜਥੇਬੰਦੀਆਂ ਦੇ ਫੈਸਲੇ ਮੁਤਾਬਿਕ ਸਾਰੀਆਂ ਜਥੇਬੰਦੀਆਂ ਆਪਣੇ ਵਿਤ ਮੁਤਾਬਿਕ ਪੂਰਾ ਜ਼ੋਰ ਲਗਾ ਕੇ ਕੁੰਡਲੀ ਅਤੇ ਟਿੱਕਰੀ ਬਾਡਰ ’ਤੇ ਵੱਡੇ ਵੱਡੇ ਜਥੇ ਲੈ ਕੇ ਪਹੁੰਚਣ। 26 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪਿੰਡਾਂ ਵਿੱਚ ਵੱਡੇ-ਵੱਡੇ ਇਕੱਠ ਕਰਕੇ ਕਾਲੇ ਝੰਡੇ ਲਗਾ ਕੇ ਕਾਲਾ ਦਿਵਸ ਮਨਾਉਂਦੇ ਹੋਏ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਦੀ ਅਗਵਾਈ ਹੇਠ ਕਿਸਾਨ ਵੱਡੇ ਕਾਫਲੇ ਬਣਾ ਕੇ 28 ਮਈ ਤੋਂ 30 ਮਈ ਤੱਕ ਦਿੱਲੀ ਬਾਰਡਰਾਂ ਵੱਲ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਤਿੰਨ ਕਾਲੇ ਕਾਨੂੰਨ ਮੋਦੀ ਸਰਕਾਰ ਰੱਦ ਨਹੀਂ ਕਰਦੀ, ਪਰਾਲੀ ਸਾੜਨ ਵਾਲਾ ਕਾਨੂੰਨ, ਬਿਜਲੀ ਸੋਧ ਬਿੱਲ 2020 ਰੱਦ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਪੰਜਾਬ ਤੋਂ ਨੌਜਵਾਨਾਂ ਦੇ ਜਥੇ ਟਿਕਰੀ ਪੁੱਜੇ
ਨਵੀਂ ਦਿੱਲੀ (ਪੱਤਰ ਪ੍ਰੇਰਕ): ਪੰਜਾਬ ਤੋਂ ਕਿਸਾਨਾਂ ਦੇ ਜੱਥੇ ਦਿੱਲੀ ਮੋਰਚਿਆਂ ਉਪਰ ਪੁੱਜਣੇ ਜਾਰੀ ਹਨ। ਟਿਕਰੀ ਵਿੱਚ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜੱਥੇ ਦਾ ਸਵਾਗਤ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕੀਤਾ। ਸ੍ਰੀ ਬੁਰਜ਼ਗਿੱਲ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਰਾਜਾਂ ਨੂੰ ਵੱਡਾ ਨੁਕਸਾਨ ਹੋਵੇਗਾ। ਰਾਜ ਮੰਡੀ ਬੋਰਡਾਂ ਨੂੰ ਹੋਣ ਵਾਲੀ ਆਮਦਨ ਘਟਣ ਕਰਕੇ ਲਿੰਕ ਸੜਕਾਂ, ਖੇਤੀ ਖੋਜ ਅਤੇ ਸਮੁੱਚੇ ਪੇਂਡੂ ਵਿਕਾਸ ’ਤੇ ਗਹਿਰੀ ਸੱਟ ਵੱਜੇਗੀ। ਇਸ ਨਾਲ ਕਿਸਾਨੀ ਦਾ ਵਿਨਾਸ਼ ਹੀ ਨਹੀਂ, ਦੇਸ਼ ਦੇ ਸੰਘੀ ਢਾਂਚੇ ਦੀ ਸੰਘੀ ਵੀ ਘੁੱਟੀ ਜਾਵੇਗੀ। ਭਾਰਤੀ ਖੇਤੀ ਉਪਰ ਬਹੁ-ਕੌਮੀ ਕਾਰਪੋਰੇਸ਼ਨਾਂ ਦੀ ਜਕੜ ਹੋਵੇਗੀ। ਸੋ ਅੱਜ ਅਹਿਮ ਲੋੜ ਹੈ ਕਿ ਇਨ੍ਹਾਂ ਐਕਟਾਂ ਦੇ ਦੂਰ-ਅੰਦੇਸ਼ੀ ਪ੍ਰਭਾਵਾਂ ਉੱਪਰ ਵਿਚਾਰ ਕਰਕੇ ਇਨ੍ਹਾਂ ਐਕਟਾਂ ਨੂੰ ਖਤਮ ਕੀਤਾ ਜਾਵੇ ਤਾਂ ਕਿ ਖੇਤੀ ਨੂੰ ਕਾਰਪੋਰੇਟਾਂ ਦੇ ਕੰਟਰੋਲ ਤੋਂ ਬਚਾਇਆ ਜਾ ਸਕੇ।