ਪੁਲੀਸ ਮੁਕਾਬਲੇ ’ਚ ਹਥਿਆਰ ਤਸਕਰ ਜ਼ਖ਼ਮੀ
ਦੱਖਣੀ ਦਿੱਲੀ ਦੇ ਮਹਿਰੌਲੀ ਖੇਤਰ ਵਿੱਚ ਪੁਲੀਸ ਮੁਕਾਬਲੇ ’ਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀ ਜ਼ਖਮੀ ਹੋ ਗਿਆ। ਮੁਲਜ਼ਮ ਦੀ ਪਛਾਣ ਕਨਿਸ਼ਕ ਉਰਫ਼ ਕੋਕੂ ਵਾਸੀ ਮਦਨਗੀਰ ਵਜੋਂ ਹੋਈ ਹੈ। ਪੁਲੀਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਇਲਾਜ ਲਈ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਅਨੁਸਾਰ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਵਿੱਚ ਮੁਲਜ਼ਮ ਦੀ ਅਪਰਾਧਕ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਟੀਮ ਨੇ ਲਾਡੋ ਸਰਾਏ ਸ਼ਮਸ਼ਾਨ ਘਾਟ ਰੋਡ ਨੇੜੇ ਨਾਕਾਬੰਦੀ ਕੀਤੀ। ਉਨ੍ਹਾਂ ਕਿਹਾ ਕਿ ਸ਼ੱਕੀ ਸਵੇਰੇ 3:15 ਵਜੇ ਦੇ ਕਰੀਬ ਮੌਕੇ ’ਤੇ ਪਹੁੰਚਿਆ ਅਤੇ ਜਦੋਂ ਉਸ ਨੂੰ ਰੋਕਿਆ ਗਿਆ ਤਾਂ ਉਸ ਨੇ ਪੁਲੀਸ ਟੀਮ ’ਤੇ ਗੋਲੀਬਾਰੀ ਕਰ ਦਿੱਤੀ। ਇੱਕ ਅਧਿਕਾਰੀ ਨੇ ਦੱਸਿਆ ਕਿ ਟੀਮ ਨੇ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ। ਦਿੱਲੀ ਦੇ ਮਦਨਗੀਰ ਦੇ ਰਹਿਣ ਵਾਲੇ ਕਨਿਸ਼ਕ ਉਰਫ਼ ਕੋਕੂ ਉਰਫ਼ ਵਿਸ਼ਾਲ (27) ਵਿਰੁੱਧ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਉਸ ਤੋਂ ਦੋ ਪਿਸਤੌਲ, ਮੈਗਜ਼ੀਨ ਅਤੇ ਚਾਰ ਖਾਲੀ ਕਾਰਤੂਸ ਬਰਾਮਦ ਕੀਤੇ ਹਨ। ਅਧਿਕਾਰੀਆਂ ਨੇ ਕਿਹਾ ਕਿ ਹਥਿਆਰਾਂ ਦੇ ਸਰੋਤ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਉਸ ਦੇ ਸਾਥੀਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
