ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਫਰਵਰੀ
ਪੱਛਮੀ ਦਿੱਲੀ ਦੇ ਤਿਲਕ ਨਗਰ ‘ਚ ਇਕ 87 ਸਾਲਾ ਔਰਤ ਨਾਲ ਉਸ ਦੇ ਘਰ ਵਿੱਚ ਦਾਖਲ ਹੋ ਕੇ ਬਲਾਤਕਾਰ ਕਰਨ ਦੇ ਦੋਸ਼ ਹੇਠ ਇਕ ‘ਸਵੀਪਰ’ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਘਟਨਾ ਐਤਵਾਰ ਰਾਤ ਨੂੰ ਵਾਪਰੀ ਜਦੋਂ ਮਹਿਲਾ ਦੀ ਧੀ ਆਪਣੇ ਇਕ ਦੋਸਤ ਨੂੰ ਮਿਲਣ ਗਈ ਸੀ। ਦਿੱਲੀ ਪੁਲੀਸ ਨੇ ਕਿਹਾ ਕਿ ਤਿਲਕ ਨਗਰ ਵਿੱਚ ਬਿਰਧ ਔਰਤ ਦੇ ਜਿਣਸੀ ਸ਼ੋਸ਼ਣ ਦੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਨੂੰ 16 ਘੰਟਿਆਂ ਦੇ ਅੰਦਰ ਕਾਬੂ ਕੀਤਾ ਗਿਆ ਹੈ। ਪੀੜਤ ਦਾ ਮੋਬਾਈਲ ਫੋਨ ਵੀ ਮੁਲਜ਼ਮ ਤੋਂ ਬਰਾਮਦ ਕੀਤਾ ਗਿਆ ਹੈ। ਮੁਲਜ਼ਮ ਨੇੜਲੇ ਇਲਾਕੇ ਵਿੱਚ ਰਹਿੰਦਾ ਹੈ ਤੇ ਇੱਕ ਸਵੀਪਰ ਵਜੋਂ ਕੰਮ ਕਰਦਾ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਈ। ਪੁਲੀਸ ਅਨੁਸਾਰ ਭਾਰਤੀ ਦੰਡਾਵਲੀ ਦੀ ਧਾਰਾ 380, 323 ਤੇ 376 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬਿਰਧ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਸੀ ਕਿ ਪੁਲੀਸ ਨੇ ਕਾਰਵਾਈ ਕਰਨ ਵਿੱਚ ਦੇਰੀ ਕੀਤੀ ਤੇ ਉਨ੍ਹਾਂ ਦੀ ਸ਼ਿਕਾਇਤ ਨਹੀਂ ਲਈ। ਪੁਲੀਸ ਅਧਿਕਾਰੀਆਂ ਨੇ ਇਸ ਦੋਸ਼ ਤੋਂ ਇਨਕਾਰ ਕੀਤਾ। ਪੁਲੀਸ ਨੇ ਕਿਹਾ ਸੀ ਕਿ ਐਤਵਾਰ ਰਾਤ ਨੂੰ ਚੋਰੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ ਤੇ ਤਿਲਕ ਨਗਰ ਪੁਲੀਸ ਸਟੇਸ਼ਨ ਵਿੱਚ ਇਸ ਦੇ ਆਧਾਰ ’ਤੇ ਤੁਰੰਤ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਬਿਰਧ ਨੇ ਜਦੋਂ ਉਸ ਨੂੰ ਦੇਖਿਆ ਤੇ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਗੈਸ ਏਜੰਸੀ ਲਈ ਕੰਮ ਕਰਦਾ ਹੈ ਤੇ ਉਸ ਨੂੰ ਕਿਸੇ ਕੰਮ ਲਈ ਘਰ ਬੁਲਾਇਆ ਗਿਆ ਸੀ। ਉਸ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਜਿਣਸੀ ਸ਼ੋਸ਼ਣ ਕੀਤਾ ਗਿਆ ਤੇ ਉਸ ਦਾ ਮੋਬਾਈਲ ਫੋਨ ਚੋਰੀ ਕਰ ਲਿਆ।
ਕਾਲਕਾ ਵੱਲੋਂ ਮੁੱਖ ਮੰਤਰੀ ਕੇਜਰੀਵਾਲ ਦੀ ਨਿਖੇਧੀ
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਐਤਵਾਰ ਨੂੰ ਤਿਲਕ ਨਗਰ ਇਲਾਕੇ ਵਿੱਚ ਅਣਪਛਾਤੇ ਵਿਅਕਤੀ ਵੱਲੋਂ ਬਲਾਤਕਾਰ ਦਾ ਸ਼ਿਕਾਰ ਹੋਈ ਬਿਰਧ ਔਰਤ ਲਈ ਹਮਦਰਦੀ ਨਾ ਪ੍ਰਗਟਾਉਣ ’ਤੇ ਆਲੋਚਨਾ ਕੀਤੀ । ਉਨ੍ਹਾਂ ਕਿਹਾ ਕਿ ਪੁਲੀਸ ਨੇ ਔਰਤ ਦੀ ਧੀ ਨੂੰ ਬਲਾਤਕਾਰ ਦੀ ਬਜਾਏ ਚੋਰੀ ਦਾ ਮਾਮਲਾ ਦਰਜ ਕਰਨ ਲਈ ਕਿਹਾ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਪੁਲੀਸ ਨੇ ਕਾਰਵਾਈ ਵਿੱਚ ਦੇਰੀ ਕੀਤੀ ਅਤੇ 60 ਘੰਟੇ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀ ਬਲਾਤਕਾਰ ਅਤੇ ਕੁੱਟਮਾਰ ਦੀ ਸ਼ਿਕਾਇਤ ਦਰਜ ਨਹੀਂ ਕੀਤੀ। ਇਹ ਜਾਣ ਕੇ ਹੈਰਾਨੀ ਹੁੰਦੀ ਹੈ ਕਿ ਹਲਕੇ ਦੇ ਨਗਰ ਕੌਂਸਲਰ, ਵਿਧਾਇਕ, ਮੁੱਖ ਮੰਤਰੀ ਆਮ ਆਦਮੀ ਪਾਰਟੀ ਤੋਂ ਹਨ ਅਤੇ ਇਹ ਲੋਕ ਆਮ ਆਦਮੀ ਦੇ ਹਿਤੈਸ਼ੀ ਹੋਣ ਦਾ ਦਾਅਵਾ ਤਾਂ ਕਰਦੇ ਹਨ ਪਰ ਸੱਚਾਈ ਇਹ ਹੈ ਕਿ ਆਮ ਆਦਮੀ ਪਾਰਟੀ ਔਰਤਾਂ ਵਿਰੁੱਧ ਅਜਿਹਿਆਂ ਘਟਨਾਵਾਂ ਪ੍ਰਤੀ ਅਸੰਵੇਦਨਸ਼ੀਲ ਹੈ। ਸ੍ਰੀ ਕਾਲਕਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਉਹ ਇਸ ਮਾਮਲੇ ਪ੍ਰਤੀ ਗੰਭੀਰਤਾ ਨਹੀਂ ਦਿਖਾ ਰਹੇ ਜਦੋਂ ਕਿ ਇਸ ਮਾਮਲੇ ਪ੍ਰਤੀ ਸੰਵੇਦਨਸ਼ੀਲ ਹੋਣਾ ਉਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਕੇਜਰੀਵਾਲ ਆਮ ਜਨਤਾ ਨੂੰ ਮੂਰਖ ਬਣਾ ਕੇ ਪੰਜਾਬ ਚੋਣਾਂ ਵਿੱਚ ਆਪਣਾ ਦਿੱਲੀ ਮਾਡਲ ਵੇਚ ਰਿਹਾ ਹੈ ਕਿ ਦਿੱਲੀ ਵਿੱਚ ਔਰਤਾਂ ਸੁਰੱਖਿਅਤ ਹਨ ਅਤੇ ਤਰੱਕੀ ਕਰ ਰਹੀਆਂ ਹਨ ਜਦਕਿ ਅਸਲੀਅਤ ਇਹ ਹੈ ਕਿ ਕੇਜਰੀਵਾਲ ਹੁਣ ਤਕ ਨਾ ਤਾਂ ਪਰਿਵਾਰ ਕੋਲ ਗਏ ਹਨ ਅਤੇ ਨਾ ਹੀ ਸੰਵੇਦਨਾ ਦਾ ਇੱਕ ਸ਼ਬਦ ਬੋਲਿਆ ਹੈ। ਉਸ ਦਾ ਦਿੱਲੀ ਮਾਡਲ ਪੂਰੀ ਤਰ੍ਹਾਂ ਫਰਜ਼ੀ ਹੈ।