ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਕਸ਼ਮੀ ਯੋਜਨਾ ’ਤੇ ਦਿੱਲੀ ਸਰਕਾਰ ਨੂੰ ਘੇਰਦਿਆਂ ਆਰ ਐੱਸ ਐੱਸ ਮੁਖੀ ਮੋਹਨ ਭਾਗਵਤ ਦੇ ਬਿਆਨਾਂ ਦਾ ਹਵਾਲਾ ਦਿੱਤਾ। ਇਸ ਯੋਜਨਾ ਵਿੱਚ ਤਿੰਨ ਤੋਂ ਵੱਧ ਬੱਚਿਆਂ ਵਾਲੀਆਂ ਔਰਤਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਕੇਜਰੀਵਾਲ ਨੇ ਕਿਹਾ ਕਿ ਇਸ ਯੋਜਨਾ ਦੀਆਂ ਸ਼ਰਤਾਂ ਨਾਲ ਹਿੰਦੂਆਂ ਵਿੱਚ ਭਰਮ ਪੈਦਾ ਹੋ ਗਿਆ ਹੈ, ਕਿਉਂ ਕਿ ਭਾਗਵਤ ਨੇ ਹਿੰਦੂ ਵਰਗ ਨੂੰ ਤਿੰਨ ਤੋਂ ਜ਼ਿਆਦਾ ਬੱਚੇ ਪੈਦਾ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਹੇਠ ਦਿੱਲੀ ਕੈਬਨਿਟ ਨੇ ਮੰਗਲਵਾਰ ਨੂੰ ਲਕਸ਼ਮੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਜਿਸ ਤਹਿਤ ਯੋਗ ਔਰਤਾਂ ਨੂੰ 2,500 ਰੁਪਏ ਦੀ ਮਾਸਿਕ ਵਿੱਤੀ ਸਹਾਇਤਾ ਮਿਲੇਗੀ। ਯੋਜਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਨ੍ਹਾਂ ਔਰਤਾਂ ਦੇ ਤਿੰਨ ਤੋਂ ਵੱਧ ਬੱਚੇ ਹਨ, ਉਹ ਵਿੱਤੀ ਸਹਾਇਤਾ ਲਈ ਅਰਜ਼ੀ ਨਹੀਂ ਦੇ ਸਕਦੀਆਂ। ਕੇਜਰੀਵਾਲ ਨੇ ਐਕਸ ’ਤੇ ਪੋਸਟ ਵਿੱਚ ਕਿਹਾ, ‘‘ਮੋਹਨ ਭਾਗਵਤ ਕਹਿ ਰਹੇ ਹਨ ਕਿ ਹਰ ਹਿੰਦੂ ਦੇ ਵੱਧ ਤੋਂ ਵੱਧ ਬੱਚੇ ਹੋਣੇ ਚਾਹੀਦੇ ਹਨ ਅਤੇ ਰੇਖਾ ਗੁਪਤਾ ਕਹਿ ਰਹੀ ਹੈ ਕਿ ਜੇ ਤੁਹਾਡੇ ਤਿੰਨ ਤੋਂ ਵੱਧ ਬੱਚੇ ਹਨ ਤਾਂ ਤੁਹਾਨੂੰ ਦਿੱਲੀ ਲਕਸ਼ਮੀ ਯੋਜਨਾ ਤਹਿਤ ਲਾਭ ਨਹੀਂ ਮਿਲੇਗਾ।
ਲਕਸ਼ਮੀ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ
ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰਾਂ ਕਮਲਜੀਤ ਸਹਿਰਾਵਤ ਅਤੇ ਬਾਂਸੁਰੀ ਸਵਰਾਜ ਨੇ ਅੱਜ ਦਿੱਲੀ ਦੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਹਰ ਮਹੀਨੇ 2,500 ਰੁਪਏ ਦੀ ਵਿੱਤੀ ਸਹਾਇਤਾ ਮਿਲ ਸਕੇ। ਨਵੀਂ ਦਿੱਲੀ ਤੋਂ ਸੰਸਦ ਮੈਂਬਰ ਬਾਂਸੁਰੀ ਸਵਰਾਜ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਇਸ ਯੋਜਨਾ ਨਾਲ ਕਰੀਬ 17 ਲੱਖ ਔਰਤਾਂ ਨੂੰ ਲਾਭ ਮਿਲੇਗਾ ਅਤੇ ਇਸ ਦੀ ਸ਼ੁਰੂਆਤ ਪਹਿਲੀ ਅਗਸਤ ਤੋਂ ਹੋਵੇਗੀ। ਮੁੱਖ ਮੰਤਰੀ ਰੇਖਾ ਗੁਪਤਾ ਦੀ ਪ੍ਰਧਾਨਗੀ ਹੇਠ ਦਿੱਲੀ ਮੰਤਰੀ ਮੰਡਲ ਨੇ ਕੱਲ੍ਹ ਇਸ ਯੋਜਨਾ ਨੂੰ ਮਨਜ਼ੂਰੀ ਦਿੱਤੀ ਸੀ। ਇਸ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 2,500 ਰੁਪਏ ਦਿੱਤੇ ਜਾਣਗੇ। ਇਹ ਯੋਜਨਾ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦਾ ਚੋਣੀ ਵਾਅਦਾ ਸੀ। ਪੱਛਮੀ ਦਿੱਲੀ ਤੋਂ ਸੰਸਦ ਮੈਂਬਰ ਕਮਲਜੀਤ ਸਹਿਰਾਵਤ ਨੇ ਕਿਹਾ ਕਿ ਭਾਜਪਾ ਆਪਣੇ ਚੋਣੀ ਮੈਨੀਫੈਸਟੋ ਵਿੱਚ ਕੀਤੇ ਗਏ ਸਾਰੇ ਵਾਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। -ਪੀਟੀਆਈ

