ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਜਨਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਹਾਊਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੇ ਮਾਮਲੇ ਵਿੱਚ ਅੱਜ ਪਸ਼ਚਾਤਾਪ ਵਜੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ ਅੱਜ ਪਾਏ ਗਏ। ਇਸ ਮੌਕੇ ਸਮਾਗਮ ਵਿੱਚ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਕਮੇਟੀ ਦੀ ਕਾਰਜਕਾਰਨੀ ਦੀ ਟੀਮ ਤੇ ਹੋਰ ਮੈਂਬਰ ਵੀ ਹਾਜ਼ਰ ਸਨ। ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਬੇਸ਼ੱਕ ਜਨਰਲ ਹਾਊਸ ਵਿੱਚ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ’ਚ ਮੰਦੀ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਹੁੱਲੜਬਾਜ਼ੀ ਕੀਤੀ ਤੇ ਗੁਰੂ ਸਾਹਿਬ ਦਾ ਅਪਮਾਨ ਕੀਤਾ ਪਰ ਪ੍ਰਬੰਧਕ ਹੋਣ ਦੇ ਨਾਤੇ ਸ੍ਰੀ ਅਖੰਡ ਪਾਠ ਰਖਵਾਏ ਗਏ ਜਿਨ੍ਹਾਂ ਦੇ ਅੱਜ ਭੋਗ ਪਾਏ ਗਏ। ਉਨ੍ਹਾਂ ਕਿਹਾ ਕਿ ਜਿਸ ਅਸਥਾਨ ’ਤੇ ਗੁਰੂ ਸਾਹਿਬ ਆਪ ਬਿਰਾਜਮਾਨ ਹੋਣ, ਉਸ ਅਸਥਾਨ ’ਤੇ ਗੁਰੂ ਸਾਹਿਬ ਪ੍ਰਤੀ ਸੱਚੀ ਸੇਵਾ ਭਾਵਨਾ ਤੇ ਸ਼ਰਧਾ ਰੱਖਣੀ ਸਾਡੀ ਮੁੱਢਲੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਲੋਕਾਂ ਨੇ ਆਪਣਾ ਫਰਜ਼ ਪਛਾਣਨ ਤੋਂ ਇਨਕਾਰ ਕੀਤਾ ਤੇ ਗੁਰੂ ਸਾਹਿਬ ਦੀ ਹਾਜ਼ਰੀ ਵਿੱਚ ਬੇਹੱਦ ਘਟੀਆ ਤੇ ਮੰਦਭਾਗੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਿਸ ਨਾਲ ਸਮੁੱਚੇ ਕੌਮ ਦੇ ਹਿਰਦੇ ਵਲੂੰਧਰੇ ਗਏ। ਉਨ੍ਹਾਂ ਕਿਹਾ ਕਿ ਰਾਜਨੀਤਕ ਮਤਭੇਦ ਵੱਖਰੇ ਹੋ ਸਕਦੇ ਹਨ ਪਰ ਗੁਰੂ ਸਾਹਿਬ ਦੀ ਹਾਜ਼ਰੀ ਵਿੱਚ ਗੁਰੂ ਦੇ ਦਰਸਾਏ ਰਾਹ ’ਤੇ ਚੱਲਣਾ ਸਾਡਾ ਸਭ ਦਾ ਫਰਜ਼ ਬਣਦਾ ਹੈ।