ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਅਕਤੂਬਰ
ਦਿੱਲੀ ਸਰਕਾਰ ਅਧੀਨ ਕੰਮ ਕਰਦੇ ਆਸ਼ਾ ਵਰਕਰਾਂ ਵੱਲੋਂ ਮਾਣ ਭੱਤੇ ’ਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਅੱਜ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁੱਜੀਆਂ ਆਸ਼ਾ ਵਰਕਰਾਂ ਨੇ ਦਿੱਲੀ ਪੁਲੀਸ ਦੀਆਂ ਰੋਕਾਂ ਤੋੜ ਦਿੱਤੀਆਂ ਤੇ ਕੇਜਰੀਵਾਲ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਪ੍ਰਦਰਸ਼ਨ ਦਿੱਲੀ ਦੇ ਭਾਜਪਾ ਆਗੂਆਂ ਦੀ ਅਗਵਾਈ ਹੇਠ ਸਿਵਲ ਲਾਈਨਜ਼ ਇਲਾਕੇ ਵਿੱਚ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਸਰਕਾਰ ’ਤੇ ਨਿਸ਼ਾਨਾ ਸੇਧਿਆ। ਭਾਰਤੀ ਜਨਤਾ ਪਾਰਟੀ ਦੇ ਸੂਬਾਈ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਰਾਜਧਾਨੀ ਦਿੱਲੀ ਲਈ ਇਸ ਤੋਂ ਦੁਖਦਾਈ ਗੱਲ ਹੋਰ ਕੀ ਹੋ ਸਕਦੀ ਹੈ ਕਿ ਆਸ਼ਾ ਵਰਕਰ ਜੋ ਦਿੱਲੀ ਨੂੰ ਤੰਦਰੁਸਤ ਰੱਖਦੇ ਹਨ। ਅੱਜ ਆਪਣੇ ਅਧਿਕਾਰਾਂ ਦੀ ਮੰਗ ਕਰਦੇ ਹੋਏ ਸੜਕਾਂ ’ਤੇ ਹਨ। ਰਾਮਵੀਰ ਸਿੰਘ ਬਿਧੂੜੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਸਾਲ 2018 ਵਿੱਚ ਦਿੱਲੀ ਵਿੱਚ ਆਸ਼ਾ ਵਰਕਰਾਂ ਨੂੰ ਕੇਂਦਰ ਸਰਕਾਰ ਵੱਲੋਂ ਅਦਾ ਕੀਤੀ ਗਈ ਰਾਸ਼ੀ ਵੀ ਨਹੀਂ ਵੰਡੀ। ਸਾਲ 2018 ਤੋਂ ਬਾਅਦ ਦਿੱਲੀ ਦੀਆਂ ਆਸ਼ਾ ਵਰਕਰਾਂ ਦੇ ਮਾਣ ਭੱਤੇ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਇਨ੍ਹਾਂ ਆਸ਼ਾ ਵਰਕਰਾਂ ਨੂੰ 10 ਹਜ਼ਾਰ ਤੇ 1000 ਹਜ਼ਾਰ ਰੁਪਏ ਮਾਣ ਭੱਤੇ ਵਜੋਂ ਦਿੱਤੇ ਸਨ ਪਰ ਦਿੱਲੀ ਸਰਕਾਰ ਨੇ ਅਜੇ ਤੱਕ ਇਹ ਪੈਸਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਦੂਜੇ ਰਾਜਾਂ ਵਿੱਚ ਜਾ ਕੇ ਬੇਰੁਜ਼ਗਾਰੀ ਭੱਤੇ ਦੀ ਗੱਲ ਕਰਦੇ ਹਨ ਪਰ ਉਹ ਆਪਣੇ ਰਾਜ ਦੇ ਆਸ਼ਾ ਵਰਕਰਾਂ ਵੱਲ ਕੋਈ ਧਿਆਨ ਨਹੀਂ ਦੇ ਰਹੇ। ਮੁੱਖ ਮੰਤਰੀ ਨੂੰ ਮੁਹੱਲਾ ਕਲੀਨਿਕਾਂ ਦੀ ਸਚਾਈ ਦਾ ਸ਼ੀਸ਼ਾ ਦਿਖਾਉਂਦੇ ਹੋਏ ਆਦੇਸ਼ ਗੁਪਤਾ ਨੇ ਕਿਹਾ ਕਿ ਦਿੱਲੀ ਸਰਕਾਰ ਦੁਆਰਾ ਚਲਾਏ ਜਾ ਰਹੇ ਮੁਹੱਲਾ ਕਲੀਨਿਕਾਂ ਦੀ ਸਥਿਤੀ ਅੱਜ ਕਿਉਂ ਬਦਤਰ ਹੋ ਗਈ ਹੈ ਕਿਉਂਕਿ ਇਸ ਦੇ ਪਿੱਛੇ ਭ੍ਰਿਸ਼ਟਾਚਾਰ ਦੀ ਖੇਡ ਖੇਡੀ ਜਾ ਰਹੀ ਹੈ। ਮੁਹੱਲਾ ਕਲੀਨਿਕਾਂ ਦੇ ਡਾਕਟਰਾਂ ਨੂੰ ਹਰ 6 ਮਹੀਨੇ ਬਾਅਦ ਮੋਟੀ ਰਕਮ ਅਦਾ ਕਰਨੀ ਪੈਂਦੀ ਹੈ। ਉਨ੍ਹਾਂ ਆਸ਼ਾ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਭਾਜਪਾ ਤੁਹਾਡੇ ਸੰਘਰਸ਼ ਦੇ ਅੰਤ ਤੱਕ ਤੁਹਾਡੇ ਨਾਲ ਰਹੇਗੀ।