ਮੁੱਖ ਮੰਤਰੀ ’ਤੇ ਹਮਲਾ: ਕਾਂਗਰਸ ਅਤੇ ‘ਆਪ’ ਵੱਲੋਂ ਨਿਖੇਧੀ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲੇ ਦੀ ਇੱਕ ਘਟਨਾ ਮਗਰੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਘਟਨਾ ਦੀ ਨਿੰਦਾ ਕੀਤੀ ਹੈ ਪਰ ਵਿਰੋਧੀਆਂ ਨੇ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਆਮ ਆਦਮੀ ਪਾਰਟੀ ਦੀ ਸੀਨੀਅਰ ਨੇਤਾ ਅਤੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਮੁੱਖ ਮੰਤਰੀ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਦੇਵੇਂਦਰ ਯਾਦਵ ਨੇ ਦਿੱਲੀ ਵਾਸੀਆਂ ਦੀ ਸੁਰੱਖਿਆ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਦਾ ਮੁੱਖ ਮੰਤਰੀ ਸੁਰੱਖਿਅਤ ਨਹੀਂ ਹੈ ਤਾਂ ਆਮ ਆਦਮੀ ਕਿੰਨਾ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਇਹ ਦਿੱਲੀ ਪੁਲੀਸ ਉਪ ਰਾਜਪਾਲ ਰਾਹੀਂ ਸਿੱਧੀ ਕੇਂਦਰ ਸਰਕਾਰ ਅਧੀਨ ਹੈ। ਮੁੱਖ ਮੰਤਰੀ ’ਤੇ ਹਮਲੇ ਤੋਂ ਬਾਅਦ ਰਾਜਨੀਤਿਕ ਦੋਸ਼ ਲੱਗਣੇ ਸ਼ੁਰੂ ਹੋ ਗਏ ਹਨ। ਭਾਜਪਾ ਨੇ ਰਾਜਨੀਤਿਕ ਸਾਜ਼ਿਸ਼ ਦਾ ਦੋਸ਼ ਲਗਾਇਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਹੈ ਕਿ ਕੁਝ ਲੋਕ ਕਹਿ ਰਹੇ ਹਨ ਕਿ ਮੁੱਖ ਮੰਤਰੀ ਨੂੰ ਥੱਪੜ ਮਾਰਿਆ ਗਿਆ ਹੈ ਜੋ ਕਿ ਗ਼ਲਤ ਜਾਣਕਾਰੀ ਹੈ। ਕੈਬਨਿਟ ਮੰਤਰੀ ਪ੍ਰਵੇਸ਼ ਵਰਮਾ ਅਤੇ ਮੁੱਖ ਸਕੱਤਰ ਧਰਮਿੰਦਰ ਮੁੱਖ ਮੰਤਰੀ ਦਫ਼ਤਰ ਪਹੁੰਚੇ। ਵਰਮਾ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ। ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ’ਤੇ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਜਨਤਕ ਸੁਣਵਾਈ ਦੌਰਾਨ ਹਮਲਾ ਬਹੁਤ ਹੀ ਨਿੰਦਣਯੋਗ ਹੈ ਅਤੇ ਲੋਕਤੰਤਰੀ ਕਦਰਾਂ ਕੀਮਤਾਂ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।