ਪੱਤਰ ਪ੍ਰੇਰਕ
ਨਵੀਂ ਦਿੱਲੀ, 31 ਮਈ
ਭਾਰਤੀ ਕਿਸਾਨ ਯੂਨੀਅਨ ਦਿੱਲੀ ਪ੍ਰਦੇਸ਼ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਂ ਭੇਜੇ ਗਏ ਮੰਗ ਪੱਤਰ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਉਪਰ ਕਰਨਾਟਕ ਦੇ ਬੰਗਲੂਰੂ ਵਿੱਚ ਹੋਏ ਕਥਿਤ ਹਮਲੇ ਦੇ ਵੇਰਵੇ ਦਿੱਤੇ ਤੇ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਤੇਜ਼ੀ ਨਾਲ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਨਿਆਂਇਕ ਜਾਂਚ ਕਰਕੇ ਇਸ ਹਮਲੇ ਦੀ ਸਾਜ਼ਿਸ਼ ਦਾ ਪਤਾ ਕੀਤਾ ਜਾਵੇ।
ਕਿਸਾਨ ਆਗੂਆਂ ਵੱਲੋਂ ਨਜ਼ਫ਼ਗੜ੍ਹ ਦੇ ਮੈਜਿਸਟਰੇਟ ਰਾਹੀਂ ਦਿੱਤੇ ਗਏ ਮੰਗ ਪੱਤਰ ਵਿੱਚ ਜ਼ਿਕਰ ਕੀਤਾ ਗਿਆ ਕਿ ਭਾਜਪਾ ਦੀ ਸੂਬਾ ਸਰਕਾਰ ਨੇ ਸਥਿਤ ਮੁਤਾਬਕ ਸੁਰੱਖਿਆ ਦੇ ਢੁੱਕਵੇਂ ਬੰਦੋਬਸਤ ਨਹੀਂ ਕੀਤੇ ਸਨ ਜਿਸ ਕਾਰਨ ਹਾਲਾਤ ਹੋਰ ਵੀ ਖਰਾਬ ਹੋ ਸਕਦੇ ਸਨ।
ਕਿਸਾਨ ਆਗੂ ਦਲਜੀਤ ਸਿੰਘ ਤੇ ਰਾਜ ਕੁਮਾਰ ਨੇ ਬੰਗਲੂਰੂ ਵਿੱਚ ਕਿਸਾਨ ਆਗੂ ਤੇ ਸੰਯੁਕਤ ਕਿਸਾਨ ਮੋਰਚਾ ਦੇ ਬੁਲਾਰੇ ਰਾਕੇਸ਼ ਟਿਕੈਤ ਉੱਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਰਾਕੇਸ਼ ਟਿਕੈਤ ’ਤੇ ਹਮਲੇ ਦੌਰਾਨ ਹਮਲਾਵਰ ਪ੍ਰਧਾਨ ਮੰਤਰੀ ਮੋਦੀ ਦੇ ਹੱਕ ’ਚ ਨਾਅਰੇ ਲਾ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਨੂੰ ਛੋਟੀ ਜਿਹੀ ਘਟਨਾ ਕਹਿ ਕੇ ਨਜ਼ਰਅੰਦਾਜ਼ ਕਰਨਾ ਮੁਨਾਸਬਿ ਨਹੀਂ ਹੋਵੇਗਾ। ਇਸ ਲਈ ਕਿਸਾਨ ਮੋਰਚਾ ਮੰਗ ਕਰਦਾ ਹੈ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਅਣਗਹਿਲੀ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ। ਇਸ ਘਟਨਾ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਜਾਣ ਤੇ ਇਸ ਪਿੱਛੇ ਸਿਆਸੀ ਸਾਜ਼ਿਸ਼ ਤੇ ਰਾਕੇਸ਼ ਟਿਕੈਤ ਨੂੰ ਸੁਰੱਖਿਆ ਦਿੱਤੀ ਜਾਵੇ। ਇਸ ਮੌਕੇ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।