ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਉਸ ਵੱਲੋਂ ਤਿਆਰ ਸਾਰੇ ਸਾਜ਼ੋ ਸਾਮਾਨ ਨਾਲ ਲੈਸ ਬਾਲਾ ਸਾਹਿਬ ਹਸਪਤਾਲ ਜਲਦੀ ਹੀ ਸੰਗਤ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਵਾਸਤੇ ਦਿੱਲੀ ਕਮੇਟੀ ਜਲਦੀ ਹੀ ਅਦਾਲਤ ਵਿਚ ਅਰਜ਼ੀ ਦਾਇਰ ਕਰੇਗੀ। ਇਹ ਜਾਣਕਾਰੀ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ।
ਇੱਥੇ ਜਾਰੀ ਕੀਤੇ ਬਿਆਨ ਵਿਚ ਸ੍ਰੀ ਸਿਰਸਾ ਤੇ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਅੱਜ ਦਿੱਲੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੋਈ। ਇਸ ਵਿਚ ਕਈ ਅਹਿਮ ਫ਼ੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਮੇਟੀ ਹੀ ਫ਼ੈਸਲਾ ਕਰੇਗੀ ਕਿ ਕਿਹੜੇ ਕਿਹੜੇ ਸਮਾਗਮ ਕਦੋਂ ਕਦੋਂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਕਰੋਨਾ ਰੋਕਾਂ ਕਾਰਨ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਵੱਡੀ ਪੱਧਰ ’ਤੇ ਨਹੀਂ ਮਨਾਇਆ ਜਾ ਸਕਿਆ। ਉਨ੍ਹਾਂ ਕਿਹਾ ਕਿ ਹੁਣ ਇਹ ਵੱਖ-ਵੱਖ ਪ੍ਰੋਗਰਾਮਾਂ ਨਾਲ ਮਨਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਇਹ ਵੀ ਚਰਚਾ ਕੀਤੀ ਗਈ ਕਿ ਡੀਡੀਐਮਏ ਦੇ ਦਿਸ਼ਾ ਨਿਰਦੇਸ਼ਾਂ ਨੂੰ ਦੇਖਦਿਆਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇਸ ਵਾਰ ਪਹਿਲਾਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਅਤੇ ਫਿਰ ਰਾਤ ਨੂੰ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਚ ਵੱਡੇ ਸਮਾਗਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਬਾਲਾ ਸਾਹਿਬ ਹਸਪਤਾਲ ਜੋ ਕਿ ਦਿੱਲੀ ਦਾ ਕਰੋਨਾ ਇਲਾਜ ਸਹੂਲਤਾਂ ਨਾਲ ਲੈਸ ਵੱਡਾ ਹਸਪਤਾਲ ਹੈ, ਨੂੰ ਜਲਦੀ ਹੀ ਸੰਗਤ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਵਾਸਤੇ ਵਿਸ਼ੇਸ਼ ਅਰਜ਼ੀ ਸੋਮਵਾਰ ਨੂੰ ਅਦਾਲਤ ਵਿਚ ਦਾਇਰ ਕਰ ਕੇ ਹਸਪਤਾਲ ਖੋਲ੍ਹਣ ਲਈ ਇਜਾਜ਼ਤ ਮੰਗੀ ਜਾਵੇਗੀ।