DU ELECTIONS ਮਗਰੋਂ ਜੇਤੂ ਰੈਲੀਆਂ ਕਰਨ ’ਤੇ ਪਾਬੰਦੀ
ਦਿੱਲੀ ਹਾਈ ਕੋਰਟ ਨੇ ਵਿਦਿਆਰਥੀ ਜਥੇਬੰਦੀਆਂ ਨੂੰ ਨੋਟਿਸ ਜਾਰੀ ਕੀਤੇ;
DU ELECTIONS ਮਗਰੋਂ ਜੇਤੂ ਰੈਲੀਆਂ ਕਰਨ ’ਤੇ ਪਾਬੰਦੀ
ਦਿੱਲੀ ਹਾਈ ਕੋਰਟ ਨੇ ਦਿੱਲੀ ਯੂਨੀਵਰਸਿਟੀ (ਡੀ ਯੂ) ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦੇ ਨਤੀਜੇ ਆਉਣ ਮਗਰੋਂ ਜੇਤੂ ਰੈਲੀਆਂ ਕਰਨ ’ਤੇ ਮੁਕੰਮਲ ਪਾਬੰਦੀ ਲਾ ਦਿੱਤੀ ਹੈ। ਅਦਾਲਤ ਨੇ ਸਾਰੀਆਂ ਵਿਦਿਆਰਥੀ ਜਥੇਬੰਦੀਆਂ ਅਤੇ ਉਮੀਦਵਾਰਾਂ ਨੂੰ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਚੋਣ ਨਿਯਮਾਂ ਦੀ ਉਲੰਘਣਾ ਕਰਨ ਬਦਲੇ ਉਨ੍ਹਾਂ ਨੂੰ ਜੁਰਮਾਨਾ ਕਿਉਂ ਨਾ ਲਾਇਆ ਜਾਵੇ। ਜ਼ਿਕਰਯੋਗ ਹੈ ਕਿ ਅੱਜ ਪਈਆਂ ਵੋਟਾਂ ਦੀ ਸ਼ਨਿਚਰਵਾਰ ਨੂੰ ਗਿਣਤੀ ਕੀਤੀ ਜਾਵੇਗੀ।
ਚੀਫ ਜਸਟਿਸ ਡੀ ਕੇ ਉਪਾਧਿਆਏ ਅਤੇ ਜਸਟਿਸ ਤੇਜਸ ਕਾਰੀਆ ਦੇ ਬੈਂਚ ਨੇ ਚੋਣਾਂ ਦੌਰਾਨ ਲਿੰਗਦੋਹ ਕਮੇਟੀ ਦੀਆਂ ਸਿਫਾਰਸ਼ਾਂ ਦੀਆਂ ਸ਼ਰੇਆਮ ਉੱਡ ਰਹੀਆਂ ਧੱਜੀਆਂ ’ਤੇ ਸਖ਼ਤ ਨਾਰਾਜ਼ਗੀ ਜਤਾਈ। ਬੈਂਚ ਨੇ ਸਪੱਸ਼ਟ ਕੀਤਾ ਕਿ ਇਸ ਵਾਰ ਕਿਸੇ ਦੀ ਵੀ ਮੁਆਫ਼ੀ ਮਨਜ਼ੂਰ ਨਹੀਂ ਕੀਤੀ ਜਾਵੇਗੀ। ਅਦਾਲਤ ਨੇ ਦਿੱਲੀ ਪੁਲੀਸ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਚੋਣ ਨਤੀਜਿਆਂ ਮਗਰੋਂ ਦਿੱਲੀ ਦੀਆਂ ਸੜਕਾਂ, ਕੈਂਪਸ ਜਾਂ ਹੋਸਟਲਾਂ ਵਿੱਚ ਕਿਤੇ ਵੀ ਕੋਈ ਰੈਲੀ ਨਾ ਕਰਨ ਦਿੱਤੀ ਜਾਵੇ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਸੋਚ ਕੇ ਕਾਰਵਾਈ ਕਰਨ ਤੋਂ ਪਿੱਛੇ ਨਾ ਹਟਣ ਕਿ ਇਹ ਵਿਦਿਆਰਥੀ ਹਨ। ਇਸ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਫ਼ੌਜਦਾਰੀ ਅਤੇ ਪ੍ਰਸ਼ਾਸਨਿਕ ਕਾਰਵਾਈ ਦੇ ਨਾਲ-ਨਾਲ ਅਦਾਲਤ ਦੀ ਮਾਣਹਾਨੀ ਦਾ ਕੇਸ ਵੀ ਚੱਲੇਗਾ।
ਸੁਣਵਾਈ ਦੌਰਾਨ ਚੀਫ ਜਸਟਿਸ ਨੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਹਥਿਆਰ ਲਹਿਰਾਉਣ ਵਾਲੇ ਅਤੇ ਮਹਿੰਗੀਆਂ ਗੱਡੀਆਂ ਦੇ ਕਾਫਲਿਆਂ ਵਿੱਚ ਘੁੰਮਣ ਵਾਲੇ ਕਦੇ ਵੀ ਵਿਦਿਆਰਥੀ ਨਹੀਂ ਹੋ ਸਕਦੇ। ਉਨ੍ਹਾਂ ਪੁਲੀਸ ਨੂੰ ਪੁੱਛਿਆ ਕਿ ਭਾਰੀ ਫੋਰਸ ਤਾਇਨਾਤ ਹੋਣ ਦੇ ਬਾਵਜੂਦ ਬਿਨਾਂ ਨੰਬਰ ਪਲੇਟਾਂ ਤੋਂ ਗੱਡੀਆਂ ਦੇ ਕਾਫਲੇ ਕਿਵੇਂ ਘੁੰਮਦੇ ਰਹੇ ਜਿਸ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ। ਅਦਾਲਤ ਵਿੱਚ ਮੌਜੂਦ ਐਡੀਸ਼ਨਲ ਸਾਲਿਸਟਰ ਜਨਰਲ ਚੇਤਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਹੁਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ ਅਤੇ ਕਈ ਵਿਦਿਆਰਥੀਆਂ ਨੂੰ ਫੜਿਆ ਵੀ ਹੈ। ਇਸ ਤੋਂ ਇਲਾਵਾ 998 ਚਲਾਨ ਕੱਟਣ ਦੇ ਨਾਲ-ਨਾਲ 30 ਗੱਡੀਆਂ ਜ਼ਬਤ ਕੀਤੀਆਂ ਗਈਆਂ ਹਨ। ਯੂਨੀਵਰਸਿਟੀ ਪ੍ਰਸ਼ਾਸਨ ਨੇ ਵੀ ਇੱਕ ਵਿਦਿਆਰਥੀ ਨੂੰ ਕੱਢ ਦਿੱਤਾ ਹੈ।
ਅਦਾਲਤ ਨੇ ਯੂਨੀਵਰਸਿਟੀ ਵੱਲੋਂ ਜਾਰੀ ਕੀਤੇ ਜਾਂਦੇ ਕਾਰਨ ਦੱਸੋ ਨੋਟਿਸਾਂ ਉੱਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਭ ਸਿਰਫ਼ ਕਾਗਜ਼ੀ ਕਾਰਵਾਈ ਹੈ ਅਤੇ ਜ਼ਮੀਨੀ ਪੱਧਰ ਉੱਤੇ ਕੋਈ ਸੁਧਾਰ ਨਹੀਂ ਹੋ ਰਿਹਾ। ਜ਼ਿਕਰਯੋਗ ਹੈ ਕਿ ਵਕੀਲ ਪ੍ਰਸ਼ਾਂਤ ਮਨਚੰਦਾ ਵੱਲੋਂ ਪਾਈ ਗਈ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਸੀ ਕਿ ਯੂਨੀਵਰਸਿਟੀ ਵਿੱਚ ਹਥਿਆਰਾਂ ਦੀ ਵਰਤੋਂ ਹੋ ਰਹੀ ਹੈ ਅਤੇ ਅਧਿਆਪਕਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਅਦਾਲਤ ਨੇ ਪਟੀਸ਼ਨਰ ਨੂੰ ਸਬੂਤ ਇਕੱਠੇ ਕਰਨ ਲਈ ਕਹਿੰਦਿਆਂ ਮਾਮਲੇ ਦੀ ਅਗਲੀ ਸੁਣਵਾਈ ਨਵੰਬਰ ਵਿੱਚ ਤੈਅ ਕੀਤੀ ਹੈ।
ਏ ਬੀ ਵੀ ਪੀ ਅਤੇ ਐੱਨ ਐੱਸ ਯੂ ਆਈ ਵੱਲੋਂ ਇੱਕ-ਦੂਜੇ ’ਤੇ ਦੋਸ਼
ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦੌਰਾਨ ਮੁੱਖ ਵਿਦਿਆਰਥੀ ਜਥੇਬੰਦੀਆਂ ਏ ਬੀ ਵੀ ਪੀ ਅਤੇ ਐੱਨ ਐੱਸ ਯੂ ਆਈ ਨੇ ਇੱਕ-ਦੂਜੇ ਉੱਤੇ ਨਿਯਮਾਂ ਦੀ ਉਲੰਘਣਾ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਦੋਵਾਂ ਧਿਰਾਂ ਨੇ ਦਾਅਵਾ ਕੀਤਾ ਹੈ ਕਿ ਦੂਜੀ ਧਿਰ ਨੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਉਨ੍ਹਾਂ ਦੇ ਵਰਕਰਾਂ ਖ਼ਿਲਾਫ਼ ਨਾਜਾਇਜ਼ ਕਾਰਵਾਈ ਕੀਤੀ ਗਈ ਹੈ। ਏ ਬੀ ਵੀ ਪੀ ਨੇ ਦੋਸ਼ ਲਾਇਆ ਹੈ ਕਿ ਵੋਟਿੰਗ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਐੱਨ ਐੱਸ ਯੂ ਆਈ ਦਾ ਇੱਕ ਵਰਕਰ ਏ ਬੀ ਵੀ ਪੀ ਦੇ ਪੈਨਲ ਦੇ ਗਲਤ ਨੰਬਰ ਵਾਲੀਆਂ ਪਰਚੀਆਂ ਵੰਡਦਾ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਸ ਨੂੰ ਫੜ ਕੇ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ। ਜਥੇਬੰਦੀ ਨੇ ਐਕਸ ਉੱਤੇ ਪੋਸਟ ਪਾ ਕੇ ਕਿਹਾ ਕਿ ਇਹ ਕੋਝੀਆਂ ਹਰਕਤਾਂ ਵਿਦਿਆਰਥੀਆਂ ਨੂੰ ਗੁੰਮਰਾਹ ਕਰਨ ਲਈ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਡੀ ਯੂ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਅਤੇ ਏ ਬੀ ਵੀ ਪੀ ਆਗੂ ਆਰੀਅਨ ਮਾਨ ਨੇ ਦਾਅਵਾ ਕੀਤਾ ਕਿ ਐੱਨ ਐੱਸ ਯੂ ਆਈ ਨਾਲ ਜੁੜੇ ਛੇ ਬਾਹਰਲੇ ਵਿਅਕਤੀਆਂ ਨੇ ਕਿਰੋੜੀ ਮੱਲ ਕਾਲਜ ਵਿੱਚ ਵੜ ਕੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਪੁਲੀਸ ਤੋਂ ਮੰਗ ਕੀਤੀ ਕਿ ਕਾਲਜ ਵਿੱਚ ਬਿਨਾਂ ਮਨਜ਼ੂਰੀ ਦਾਖ਼ਲ ਹੋਣ ਵਾਲਿਆਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣ। ਦੂਜੇ ਪਾਸੇ ਐੱਨ ਐੱਸ ਯੂ ਆਈ ਦੇ ਕੌਮੀ ਪ੍ਰਧਾਨ ਵਿਨੋਦ ਜਾਖੜ ਨੇ ਦੋਸ਼ ਲਾਇਆ ਕਿ ਪੁਲੀਸ ਨੇ ਉਨ੍ਹਾਂ ਦੀ ਜਥੇਬੰਦੀ ਦੇ ਇੱਕ ਸਾਬਕਾ ਕੌਮੀ ਸਕੱਤਰ ਨੂੰ ਬਿਨਾਂ ਕਿਸੇ ਕਾਰਨ ਹਿਰਾਸਤ ਵਿੱਚ ਲਿਆ ਹੋਇਆ ਹੈ। ਉਨ੍ਹਾਂ ਸਵਾਲ ਕੀਤਾ ਕਿ ਸਰਕਾਰ ਐੱਨ ਐੱਸ ਯੂ ਆਈ ਦੇ ਵਰਕਰਾਂ ਤੋਂ ਇੰਨੀ ਡਰੀ ਹੋਈ ਕਿਉਂ ਹੈ। ਜਾਖੜ ਨੇ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ ਦੇ ਵਰਕਰਾਂ ਨੂੰ ਜਾਣ-ਬੁੱਝ ਕੇ ਡਰਾਇਆ-ਧਮਕਾਇਆ ਜਾ ਰਿਹਾ ਹੈ।

