ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਦਸੰਬਰ
ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਦੇ ਹੋਰ ਵਿਗੜਨ ਦੀ ਸੰਭਾਵਨਾ ਦੇ ਮੱਦੇਨਜ਼ਰ ਸੀਐੱਨਜੀ, ਈ-ਟਰੱਕ ਤੇ ਜ਼ਰੂਰੀ ਸੇਵਾਵਾਂ ਵਿੱਚ ਲੱਗੇ ਵਾਹਨਾਂ ਨੂੰ ਛੱਡ ਕੇ ਬਾਕੀ ਦੇ ਸਾਰੇ ਟਰੱਕਾਂ ਦੇ ਦਾਖਲੇ ‘ਤੇ ਪਾਬੰਦੀ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਸ੍ਰੀ ਰਾਏ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੁਲਾਕਾਤ ਮਗਰੋਂ ਕਿਹਾ ਕਿ ਸਰਕਾਰ 16 ਦਸੰਬਰ ਨੂੰ ਉਸਾਰੀ ਤੇ ਢਾਹੁਣ ਦੀਆਂ ਗਤੀਵਿਧੀਆਂ ‘ਤੇ ਪਾਬੰਦੀ ਦੀ ਸਮੀਖਿਆ ਕਰੇਗੀ। ਇਸ ਦੌਰਾਨ ਗੋਪਾਲ ਰਾਏ ਨੇ ਕਿਹਾ ਕਿ ਸਿੱਖਿਆ ਵਿਭਾਗ ਨੇ ਵਾਤਾਵਰਨ ਵਿਭਾਗ ਨੂੰ ਪ੍ਰਸਤਾਵ ਭੇਜਿਆ ਹੈ, ਜਿਸ ਵਿੱਚ 6ਵੀਂ ਜਮਾਤ ਅਤੇ ਇਸ ਤੋਂ ਉੱਪਰ ਦੇ ਵਿਦਿਆਰਥੀਆਂ ਲਈ ਸਕੂਲ ਅਤੇ ਕੋਚਿੰਗ ਸੈਂਟਰ ਮੁੜ ਖੋਲ੍ਹਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ 5ਵੀਂ ਜਮਾਤ ਤੇ ਇਸ ਤੋਂ ਘੱਟ ਜਮਾਤ ਦੇ ਬੱਚਿਆਂ ਲਈ ਸਿੱਖਿਆ 20 ਦਸੰਬਰ ਤੋਂ ਸਕੂਲ ਮੁੜ ਖੋਲ੍ਹਣ ਦਾ ਸੁਝਾਅ ਦਿੱਤਾ ਹੈ। ਵਾਤਾਵਰਨ ਮੰਤਰੀ ਨੇ ਕਿਹਾ ਕਿ ਪ੍ਰਸਤਾਵ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੂੰ ਭੇਜਿਆ ਜਾਵੇਗਾ, ਕਿਉਂਕਿ ਸਿਖਰਲੀ ਅਦਾਲਤ ਨੇ ਸਕੂਲਾਂ ਤੇ ਕਾਲਜਾਂ ਨੂੰ ਦੁਬਾਰਾ ਖੋਲ੍ਹਣ ਸਬੰਧੀ ਫੈਸਲਾ ਲੈਣ ਦੀ ਜ਼ਿੰਮੇਵਾਰੀ ਕਮਿਸ਼ਨ ’ਤੇ ਛੱਡੀ ਹੋਈ ਹੈ। ਇਸ ਦੌਰਾਨ ਦਿੱਲੀ ਦੇ ਵਾਤਾਵਰਨ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ 1 ਦਸੰਬਰ ਤੋਂ 12 ਦਸੰਬਰ ਤੱਕ 250 ਤੋਂ 325 ਦੇ ਵਿਚਕਾਰ ਰਿਹਾ, ਪਰ ਮਾਹਰਾਂ ਨੇ ਅਗਲੇ ਤਿੰਨ ਦਿਨਾਂ ਵਿੱਚ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ।
ਪ੍ਰਦੂਸ਼ਣ ’ਤੇ ਕਾਬੂ ਪਾਉਣ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ
ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਦੇ ਅੰਦਰ ਧੂੜ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਣੀ ਛਿੜਕਣ ਦੀ ਮੁਹਿੰਮ ਜਾਰੀ ਰਹੇਗੀ। ਇਸ ਮੁਹਿੰਮ ਨੂੰ ਦਿੱਲੀ ਵਿੱਚ ਜਾਰੀ ਰੱਖਣ ਲਈ ਸਾਰੇ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਧੂੜ ਵਿਰੋਧੀ ਮੁਹਿੰਮ ਤਹਿਤ ਟੀਮਾਂ ਵੱਲੋਂ ਹੁਣ ਤੱਕ 6953 ਥਾਵਾਂ ਦਾ ਦਾ ਦੌਰਾ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚੋਂ 597 ਨੂੰ ਉਲੰਘਣਾ ਦੇ ਦੋਸ਼ ਹੇਠ 1.65 ਕਰੋੜ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਅੱਗ ਲਾਉਣ ਖ਼ਿਲਾਫ਼ ਮੁਹਿੰਮ ਤਹਿਤ ਹੁਣ ਤੱਕ 16,580 ਥਾਵਾਂ ਦਾ ਨਿਰੀਖਣ ਕੀਤਾ ਜਾ ਚੁੱਕਾ ਹੈ ਜਿਸ ਵਿੱਚ 2490 ਥਾਵਾਂ ‘ਤੇ ਨੋਟਿਸ ਜਾਰੀ ਕੀਤੇ ਗਏ ਹਨ। ਹੁਣ ਤੱਕ 46.96 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅਕਤੂਬਰ ਤੋਂ ਹੁਣ ਤੱਕ ‘ਗ੍ਰੀਨ ਦਿੱਲੀ’ ਐਪ ਤਹਿਤ 6975 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 5686 ਦਾ ਨਬਿੇੜਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗ੍ਰੀਨ ਦਿੱਲੀ ਐਪ ‘ਤੇ ਸਭ ਤੋਂ ਵੱਧ ਸ਼ਿਕਾਇਤਾਂ ਦੱਖਣੀ ਦਿੱਲੀ ਨਗਰ ਨਿਗਮ ਤੋਂ ਆਈਆਂ ਹਨ। ਵਾਹਨਾਂ ਦੀ ਪੀ.ਯੂ.ਸੀ ਚੈਕਿੰਗ ਦੀ ਮੁਹਿੰਮ ਜਾਰੀ ਰਹੇਗੀ। ਜੇਕਰ ਕੋਈ ਵੀ ਵਾਹਨ ਪੀਯੂਸੀ ਸਰਟੀਫਿਕੇਟ ਤੋਂ ਬਿਨਾਂ ਪਾਇਆ ਗਿਆ ਤਾਂ 10,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।