ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਮਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਇਥੇ ਗੁਰਦੁਆਰਾ ਸੀਸ ਗੰਜ ਸਾਹਿਬ ਨੇੜੇ ਭਾਈ ਮਤੀ ਦਾਸ ਚੌਂਕ ਦੇ ਸੁੰਦਰੀਕਰਨ ਦੀ ਸੇਵਾ ਆਰੰਭ ਕੀਤੀ ਗਈ। ਇਹ ਚੌਂਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਯਾਦਗਾਰ ਹੈ ਜਿਹਨਾਂ ਨੇ ਗੁਰੂ ਤੇਗ ਬਹਾਦਰ ਨਾਲ ਸ਼ਹਾਦਤਾਂ ਦਿੱਤੀਆਂ ਸਨ। ਇਸ ਮੌਕੇ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ’ਤੇ ਦੁਨੀਆਂ ਦੇ ਵੱਖ ਵੱਖ ਕੋਨਿਆਂ ਤੋਂ ਆਉਂਦੀ ਸੰਗਤ ਦੀ ਇਹ ਚਿਰੋਕਣੀ ਮੰਗ ਸੀ ਕਿ ਜਿਹੜੇ ਗੁਰੂ ਤੇਗ ਬਹਾਦਰ ਸਾਹਿਬ ਦੇ ਸਾਥੀ ਗੁਰੂ ਸਾਹਿਬ ਨਾਲ ਡਟੇ ਰਹੇ, ਜ਼ੁਲਮ ਦੀ ਪਰਵਾਹ ਨਹੀਂ ਕੀਤੀ ਤੇ ਸ਼ਹਾਦਤਾਂ ਦਿੱਤੀਆਂ, ਉਹਨਾਂ ਦੇ ਅਸਥਾਨ ਦਾ ਵੀ ਸੁੰਦਰੀਕਰਨ ਹੋਣਾ ਚਾਹੀਦਾ ਹੈ ਤਾਂ ਜੋ ਸੰਗਤਾਂ ਇਹਨਾਂ ਅਸਥਾਨ ਦੇ ਦਰਸ਼ਨ ਕਰ ਸਕਣ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਅੱਜ ਕਈ ਸਾਲਾਂ ਮਗਰੋਂ ਸੰਗਤ ਦੀ ਇਹ ਮੰਗ ਪੂਰੀ ਹੋਣ ਜਾ ਰਹੀ ਹੈ ਤੇ ਅੱਜ ਤੋਂ ਇਸ ਅਸਥਾਨ ਦੇ ਸੁੰਦਰੀਕਰਨ ਦੀ ਸੇਵਾ ਆਰੰਭ ਹੋਈ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਸ ਸੇਵਾ ਵਿਚ ਹਿੱਸਾ ਪਾਉਣ।
ਉਨ੍ਹਾਂ ਦਿੱਲੀ ਸਰਕਾਰ ਦਾ ਧੰਨਵਾਦ ਕੀਤਾ ਜਿਸਨੇ ਪ੍ਰਾਜੈਕਟ ਨੂੰ ਪਾਸ ਕੀਤਾ ਤੇ ਸੁੰਦਰੀਕਰਨ ਦੀ ਆਗਿਆ ਦਿੱਤੀ। ਉਨ੍ਹਾਂ ਬਾਬਾ ਬਚਨ ਸਿੰਘ ਕਾਰ ਸੇਵਾ ਵਾਲਿਆਂ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਇਹ ਸੇਵਾ ਸ਼ੁਰੂ ਕਰਨ ਦੀ ਸਹਿਮਤੀ ਦਿੱਲੀ ਕਮੇਟੀ ਦੀ ਬੇਨਤੀ ’ਤੇ ਦਿੱਤੀ। ਇਸ ਮੌਕੇ ਸੁਖਬੀਰ ਸਿੰਘ ਕਾਲੜਾ, ਗੁਰਦੇਵ ਸਿੰਘ, ਬਲਬੀਰ ਸਿੰਘ, ਸਰਵਜੀਤ ਸਿੰਘ ਵਿਰਕ, ਹਰਜੀਤ ਸਿੰਘ ਪੱਪਾ ਤੇ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਸਨ।