ਭਾਜਪਾ ਸਰਕਾਰ ਮੁਹੱਲਾ ਕਲੀਨਿਕ ਬੰਦ ਕਰਨ ਲੱਗੀ: ਭਾਰਦਵਾਜ
ਆਮ ਆਦਮੀ ਪਾਰਟੀ (ਆਪ) ਦਿੱਲੀ ਦੇ ਪ੍ਰਧਾਨ ਅਤੇ ਸੀਨੀਅਰ ਨੇਤਾ ਸੌਰਭ ਭਾਰਦਵਾਜ ਨੇ ਕਾਲਕਾਜੀ ਮੁਹੱਲਾ ਕਲੀਨਿਕ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਤੇ ਦੋਸ਼ ਲਾਇਆ ਕਿ ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿੱਚ ਲਗਪਗ 200 ਮੁਹੱਲਾ ਕਲੀਨਿਕਾਂ ਨੂੰ ਬੰਦ ਕਰ ਦਿੱਤਾ ਹੈ। ਭਾਰਦਵਾਜ ਨੇ ਮੌਜੂਦਾ ਪ੍ਰਸ਼ਾਸਨ ’ਤੇ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀਆਂ ਗਈਆਂ ਭਲਾਈ ਯੋਜਨਾਵਾਂ ਨੂੰ ਜਾਰੀ ਰੱਖਣ ਦੇ ਆਪਣੇ ਵਾਅਦੇ ਤੋਂ ਮੁੱਕਰ ਜਾਣ ਦਾ ਦੋਸ਼ ਲਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਆਗੂਆਂ ਦੇ ਭਰੋਸੇ ਦੇ ਬਾਵਜੂਦ ਮੁਹੱਲਾ ਕਲੀਨਿਕਾਂ ਸਮੇਤ ਕਈ ਜਨਤਕ ਭਲਾਈ ਯੋਜਨਾਵਾਂ ਹੁਣ ਬੰਦ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਜੇਕਰ ਭਾਜਪਾ ਦਿੱਲੀ ਵਿੱਚ ਸਰਕਾਰ ਬਣਾਉਂਦੀ ਹੈ, ਤਾਂ ਉਹ ਸਾਰੇ ਮੁਹੱਲਾ ਕਲੀਨਿਕ ਬੰਦ ਕਰ ਦੇਣਗੇ ਅਤੇ ਗਰੀਬਾਂ ਲਈ ਸਾਰੀਆਂ ਭਲਾਈ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਦਿੱਲੀ ਦੇ ਲੋਕਾਂ ਨੂੰ ਭਰੋਸਾ ਦਿੰਦੀ ਰਹੀ ਕਿ ਉਹ ਕੋਈ ਵੀ ਮੁਹੱਲਾ ਕਲੀਨਿਕ ਬੰਦ ਨਹੀਂ ਕਰਨਗੇ ਅਤੇ ਨਾ ਹੀ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਕੋਈ ਵੀ ਸੇਵਾਵਾਂ ਬੰਦ ਕਰਨਗੇ, ਪਰ ਹੁਣ 200 ਮੁਹੱਲਾ ਕਲੀਨਿਕ ਬੰਦ ਕੀਤੇ ਜਾ ਰਹੇ ਹਨ। ਔਰਤਾਂ ਲਈ ਮੁਫ਼ਤ ਬੱਸ ਸਹੂਲਤ ਵੀ ਜਲਦੀ ਹੀ ਬੰਦ ਕਰ ਦਿੱਤੀ ਜਾਵੇਗੀ। ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਮੁਹੱਲਾ ਕਲੀਨਿਕਾਂ ਦੀ ਸਥਾਪਨਾ ਕੀਤੀ ਗਈ ਸੀ।
