ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਅਗਸਤ
ਦਿੱਲੀ ਭਾਰਤੀ ਜਨਤਾ ਪਾਰਟੀ ਦੇ ਮੁਖੀ ਆਦੇਸ਼ ਗੁਪਤਾ ਨੇ ਸਮਾਜ ਸੇਵੀ ਅੰਨਾ ਹਜ਼ਾਰੇ ਨੂੰ ਇੱਕ ਪੱਤਰ ਲਿਖ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਖ਼ਿਲਾਫ਼ ਆਪਣੀ ਪਾਰਟੀ ਦੀ ‘ਲੋਕ ਲਹਿਰ’ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਚਿੱਠੀ ਵਿਚ ਭਾਜਪਾ ਆਗੂ ਨੇ ਦੋਸ਼ ਲਾਇਆ ਕਿ ‘ਆਪ’ ਨੇ ‘ਰਾਜਨੀਤਿਕ ਸ਼ੁੱਧਤਾ’ ਦੇ ਸਾਰੇ ਮਾਪਦੰਡਾਂ ਨੂੰ ਢਾਹ ਲਾਈ ਹੈ। ਅੱਗੋਂ ਫਰਵਰੀ ਵਿਚ ਉੱਤਰ-ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਦੌਰਾਨ ਯੋਜਨਾਬੰਦੀ ਕਰਨ ਦਾ ਦੋਸ਼ ਲਾਇਆ ਹੈ, ਜਿਸ ਵਿਚ ਘੱਟੋ-ਘੱਟ 53 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ 200 ਦੇ ਕਰੀਬ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਅੰਨਾ ਹਜ਼ਾਰੇ ਨੂੰ ਕਿਹਾ ਕਿ ਉਹ ਦਿੱਲੀ ਆ ਕੇ ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਤੇ ਅੰਦੋਲਨ ਵਿੱਚ ਭਾਜਪਾ ਦਾ ਸਾਥ ਦੇਣ।