ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਸਤੰਬਰ
ਭਾਰਤੀ ਜਨਤਾ ਪਾਰਟੀ ਦੀ ਦਿੱਲੀ ਇਕਾਈ ਦੇ ਆਗੂਆਂ ਨੇ ਅੱਜ ਇੱਥੇ ਕਈ ਮੈਟਰੋ ਸਟੇਸ਼ਨਾਂ ਦੇ ਬਾਹਰ ਯਾਤਰੀਆਂ ਨੂੰ ਪਰਚੇ ਵੰਡੇ ਅਤੇ ਦਿੱਲੀ ਸਰਕਾਰ ਦੀ ਰੱਦ ਕੀਤੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ।
ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਮੈਟਰੋ ਸਟੇਸ਼ਨ ਦੇ ਬਾਹਰ ਪ੍ਰਚਾਰ ਵਿੱਚ ਹਿੱਸਾ ਲੈਣ ਵਾਲੇ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਉਦੋਂ ਤੱਕ ਆਰਾਮ ਨਹੀਂ ਕਰੇਗੀ ਜਦੋਂ ਤੱਕ ਕਿ ਸਿਸੋਦੀਆ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੈਬਨਿਟ ’ਚੋਂ ਹਟਾਇਆ ਨਹੀਂ ਜਾਂਦਾ। ਤਿਵਾੜੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਆਬਕਾਰੀ ਨੀਤੀ ਵਿੱਚ ਵੱਡੀ ਪੱਧਰ ’ਤੇ ਬੇਨਿਯਮੀਆਂ ਕਰ ਕੇ ਕਰੋੜਾਂ ਰੁਪਏ ਲੁੱਟੇ ਹਨ। ਇਹ ਸਰਕਾਰ ਦਾ ਮਾਲੀਆ ਸੀ ਜੋ ਕਿ ਲੋਕਾਂ ਦੀ ਭਲਾਈ ’ਤੇ ਖਰਚਿਆ ਜਾ ਸਕਦਾ ਸੀ। ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਯੁਵਾ ਮੋਰਚਾ ਦੇ ਕਾਰਕੁਨਾਂ ਦੇ ਨਾਲ ਉੱਤਰੀ ਦਿੱਲੀ ਵਿੱਚ ਵਿਸ਼ਵਵਿਦਿਆਲਿਆ ਮੈਟਰੋ ਸਟੇਸ਼ਨ ਦੇ ਬਾਹਰ ਪਰਚੇ ਵੰਡੇ। ਸਿਸੋਦੀਆ ਆਬਕਾਰੀ ਨੀਤੀ 2021-22 ਨੂੰ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਸਬੰਧੀ ਸੀਬੀਆਈ ਵੱਲੋਂ ਦਰਜ ਕੀਤੀ ਗਈ ਐਫਆਈਆਰ ਵਿੱਚ ਮੁਲਜ਼ਮਾਂ ਵਿੱਚੋਂ ਇੱਕ ਹਨ।
ਦੱਸਣਯੋਗ ਹੈ ਕਿ 17 ਨਵੰਬਰ 2021 ਨੂੰ ਲਾਗੂ ਕੀਤੀ ਗਈ ਨੀਤੀ ਦੇ ਸਬੰਧ ਵਿੱਚ ਉਪ ਰਾਜਪਾਲ ਵੀ.ਕੇ. ਸਕਸੈਨਾ ਵੱਲੋਂ ਜੁਲਾਈ ਮਹੀਨੇ ਵਿੱਚ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੇ ਜਾਣ ਤੋਂ ਬਾਅਦ ਵਾਪਸ ਲੈ ਲਿਆ ਗਿਆ ਸੀ। ਮੰਗਲਵਾਰ ਨੂੰ ਭਾਜਪਾ ਆਗੂ ਬਿਧੂੜੀ ਦੀ ਅਗਵਾਈ ਹੇਠ ਭਾਜਪਾ ਵਿਧਾਇਕਾਂ ਨੇ ਸਿਸੋਦੀਆ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਦੀ ਬਰਖਾਸਤਗੀ ਦੀ ਮੰਗ ਕੀਤੀ।