ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਸਤੰਬਰ
ਦਿੱਲੀ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਨੇ ਅੱਜ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਦਿੱਲੀ ਸਰਕਾਰ ਦੇ ਲਗਪਗ 25 ਲੱਖ ਪੁਰਾਣੇ ਵਾਹਨਾਂ ਦੇ ਆਦੇਸ਼ਾਂ ਨੂੰ ਰੱਦ ਕਰਨ ਸਬੰਧੀ ਚਿੰਤਾਵਾਂ ਤੋਂ ਜਾਣੂ ਕਰਵਾਇਆ। ਸ੍ਰੀ ਗੁਪਤਾ ਦੇ ਨਾਲ ਦਿੱਲੀ ਭਾਜਪਾ ਦੇ ਜਨਰਲ ਸਕੱਤਰ ਹਰਸ਼ ਮਲਹੋਤਰਾ ਤੇ ਦਿਨੇਸ਼ ਪ੍ਰਤਾਪ ਸਿੰਘ ਵੀ ਕੇਂਦਰੀ ਮੰਤਰੀ ਨੂੰ ਮਿਲੇ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਦਿੱਲੀ ਦੇ ਲੱਖਾਂ ਪੁਰਾਣੇ ਵਾਹਨਾਂ ਦੇ ਮਾਲਕਾਂ ਦੇ ਹਿੱਤ ਵਿੱਚ ਇਸ ਮੁੱਦੇ ਨੂੰ ਉਠਾਉਣ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਨੇ ਹਾਲ ਹੀ ਵਿੱਚ ਇੱਕ ਆਦੇਸ਼ ਜਾਰੀ ਕੀਤਾ ਹੈ ਜਿਸ ਵਿੱਚ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਤੇ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ਨੂੰ ਰੱਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਭਾਜਪਾ ਪ੍ਰਧਾਨ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਐੱਨਜੀਟੀ ਦਿੱਲੀ ਸਰਕਾਰ ਅਤੇ ਦਿੱਲੀ ਸਰਕਾਰ ਦੋਵੇਂ ਦਿੱਲੀ ਵਿੱਚ ਪ੍ਰਦੂਸ਼ਣ ਘਟਾਉਣ ਵਿੱਚ ਅਸਫ਼ਲ ਰਹੀਆਂ ਹਨ । ਆਈਆਈਟੀ ਕਾਨਪੁਰ ਦੀ ਇੱਕ ਮਾਹਿਰ ਰਿਪੋਰਟ ਦੇ ਅਨੁਸਾਰ ਵਾਹਨਾਂ ਦਾ ਪ੍ਰਦੂਸ਼ਣ ਦਿੱਲੀ ਵਿੱਚ ਪ੍ਰਦੂਸ਼ਣ ਦਾ ਸਭ ਤੋਂ ਛੋਟਾ ਕਾਰਨ ਹੈ ਪਰ ਦਿੱਲੀ ਸਰਕਾਰ ਨੇ ਇਸ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਹੈ। ਇਸ ਆਦੇਸ਼ ਨਾਲ ਦਿੱਲੀ ਦੇ ਲੱਖਾਂ ਲੋਕਾਂ ਦਾ ਭਾਰੀ ਆਰਥਿਕ ਨੁਕਸਾਨ ਵੀ ਹੋਵੇਗਾ।