ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਨਵੰਬਰ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਤੇ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਅੱਜ ਤੋਂ ਕੇਜਰੀਵਾਲ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਨੂੰ ਲਾਗੂ ਕਰਨ ਖ਼ਿਲਾਫ਼ ਜੰਤਰ-ਮੰਤਰ ’ਤੇ ਧਰਨਾ ਲਗਾਇਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਆਦੇਸ਼ ਗੁਪਤਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨਵੀਂ ਆਬਕਾਰੀ ਨੀਤੀ ਨੂੰ ਲਾਗੂ ਕਰਨ ਦੇ ਹੱਕ ਵਿੱਚ ਦਲੀਲ ਦਿੰਦੀ ਹੈ ਕਿ ਉਹ ਦਿੱਲੀ ਦਾ ਮਾਲੀਆ ਵਧਾਉਣ ਲਈ ਅਜਿਹਾ ਕਰ ਰਹੀ ਹੈ ਪਰ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਮਾਲੀਆ ਵਧਾਉਣ ਦੇ ਹੋਰ ਵੀ ਤਰੀਕੇ ਹਨ। ਉਨ੍ਹਾਂ ਕਿਹਾ ਕਿ ਬਿਹਾਰ ਅਤੇ ਗੁਜਰਾਤ ਵਿੱਚ ਸ਼ਰਾਬ ’ਤੇ ਪਾਬੰਦੀ ਦੇ ਬਾਵਜੂਦ ਇਨ੍ਹਾਂ ਦੀ ਆਮਦਨ ਜ਼ਿਆਦਾ ਹੈ। ਜਦਕਿ ਅਰਵਿੰਦ ਕੇਜਰੀਵਾਲ ਖੁਦ ਕਈ ਵਾਰ ਕਹਿ ਚੁੱਕੇ ਹਨ ਕਿ ਦਿੱਲੀ ਦਾ ਬਜਟ ਸਰਪਲੱਸ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਫਿਕਰ ਕਰਨ ਦੀ ਬਜਾਏ ਕੇਜਰੀਵਾਲ ਸਰਕਾਰ ਆਪਣਾ ਮਾਲੀਆ ਵਧਾਉਣ ਵਿੱਚ ਲੱਗੀ ਹੋਈ ਹੈ ਤੇ ਨੌਜਵਾਨਾਂ ਨੂੰ ਸ਼ਰਾਬ ਦੇ ਨਸ਼ੇ ਵਿੱਚ ਸੁੱਟਣ ਤੋਂ ਵੀ ਗੁਰੇਜ਼ ਨਹੀਂ ਕਰ ਰਹੀ।
ਦਿੱਲੀ ਨੂੰ ਨਸ਼ਿਆਂ ਦੀ ਰਾਜਧਾਨੀ ਬਣਾ ਰਿਹੈ ਕੇਜਰੀਵਾਲ: ਕਾਂਗਰਸ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਨਵੀਂ ਸ਼ਰਾਬ ਨੀਤੀ ਖ਼ਿਲਾਫ਼ ਅੱਜ ਦਿੱਲੀ ਭਰ ’ਚ ਸਾਰੇ ਨਵੇਂ ਖੁੱਲ੍ਹੇ ਸ਼ਰਾਬ ਦੇ ਠੇਕਿਆਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਅਰਵਿੰਦ ਸਰਕਾਰ ਦਿੱਲੀ ਦੇ ਹਰ ਵਾਰਡ ਵਿੱਚ ਤਿੰਨ ਸ਼ਰਾਬ ਦੇ ਠੇਕੇ ਖੋਲ੍ਹ ਕੇ ਦਿੱਲੀ ਨੂੰ ਨਸ਼ਿਆਂ ਦੀ ਰਾਜਧਾਨੀ ਬਣਾਉਣ ਜਾ ਰਹੀ ਹੈ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਚਾਂਦਨੀ ਚੌਕ ਵਿੱਚ ਸੀਤਾਰਾਮ ਬਾਜ਼ਾਰ ਇਲਾਕੇ ਵਿੱਚ ਖੁੱਲ੍ਹੇ ਸ਼ਰਾਬ ਦੇ ਠੇਕੇ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।