
ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਆਗੂ। -ਫੋਟੋ: ਪੀਟੀਆਈ
ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਅਪਰੈਲ
ਵਿਰੋਧੀ ਧਿਰ ਦੇ ਆਗੂ ਰਾਮਵੀਰ ਸਿੰਘ ਬਿਧੂੜੀ, ਸੂਬਾ ਮੀਤ ਪ੍ਰਧਾਨ ਜੈਵੀਰ ਰਾਣਾ ਅਤੇ ਦਿੱਲੀ ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਵਿਨੋਦ ਸਹਿਰਾਵਤ ਦੀ ਅਗਵਾਈ ਹੇਠ ਅੱਜ ਭਾਜਪਾ ਕਿਸਾਨ ਮੋਰਚਾ ਵੱਲੋਂ ਮੁੱਖ ਮੰਤਰੀ ਨਿਵਾਸ ਦੇ ਬਾਹਰ ਪ੍ਰਤੀ ਕਿਸਾਨ ਇੱਕ ਲੱਖ ਰੁਪਏ ਮੁਆਵਜ਼ੇ ਅਤੇ ਮੁਫਤ ਬਿਜਲੀ ਦੇਣ ਦੇ ਝੂਠੇ ਐਲਾਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਬਿਜਲੀ ਮੰਤਰੀ ਆਤਿਸ਼ੀ ਦੇ ਅਸਤੀਫੇ ਦੀ ਮੰਗ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਰਾਮਵੀਰ ਸਿੰਘ ਬਿਧੂੜੀ ਨੇ ਕਿਹਾ ਕਿ ਬਿਜਲੀ ਮੰਤਰੀ ਆਤਿਸ਼ੀ ਨੇ 30 ਮਾਰਚ ਨੂੰ ਪ੍ਰੈਸ ਕਾਨਫਰੰਸ ਕਰ ਕੇ ਦਾਅਵਾ ਕੀਤਾ ਸੀ ਕਿ ਦਿੱਲੀ ਵਿੱਚ ਕਿਸਾਨਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਬਿਜਲੀ ਦਾ ਬਿੱਲ ਨਹੀਂ ਦੇਣਾ ਪੈਂਦਾ ਪਰ ਬੀਤੇ ਦਿਨ ਭਾਜਪਾ ਨੇ ਦਿਖਾਇਆ ਕਿ ਵਿੱਡੀ ਗਿਣਤੀ ਕਿਸਾਨਾਂ ਨੂੰ ਹਜ਼ਾਰਾਂ ਰੁਪਏ ਦੇ ਬਿੱਲ ਆ ਰਹੇ ਹਨ।
ਬਿਧੂੜੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦੇ ਹਨ ਪਰ ਕਿਸਾਨਾਂ ਨੂੰ ਦਿੱਲੀ ਵਿੱਚ ਟਿਊਬਵੈੱਲ ਨਹੀਂ ਲਗਾਉਣ ਦਿੱਤੇ ਜਾਂਦੇ ਅਤੇ ਜੇ ਉਹ ਟਿਊਬਵੈੱਲ ਲਗਾਉਂਦੇ ਹਨ ਤਾਂ ਉਨ੍ਹਾਂ ਨੂੰ ਬਿਜਲੀ ਦਾ ਕੁਨੈਕਸ਼ਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਵਾਅਦਾ ਕਰ ਕੇ ਵੀ ਉਨ੍ਹਾਂ ਨੂੰ ਐੱਮਐੱਸਪੀ ਦੀ 50 ਫੀਸਦੀ ਰਕਮ ਅਦਾ ਨਹੀਂ ਕੀਤੀ। ਕਿਸਾਨਾਂ ਦੀ ਜ਼ਮੀਨ ਐਕੁਆਇਰ ਕਰਨ ਲਈ 5 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਸਿਰਫ਼ 22 ਲੱਖ ਰੁਪਏ ਹੀ ਦਿੱਤੇ ਜਾ ਰਹੇ ਹਨ ਜਦੋਂ ਕਿ ਸਾਹਿਬ ਸਿੰਘ ਵਰਮਾ ਦੇ ਮੁੱਖ ਮੰਤਰੀ ਸਮੇਂ ਵੀ ਇਹ ਰਕਮ 53 ਲੱਖ ਰੁਪਏ ਪ੍ਰਤੀ ਏਕੜ ਸੀ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ