ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਜੁਲਾਈ
ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੇ ਕਿਹਾ ਕਿ ਗੁਜਰਾਤ ਵਿਚ ਸ਼ਰਾਬਬੰਦੀ ਦੇ ਬਾਵਜੂਦ ਨਾਜਾਇਜ਼ ਸ਼ਰਾਬ ਕਾਰਨ ਸੈਂਕੜੇ ਮੌਤਾਂ ਹੋ ਰਹੀਆਂ ਹਨ। ਭਾਜਪਾ ਦੀ ਸਿਆਸੀ ਸਰਪ੍ਰਸਤੀ ਹੇਠ ਲੱਖਾਂ ਕਰੋੜਾਂ ਦੀ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚੱਲ ਰਿਹਾ ਹੈ। ਜਿਸ ਤਰ੍ਹਾਂ ਗੁਜਰਾਤ ’ਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚੱਲ ਰਿਹਾ ਹੈ, ਉਸੇ ਤਰ੍ਹਾਂ ਭਾਜਪਾ ਦਿੱਲੀ ਨੂੰ ਵੀ ਨਾਜਾਇਜ਼ ਸ਼ਰਾਬ ਦਾ ਅੱਡਾ ਬਣਾਉਣਾ ਚਾਹੁੰਦੀ ਹੈ। ਭਾਜਪਾ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਲੈ ਕੇ ਦਿੱਲੀ ’ਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚਲਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।
ਆਤਿਸ਼ੀ ਨੇ ਪਾਰਟੀ ਹੈੱਡਕੁਆਰਟਰ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਆਗੂ ਮਾਪ ਰਹੇ ਹਨ ਕਿ ਜਿਵੇਂ ਗੁਜਰਾਤ ’ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨਾਲ ਲੱਖਾਂ ਕਰੋੜਾਂ ਦਾ ਮੁਨਾਫਾ ਕਮਾਇਆ ਜਾ ਰਿਹਾ ਹੈ, ਇਸੇ ਤਰ੍ਹਾਂ ਦਿੱਲੀ ’ਚ ਵੀ ਹੋਣਾ ਚਾਹੀਦਾ ਹੈ। ਦਿੱਲੀ ਵਿੱਚ ਨਵੀਂ ਆਬਕਾਰੀ ਨੀਤੀ ਆਈ ਹੈ, ਜੋ ਪਾਰਦਰਸ਼ੀ, ਬਿਹਤਰ ਅਤੇ ਦਿੱਲੀ ਨੂੰ ਵੱਧ ਮਾਲੀਆ ਦੇਣ ਵਾਲੀ ਹੈ, ਇਹ ਭਾਜਪਾ ਵਾਲਿਆਂ ਨੂੰ ਬਰਦਾਸ਼ਤ ਨਹੀਂ ਹੈ। ਭਾਰਤੀ ਜਨਤਾ ਪਾਰਟੀ ਦੁਕਾਨਦਾਰਾਂ ਨੂੰ ਡਰਾ ਧਮਕਾ ਕੇ ਸੀਬੀਆਈ, ਈਡੀ ਅਤੇ ਇਨਕਮ ਟੈਕਸ ਵਿਭਾਗ ਨੂੰ ਪਿੱਛੇ ਲਗਾ ਕੇ ਇਨ੍ਹਾਂ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਵਾ ਰਹੀ ਹੈ। ਦਿੱਲੀ ਸਰਕਾਰ ਵੱਲੋਂ 650 ਸ਼ਰਾਬ ਦੀਆਂ ਦੁਕਾਨਾਂ ਨੂੰ ਲਾਇਸੈਂਸ ਦਿੱਤੇ ਗਏ ਸਨ, ਭਾਜਪਾ ਨੇ ਦੁਕਾਨਦਾਰਾਂ ਨੂੰ ਡਰਾ-ਧਮਕਾ ਕੇ 200 ਦੇ ਕਰੀਬ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਵਾ ਦਿੱਤੀਆਂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਰੋਕਣ ਲਈ ਪੂਰੀ ਕੋਸ਼ਿਸ਼ ਕਰੇਗੀ। ਗੁਜਰਾਤ ’ਚ ਪਹਿਲੀ ਵਾਰ ਨਾਜਾਇਜ਼ ਸ਼ਰਾਬ ਨਾਲ ਇੰਨੀ ਵੱਡੀ ਗਿਣਤੀ ’ਚ ਲੋਕਾਂ ਦੀ ਮੌਤ ਹੋਈ ਹੈ। 2009 ਵਿੱਚ 100 ਲੋਕਾਂ ਦੀ ਨਾਜਾਇਜ਼ ਸ਼ਰਾਬ ਕਾਰਨ ਮੌਤ ਹੋ ਗਈ ਸੀ, ਉਸ ਸਮੇਂ ਨਰਿੰਦਰ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ।