Punjab ਵਿੱਚ ਇਕੱਲਿਆਂ ਚੋਣ ਲੜੇਗੀ BJP
Amit Shah ਨੇ ਪੰਜਾਬ ਵਿੱਚ ਚੋਣ ਬਿਗਲ ਵਜਾਇਆ; BJP ਆਗੂਆਂ ਨੂੰ ਸਾਰੀਆਂ 117 ਸੀਟਾਂ 'ਤੇ ਤਿਆਰੀ ਵਿੱਢਣ ਲਈ ਕਿਹਾ
ਪੰਜਾਬ ਵਿੱਚ ਭਾਜਪਾ ਨੇ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜਨ ਦੀ ਤਿਆਰੀ ਖਿੱਚ ਲਈ ਹੈ। ਇਹ ਫੈਸਲਾ ਸ਼ੁੱਕਰਵਾਰ ਰਾਤੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਨਿਤਿਨ ਨਬੀਨ ਨਾਲ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਸ਼ਾਹ ਤੇ ਨਬੀਨ ਨੇ ਪੰਜਾਬ ਦੇ ਆਗੂਆਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪਾਰਟੀ ਨੂੰ ਪਿੰਡਾਂ ਤੇ ਸ਼ਹਿਰਾਂ ਵਿੱਚ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਰਣਨੀਤੀ ਘੜੀ ਗਈ।
ਸ਼ਾਹ ਤੇ ਨਬੀਨ ਨਾਲ ਇਹ ਮੀਟਿੰਗ 4 ਘੰਟੇ ਦੇ ਕਰੀਬ ਚੱਲੀ। ਭਾਜਪਾ ਆਗੂਆਂ ਵੱਲੋਂ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਸੂਬੇ ਦੇ ਵਿਕਾਸ ਕਾਰਜਾਂ, ਲੋਕ ਭਾਈ ਯੋਜਨਾਵਾਂ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਪਾਰਟੀ ਹਾਈਕਮਾਂਡ ਨੇ ਪੰਜਾਬ ਇਕਾਈ ਨੂੰ ਸੂਬੇ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਹਰ ਵਰਗ ਦੀ ਤਰੱਕੀ ਲਈ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੀਟਿੰਗ ਮਗਰੋਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸੂਬੇ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜਨ ਲਈ ਤਿਆਰੀ ਖਿੱਚਣ ਦੇ ਨਿਰਦੇਸ਼ ਦਿੱਤੇ ਹਨ। ਭਾਜਪਾ ਵਿਕਾਸ ਦੇ ਮੁੱਦੇ ’ਤੇ ਚੋਣ ਲੜੇਗੀ। ਭਾਜਪਾ ਵੱਲੋਂ ਦੇਸ਼ ਭਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਜ਼ੋਰ-ਸ਼ੋਰ ਨਾਲ ਪੰਜਾਬ ਵਿੱਚ ਪ੍ਰਚਾਰਿਆ ਜਾਵੇਗਾ। ਪੰਜਾਬ ਦੀ ਆਰਥਿਕ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ, ਜਿਸ ਦਾ ਅਸਰ ਪੰਜਾਬ ਦੇ ਕਿਸਾਨਾਂ, ਵਪਾਰੀ, ਮੁਲਾਜ਼ਮ ਅਤੇ ਹਰ ਵਰਗ ਦੇ ਲੋਕਾਂ ’ਤੇ ਪੈ ਰਿਹਾ।
ਮੀਟਿੰਗ ਵਿੱਚ ਕੇਵਲ ਢਿੱਲੋਂ ਤੋਂ ਇਲਾਵਾ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਸ਼ਵੇਤ ਮਲਿਕ, ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਰਵਨੀਤ ਬਿੱਟੂ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਰਾਜ ਸਭਾ ਮੈਂਬਰ ਤਰੁਣ ਚੁੱਘ, ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਸਾਬਕਾ ਮੰਤਰੀ ਮਨਪ੍ਰੀਤ ਬਾਦਲ, ਫਤਿਹ ਸਿੰਘ ਬਾਜਵਾ, ਸੂਬਾ ਜਨਰਲ ਸਕੱਤਰ ਪਰਮਿੰਦਰ ਬਰਾੜ ਅਤੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਜੈ ਇੰਦਰ ਕੌਰ ਸ਼ਾਮਲ ਸਨ।
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਦੇ ਕੇਂਦਰੀ ਮੰਤਰੀ ਲਗਾਤਾਰ ਪੰਜਾਬ ਦੌਰਿਆਂ ’ਤੇ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਵੀ ਹਰ ਹਫ਼ਤੇ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ। ਨਿਤਿਨ ਨਬੀਨ ਵੀ 20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਆ ਰਹੇ ਹਨ।
ਭਾਜਪਾ ਦਫ਼ਤਰ ਵਿਖੇ ਰਾਤ 8:30 ਤੋਂ 10:30 ਵਜੇ ਤੱਕ ਚੱਲੀ ਦੋ ਘੰਟੇ ਦੀ ਇਸ ਮੀਟਿੰਗ ਵਿੱਚ ਸੂਤਰਾਂ ਅਨੁਸਾਰ ਅਮਿਤ ਸ਼ਾਹ ਨੇ ਕਿਹਾ, "ਪੰਜਾਬ ਨੂੰ ਉਸ ਦੇ ਹਾਲ 'ਤੇ ਨਹੀਂ ਛੱਡਿਆ ਜਾ ਸਕਦਾ। ਸਾਨੂੰ ਹਰ ਹਾਲ ਵਿੱਚ ਪੰਜਾਬ ਨੂੰ ਬਚਾਉਣਾ ਪਵੇਗਾ ਅਤੇ ਇਸ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨਾ ਹੋਵੇਗਾ।"
ਅਮਿਤ ਸ਼ਾਹ ਨੇ ਉਦਾਹਰਣ ਦਿੰਦਿਆਂ ਕਿਹਾ ਕਿ ਭਾਜਪਾ ਨੇ ਗੁਜਰਾਤ ਤੋਂ ਲੈ ਕੇ ਉੱਤਰ ਪ੍ਰਦੇਸ਼ ਅਤੇ ਹੁਣ ਬੰਗਾਲ ਤੱਕ, ਜਿਸ ਵੀ ਸੂਬੇ ਵਿੱਚ ਸਰਕਾਰ ਬਣਾਈ ਹੈ, ਉੱਥੋਂ ਦੀ ਆਰਥਿਕਤਾ ਅਤੇ ਕਾਨੂੰਨ ਵਿਵਸਥਾ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਹੈ।
ਮੀਟਿੰਗ ਵਿੱਚ ਸ਼ਾਮਲ ਹੋਏ ਸੂਤਰਾਂ ਨੇ ਦੱਸਿਆ, "ਪੰਜਾਬ ਨਾਲੋਂ ਵੱਧ ਡਬਲ ਇੰਜਣ ਵਾਲੀ ਸਰਕਾਰ ਦੀ ਲੋੜ ਹੋਰ ਕਿਤੇ ਨਹੀਂ ਹੈ।" ਇਸ ਦੇ ਨਾਲ ਹੀ ਭਾਜਪਾ ਨੇ ਅੱਜ ਸੂਬੇ ਵਿੱਚ ਆਪਣੀ ਕੌਮੀ ਆਊਟਰੀਚ (ਲੋਕਾਂ ਤੱਕ ਪਹੁੰਚਣ ਦੀ ਮੁਹਿੰਮ) ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅੱਜ ਅੰਮ੍ਰਿਤਸਰ ਦੇ ਦੌਰੇ 'ਤੇ ਹਨ। 'ਦਿ ਟ੍ਰਿਬਿਊਨ' ਨੇ ਹਾਲ ਹੀ ਵਿੱਚ ਸਭ ਤੋਂ ਪਹਿਲਾਂ ਇਹ ਰਿਪੋਰਟ ਦਿੱਤੀ ਸੀ ਕਿ ਅਮਿਤ ਸ਼ਾਹ ਦੀ ਅਗਵਾਈ ਵਾਲੀ ਇਸ ਮੁਹਿੰਮ ਦੇ ਤਹਿਤ ਸਾਰੇ ਕੇਂਦਰੀ ਮੰਤਰੀ ਪੰਜਾਬ ਆਉਣਗੇ, ਜਿਸ ਵਿੱਚ ਖੱਟਰ ਤੋਂ ਬਾਅਦ ਹੁਣ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਪੰਜਾਬ ਪਹੁੰਚ ਰਹੇ ਹਨ।
ਦੂਜੇ ਪਾਸੇ, ਨਿਤਿਨ ਨਬੀਨ 20 ਤੋਂ 22 ਜੂਨ ਤੱਕ ਪੰਜਾਬ ਦੌਰੇ 'ਤੇ ਰਹਿਣਗੇ। ਉਹ ਲੁਧਿਆਣਾ ਅਤੇ ਅੰਮ੍ਰਿਤਸਰ ਜਾਣਗੇ ਅਤੇ ਅੰਮ੍ਰਿਤਸਰ ਦੇ ਇੱਕ ਸਰਹੱਦੀ ਇਲਾਕੇ ਵਿੱਚ ਯੋਗਾ ਦਿਵਸ ਦੇ ਪ੍ਰੋਗਰਾਮ ਵਿੱਚ ਵੀ ਹਿੱਸਾ ਲੈਣਗੇ। ਨਬੀਨ ਦੇ ਇਸ ਪੂਰੇ ਪ੍ਰੋਗਰਾਮ ਦੀ ਰੂਪ-ਰੇਖਾ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

