ਨਵੀਂ ਦਿੱਲੀ (ਪੱਤਰ ਪ੍ਰੇਰਕ): ਗੁਰਦੁਆਰਾ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਕੇਂਦਰ ਅਤੇ ਦਿੱਲੀ ਸਰਕਾਰ ਦੇ ਖਾਧ ਮੰਤਰਾਲੇ ਨਾਲ ਮਿਲ ਕੇ ਲੋੜਵੰਦਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਸਰਕਾਰੀ ਅਧਿਕਾਰੀਆਂ ਸਮੇਤ ਤਰਾਸ਼ਾ ਕੌਰ ਨੇ ਪਹੁੰਚ ਕੇ ਲੋਕਾਂ ਨੂੰ ਘਰੇਲੂ ਤੋਂ ਲੈ ਕੇ ਵੱਡੇ ਪੱਧਰ ’ਤੇ ਫ਼ੂਡ ਪ੍ਰੋਸੈਸਿੰਗ ਨਾਲ ਜੁੜੇ ਸਾਮਾਨ ਤਿਆਰ ਕਰਨ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਕੰਮ ਸ਼ੁਰੂ ਕਰਨ ਲਈ ਬੈਂਕਾਂ ਤੋਂ ਲੋਨ ਲੈਣ ਨਾਲ ਸਬੰਧਤ ਜਾਣਕਾਰੀ ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ਰਾਜੌਰੀ ਗਾਰਡਨ ਦੇ ਐਸ.ਡੀ.ਐਮ ਅਸ਼ੀਸ਼ ਕੁਮਾਰ ਅਤੇ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਮੌਜੂਦ ਸਨ। ਇਸ ਸਬੰਧੀ ਹਰਮਨਜੀਤ ਸਿੰਘ ਨੇ ਦੱਸਿਆ ਉਨ੍ਹਾਂ ਦੀ ਪੂਰੀ ਕੋਸ਼ਿਸ਼ ਰਹਿੰਦੀ ਹੈ ਕਿ ਗੁਰਸਿੱਖ ਪਰਿਵਾਰਾਂ ਦੇ ਜਿਹੜੇ ਬੱਚਿਆਂ ਕੋਲ ਰੁਜ਼ਗਾਰ ਨਹੀਂ ਹੈ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਇਸ ਦੇ ਨਾਲ ਹੀ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿੱਚ ਇਕ ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ ਵੱਖ-ਵੱਖ ਸੰਸਥਾਵਾਂ ਵੱਲੋਂ ਪਹੁੰਚ ਕੇ 200 ਦੇ ਕਰੀਬ ਲੋੜਵੰਦਾਂ ਨੂੰ ਉਨ੍ਹਾਂ ਦੀ ਕਾਬਲੀਅਤ ਦੇ ਆਧਾਰ ’ਤੇ ਨੌਕਰੀ ਦੀ ਪੇਸ਼ਕਸ਼ ਕੀਤੀ।