ਨਵੀਂ ਦਿੱਲੀ, 16 ਮਈ
ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਚਲਾਈ ਜਾ ਰਹੀ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮ ਦੀ ਨਿੰਦਾ ਕਰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਜੇਕਰ ਦਿੱਲੀ ਵਿੱਚ 63 ਲੱਖ ਲੋਕਾਂ ਦੀਆਂ ਦੁਕਾਨਾਂ ਅਤੇ ਘਰਾਂ ਨੂੰ ਢਾਹ ਦਿੱਤਾ ਜਾਂਦਾ ਹੈ ਤਾਂ ਇਹ ਸਭ ਤੋਂ ਵੱਡੀ ਤਬਾਹੀ ਹੋਵੇਗੀ। ਇਸ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਕੇਜਰੀਵਾਲ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਭਾਜਪਾ ਦੀ ਅਗਵਾਈ ਵਾਲੇ ਨਗਰ ਨਿਗਮਾਂ ਵੱਲੋਂ ਦਿੱਲੀ ਦੇ ਵੱਖ-ਵੱਖ ਹਿੱਸਿਆਂ ’ਚ ਚਲਾਏ ਜਾ ਰਹੇ ਕਬਜ਼ਾ ਵਿਰੋਧੀ ਮੁਹਿੰਮ ਦਾ ਵਿਰੋਧ ਕਰਨ ਲਈ ਜੇਲ੍ਹ ਜਾਣ ਲਈ ਤਿਆਰ ਰਹਿਣ। ਇਸ ਵੇਲੇ ਦਿੱਲੀ ਦੇ 80 ਫੀਸਦੀ ਤੋਂ ਵੱਧ ਹਿੱਸੇ ਨੂੰ ਗੈਰ-ਕਾਨੂੰਨੀ ਅਤੇ ਕਬਜ਼ੇ ਵਾਲਾ ਕਿਹਾ ਜਾ ਸਕਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਸ ਦਾ ਮਤਲਬ ਇਹ ਹੈ ਕਿ 80 ਫੀਸਦੀ ਦਿੱਲੀ ਨੂੰ ਤਬਾਹ ਕਰ ਦਿੱਤਾ ਜਾਵੇਗਾ।