ਜੂਆ ਖੇਡਣ ਦੇ ਦੋਸ਼ ਹੇਠ ‘ਆਪ’ ਕੌਂਸਲਰ ਖ਼ਿਲਾਫ਼ ਕੇਸ ਦਰਜ
ਇੱਕ ਅਧਿਕਾਰੀ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਹ ਦੇ ਆਧਾਰ ’ਤੇ ਸਵਰੂਪ ਨਗਰ ਪੁਲੀਸ ਥਾਣੇ ਦੀ ਟੀਮ ਨੇ ਛਾਪਾ ਮਾਰ ਕੇ ਜੂਆ ਖੇਡਣ ਦੇ ਦੋਸ਼ ਹੇਠ ਸੱਤ ਜਣਿਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਪੁਲੀਸ ਸੂਤਰਾਂ ਨੇ ਦੱਸਿਆ ਕਿ ਮਾਮਲੇ ’ਚ ਨਾਜ਼ਮਦ ਮੁਲਜ਼ਮਾਂ ’ਚ ‘ਆਪ’ ਦਾ ਮੌਜੂਦਾ ਨਗਰ ਕੌਂਸਲਰ ਜੋਗਿੰਦਰ ਸਿੰਘ ਉਰਫ਼ ਬੰਟੀ ਵੀ ਸ਼ਾਮਲ ਹੈ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਮੁੱਢਲੀ ਜਾਂਚ ਵਿੱਚ ਜੋਗਿੰਦਰ ਸਿੰਘ ਦਾ ਨਾਮ ਸਾਹਮਣੇ ਆਇਆ ਸੀ ਅਤੇ ਉਸ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਪੁਲੀਸ ਵੱਲੋਂ ਇਸ ਮਾਮਲੇ ’ਚ ਜੋਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਮਗਰੋਂ ‘ਆਪ’ ਅਤੇ ਭਾਜਪਾ ਦਰਮਿਆਨ ਜ਼ੁਬਾਨੀ ਜੰਗ ਸ਼ੁਰੂ ਹੋ ਗਈ ਹੈ। ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵੀਰੇਂਦਰ ਸੱਚਦੇਵਾ ਨੇ ਇਸ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਸੱਤਾ ਗੁਆਉਣ ਮਗਰੋਂ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਇੱਕ ਨਵਾਂ ਚਿਹਰਾ ਸਾਹਮਣੇ ਆਇਆ ਹੈ।
ਉਨ੍ਹਾਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੀ ਦਿੱਲੀ ਇਕਾਈ ਦੇ ਪ੍ਰਧਾਨ ਗੌਰਵ ਭਾਰਦਵਾਜ ਨੂੰ ਸਵਾਲ ਕੀਤਾ ਕਿ ਕੀ ਕੌਂਸਲਰ ਨੂੰ ਪਾਰਟੀ ’ਚੋਂ ਬਰਖਾਸਤ ਕੀਤਾ ਜਾਵੇਗਾ ਜਾਂ ਫਿਰ ਮਾਮਲੇ ਨੂੰ ‘ਭਾਜਪਾ ਦੀ ਸਾਜ਼ਿਸ਼’ ਦੱਸ ਕੇ ਖਾਰਿਜ ਕਰ ਦਿੱਤਾ ਜਾਵੇਗਾ।