ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਸਤੰਬਰ
ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਅਪੀਲ ਕੀਤੀ ਹੈ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਸੁਲਤਾਨਪੁਰੀ ਵਿਚ ਤਿੰਨ ਸਿੱਖਾਂ ਨੂੰ ਕਤਲ ਕਰਨ ਦੇ ਮਾਮਲੇ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਵਿਰੁੱਧ ਉੱਚ ਅਦਾਲਤ ਵਿਚ ਅਪੀਲ ਦਾਇਰ ਕਰੇ। ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕਰੀਬ 40 ਸਾਲਾਂ ਬਾਅਦ ਵੀ 1984 ਦੇ ਸਿੱਖ ਕਤਲੇਆਮ ਕੇਸਾਂ ਦੇ ਪੀੜਤਾਂ ਨੂੰ ਇਨਸਾਫ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਸਬੂਤ ਤੇ ਗਵਾਹ ਹੋਣ ਦੇ ਬਾਵਜੂਦ ਦਿੱਲੀ ਦੀ ਰੋਜ਼ ਐਵੇਨਿਊ ਕੋਰਟ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ, ਜੋ ਕਿ ਬਹੁਤ ਹੀ ਦੁਖਦਾਇਕ ਹੈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਬਰੀ ਕਰਨ ਨਾਲ ਉਨ੍ਹਾਂ ਵਰਗੇ ਲੱਖਾਂ ਲੋਕ ਹੋਰ ਦੁਖਦਾਈ ਤੇ ਨਿਆਂ ਤੋਂ ਵਾਂਝੇ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵਾਸਤੇ ਇਹ ਫੈਸਲਾ ਨਾ ਸਿਰਫ ਕਾਨੂੰਨੀ ਤੌਰ ’ਤੇ ਨਿਰਾਸ਼ਾਜਨਕ ਸਾਬਤ ਹੋਇਆ ਹੈ, ਬਲਕਿ ਇਸ ਨਾਲ 1984 ਦੇ ਉਨ੍ਹਾਂ ਕਾਲੇ ਦਿਨਾਂ ਦੌਰਾਨ ਵਾਪਰੀ ਭਿਆਨਕ ਹਿੰਸਾ ਤੇ ਤਸ਼ੱਦਦ ਮੁੜ ਚੇਤੇ ਆ ਗਈ ਹੈ। ਉਨ੍ਹਾਂ ਨੇ ਸੀਬੀਆਈ ਨੂੰ ਅਪੀਲ ਕੀਤੀ ਕਿ ਉਹ ਹਾਈ ਕੋਰਟ ਵਿਚ ਅਪੀਲ ਕਰਕੇ ਨਿਆਂ ਮਿਲਣਾ ਯਕੀਨੀ ਬਣਾਵੇ।
ਉਨ੍ਹਾਂ ਕਿਹਾ ਕਿ ਉਹ 1984 ਦੇ ਸਿੱਖ ਕਤਲੇਆਮ ਕੇਸਾਂ ਵਿਚ ਸਿੱਖ ਕੌਮ ਨੂੰ ਨਿਆਂ ਮਿਲਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ ਤੇ ਯਕੀਨੀ ਬਣਾਉਣਗੇ ਕਿ ਹਰ ਦੋਸ਼ੀ ਸਲਾਖਾਂ ਪਿੱਛੇ ਹੋਵੇ।