ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੇਂਦਰ ਵੱਲੋਂ ਦਿੱਲੀ ਦੇ ਵਿਕਾਸ ਲਈ 821.26 ਕਰੋੜ ਦੀ ਗਰਾਂਟ ਮਨਜ਼ੂਰ

ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ,ਕੇਂਦਰੀ ਗ੍ਰਹਿ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
Advertisement

ਕੇਂਦਰ ਸਰਕਾਰ ਵੱਲੋਂ ਦਿੱਲੀ ਦੇ ਵਿਕਾਸ ਲਈ 821.26 ਕਰੋੜ ਦੀ ਵਿਸ਼ੇਸ਼ ਗਰਾਂਟ ਮਨਜੂਰ ਕੀਤੀ ਗਈ ਹੈ। ਇਸ ਰਕਮ ਦੀ ਵਰਤੋਂ ਸਿਹਤ, ਸਿੱਖਿਆ, ਆਵਾਜਾਈ, ਪਾਣੀ, ਰਿਹਾਇਸ਼, ਊਰਜਾ ਅਤੇ ਐੱਮਆਰਟੀਐੱਸ ਪੜਾਅ-ਚਾਰ ਸਣੇ 33 ਪ੍ਰਾਜੈਕਟਾਂ ਨੂੰ ਚਲਾਉਣ ਲਈ ਕੀਤੀ ਜਾਵੇਗੀ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਇਸ ਗਰਾਂਟ ਨੂੰ ਮਨਜ਼ੂਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਐਕਸ ’ਤੇ ਕਿਹਾ ਕਿ ਦਿੱਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਵੱਲੋਂ 821.26 ਕਰੋੜ ਰੁਪਏ ਦੀ ਵਿਸ਼ੇਸ਼ ਸਹਾਇਤਾ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿੱਤ ਮੰਤਰੀ ਦਾ ਧੰਨਵਾਦ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ‘ਵਿਕਸਤ ਭਾਰਤ’ ਦੇ ਸੰਕਲਪ ਨੂੰ ‘ਵਿਕਸਤ ਦਿੱਲੀ’ ਵਿੱਚ ਬਦਲਣ ਵੱਲ ਇੱਕ ਦੂਰਦਰਸ਼ੀ ਕਦਮ ਹੈ। ਦਿੱਲੀ ਸਰਕਾਰ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ, ਪਾਰਦਰਸ਼ੀ ਅਤੇ ਗੁਣਵੱਤਾਪੂਰਨ ਢੰਗ ਨਾਲ ਪੂਰਾ ਕਰਨ ਲਈ ਵਚਨਬੱਧ ਹੈ। ਇਸ ਰਕਮ ਵਿੱਚੋਂ 105 ਕਰੋੜ ਤੋਂ ਵੱਧ ਰਕਮ ਐੱਮਆਰਟੀਸੀ ਲਈ ਵਰਤੋਂ ਕੀਤੀ ਜਾਵੇਗੀ। ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਵੱਲੋਂ ਦਿੱਲੀ ਦੇ ਵਿਕਾਸ ਦੇ ਕਈ ਵਾਅਦੇ ਕੀਤੇ ਗਏ ਸਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਵਿਕਾਸ ਦੀ ਗੱਲ ਚੋਣ ਭਾਸ਼ਣਾਂ ਦੌਰਾਨ ਕੀਤੀ ਸੀ।

ਦਿੱਲੀ ਨੂੰ ਕੂੜੇ ਤੋਂ ਮੁਕਤੀ ਮੁਹਿੰਮ ਪਹਿਲੀ ਤੋਂ

ਦਿੱਲੀ ਸਰਕਾਰ ਵੱਲੋਂ ਕੌਮੀ ਰਾਜਧਾਨੀ ਦਿੱਲੀ ਸ਼ਹਿਰ ਕੂੜੇ ਤੋਂ ਮੁਕਤੀ ਮੁਹਿੰਗ ਪਹਿਲੀ ਅਗਸਤ ਤੋਂ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਰੇਖਾ ਗੁਪਤਾ ਨੇ ਦੱਸਿਆ ਕਿ ਦਿੱਲੀ ਨੂੰ ਕੂੜੇ ਤੋਂ ਮੁਕਤੀ ਹਰ ਦਿੱਲੀ ਵਾਲੇ ਦੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਪਹਿਲੀ ਤੋਂ 31 ਅਗਸਤ ਤੱਕ ਦਿੱਲੀ ਸਰਕਾਰ ਇੱਕਜੁੱਟ ਹੋ ਕੇ ਸਫ਼ਾਈ ਦਾ ਇੱਕ ਜਨ ਅੰਦੋਲਨ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਦਿੱਲੀ ਵਾਸੀਆਂ ਨੂੰ ਸੱਦਾ ਦਿੱਤਾ ਕਿ ਆਓ, ਅਸੀਂ ਸਾਰੇ ਇਕੱਠੇ ਇੱਕ ਪ੍ਰਣ ਕਰੀਏ, ਅਸੀਂ ਆਪਣੀ ਗਲ਼ੀ, ਆਪਣੀ ਕਲੋਨੀ, ਆਪਣੇ ਸ਼ਹਿਰ ਨੂੰ ਸਾਫ਼ ਅਤੇ ਸੁੰਦਰ ਬਣਾਵਾਂਗੇ। ਮਗਰੋਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਨਵੀਂ ਦਿੱਲੀ ਵਿੱਚ ਲੱਗੇ ‘ਗਲੋਬਲ ਆਊਟਰੀਚ ਸੰਮੇਲਨ 2025’’ ਦਾ ਦੌਰਾ ਕੀਤਾ ਅਤੇ ਸਟਾਲਾਂ ’ਤੇ ਜਾ ਕੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਸੰਮੇਲਨ ਦੇ ਪ੍ਰਬੰਧਕਾਂ ਨਾਲ ਗੱਲਬਾਤ ਵੀ ਕੀਤੀ।

Advertisement

ਮੁੱਖ ਮੰਤਰੀ ਵੱਲੋਂ ਸ਼ਹੀਦੀ ਦਿਹਾੜੇ ਦੇ ਪ੍ਰੋਗਰਾਮਾਂ ਨੂੰ ਅੰਤਿਮ ਛੋਹਾਂ

ਨਵੀਂ ਦਿੱਲੀ: ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਵੱਲੋਂ ਅੱਜ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਵੰਬਰ ਦੇ ਅਖੀਰਲੇ ਹਫਤੇ ਵਿੱਚ ਹੋਣ ਵਾਲੇ ਸਮਾਗਮਾਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਕਪਿਲ ਮਿਸ਼ਰਾ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਸਾਬਕਾ ਐੱਮਪੀ ਤਰਲੋਚਨ ਸਿੰਘ ਆਦਿ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰੇਖਾ ਗੁਪਤਾ ਨੇ ਕਿਹਾ ਕਿ ਦਿੱਲੀ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਦਿੱਲੀ ਸਰਕਾਰ ਨੂੰ ਇਹ ਦਿਹਾੜਾ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਸ੍ਰੀ ਸਿਰਸਾ ਤੇ ਮਿਸ਼ਰਾ ਨੇ ਦੱਸਿਆ ਕਿ ਦਿੱਲੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਣੇ ਪੰਥਕ ਸੰਸਥਾਵਾਂ ਨਾਲ ਮਿਲ ਕੇ ਲਾਲ ਕਿਲ੍ਹੇ ’ਤੇ ਇਹ ਸਮਾਗਮ ਤਿੰਨ ਦਿਨ ਚੱਲੇਗਾ। ਇਸ ਮੌਕੇ ਸ੍ਰੀ ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਲਾਲ ਕਿਲ੍ਹੇ ਦੇ ਸਮਾਗਮਾਂ ਤੋਂ ਇਲਾਵਾ ਦਿੱਲੀ ਦੇ ਬਾਹਰੋਂ ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਦਿੱਲੀ ਵਿਚ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਇਕ ਵਿਸ਼ੇਸ਼ ਜੰਗਲ ਵੀ ਤਿਆਰ ਕੀਤਾ ਜਾ ਰਿਹਾ ਹੈ ਅਤੇ ਸਿੰਘੂ ਬਾਰਡਰ ’ਤੇ ਸਥਿਤ ਯਾਦਗਾਰ ਦਾ ਨਵੀਨੀਕਰਨ ਕਰਦੇ ਹੋਏ, ਅਜਿਹੀ ਵਿਵਸਥਾ ਕੀਤੀ ਜਾਵੇਗੀ ਕਿ ਵਿਦਿਆਰਥੀ ਜਾ ਕੇ ਗੁਰੂ ਸਾਹਿਬ ਦੇ ਜੀਵਨ ਬਾਰੇ ਅਧਿਐਨ ਕਰ ਸਕਣ।

Advertisement