ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਜੂਨ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਵਿੱਚ ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦਾ ਪੇਂਡੂ ਵਿਕਾਸ ਫੰਡ (ਆਰਡੀਐੱਫ) ਬੰਦ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦਾ ਇਹ ਲੋਕ ਵਿਰੋਧੀ ਫੈਸਲਾ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਵੱਡੀ ਢਾਅ ਲਾਉਣ, ਸੰਘੀ ਢਾਂਚੇ ਨੂੰ ਖੋਰਾ ਲਾਉਣ ਤੇ ਖੇਤੀ ਵਿਸ਼ਾ ਰਾਜਾਂ ਦਾ ਹੋਣ ਕਾਰਨ ਸੂਬਿਆਂ ਦੇ ਅਧਿਕਾਰਾਂ ਉੱਤੇ ਡਾਕਾ ਮਾਰਨ ਦੇ ਬਰਾਬਰ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਵੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕਿਹਾ ਇਸੇ ਆਰਡੀਐਫ ਦੇ ਪੈਸੇ ਨਾਲ ਪੰਜਾਬ ਮੰਡੀ ਬੋਰਡ ਪਿੰਡਾਂ ਦੀਆਂ ਅਨਾਜ ਮੰਡੀਆਂ ਨੂੰ ਨਵੀਆਂ ਲਿੰਕ ਸੜਕਾਂ ਬਣਾ ਕੇ ਸ਼ਹਿਰਾਂ ਅਤੇ ਮੰਡੀਆਂ ਨੂੰ ਆਪਸ ਵਿੱਚ ਜੋੜਦਾ ਹੈ ਤੇ ਪੁਰਾਣੀਆਂ ਲਿੰਕ ਸੜਕਾਂ ਦੀ ਮੁਰੰਮਤ ਹੁੰਦੀ ਹੈ। ਇਸ ਤੋਂ ਇਲਾਵਾ ਖੇਤੀਬਾੜੀ ਕਰਦੇ ਸਮੇਂ ਜਾਂ ਸਹਾਇਕ ਧੰਦਿਆਂ ਦੌਰਾਨ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਹੋਣ ਵਾਲੇ ਜਾਨੀ ਜਾਂ ਸਰੀਰਕ ਨੁਕਸਾਨ ਹੋਣ ਕਾਰਨ ਰਾਹਤ ਵਜੋਂ ਉਨ੍ਹਾਂ ਲਾਭਪਾਤਰੀਆਂ ਨੂੰ ਪ੍ਰਤੀਪੂਰਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ ਘੋਰ ਵਿਤਕਰੇ ਨਾਲ ਪੰਜਾਬ ਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਵੱਡਾ ਨੁਕਸਾਨ ਹੋਵੇਗਾ।