ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਦਸੰਬਰ
ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਇੱਥੇ ਪਾਰਟੀ ਹੈੱਡਕੁਆਰਟਰ ਵਿੱਚ ਵੀ ਚੰਡੀਗੜ੍ਹ ਨਗਰ ਨਿਗਮ ’ਚ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਇਆ। ਸਵੇਰ ਤੋਂ ਹੀ ਪਾਰਟੀ ਹੈੱਡਕੁਆਰਟਰ ’ਤੇ ਵਰਕਰ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਜਿਉਂ-ਜਿਉਂ ਵੋਟਾਂ ਦੀ ਗਿਣਤੀ ਅੱਗੇ ਵਧੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਹੁੰਦੀ ਗਈ ਤਾਂ ਪਾਰਟੀ ਦਫ਼ਤਰ ਵਿੱਚ ਵਰਕਰਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਪਾਰਟੀ ਹੈੱਡਕੁਆਰਟਰ ਵਿੱਚ ਵਰਕਰਾਂ ਨੇ ਨੱਚ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਵਰਕਰਾਂ ਨੇ ਇਸ ਜਿੱਤ ’ਤੇ ਇੱਕ ਦੂਜੇ ਨੂੰ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਯੋਗ ਅਗਵਾਈ ਹੇਠ ਦਿੱਲੀ ਨਗਰ ਨਿਗਮ ਵਿੱਚ ਵੀ ਆਮ ਆਦਮੀ ਪਾਰਟੀ ਦੇ ਜਿੱਤਣ ਦੀ ਉਮੀਦ ਜਤਾਈ।
ਚੰਡੀਗੜ੍ਹ ਨਗਰ ਨਿਗਮ ’ਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਤੋਂ ਬਾਅਦ ਦਿੱਲੀ ਨਗਰ ਨਿਗਮ ਚੋਣਾਂ ਵੀ ਸੁਰਖੀਆਂ ’ਚ ਹਨ। ਅਗਲੇ ਕੁਝ ਮਹੀਨਿਆਂ ’ਚ ਹੋਣ ਵਾਲੀਆਂ ਦਿੱਲੀ ਨਗਰ ਨਿਗਮ ਚੋਣਾਂ ਸਬੰਧੀ ਚਰਚਾ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੁਰਗੇਸ਼ ਪਾਠਕ ਦਾ ਕਹਿਣਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਤੋਂ ਜਿੱਤ ਦੀ ਇਹ ਲਹਿਰ ਦਿੱਲੀ ਨਗਰ ਨਿਗਮ ਤੱਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਐੱਮਸੀਡੀ ਵਿੱਚ ਬੈਠੀ ਭਾਜਪਾ ਦੇ ਭ੍ਰਿਸ਼ਟਾਚਾਰ ਤੋਂ ਤੰਗ ਆ ਚੁੱਕੇ ਹਨ। ਹੁਣ ਦਿੱਲੀ ਦੇ ਲੋਕ ਐਮਸੀਡੀ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਚਾਹੁੰਦੇ ਹਨ। ਇਸ ਚੋਣਾਂ ਵਿੱਚ ਦਿੱਲੀ ਦੇ ਲੋਕ ਯਕੀਨੀ ਤੌਰ ’ਤੇ ਆਮ ਆਦਮੀ ਪਾਰਟੀ ਦਾ ਸਾਥ ਦੇਣਗੇ।