ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 15 ਸਤੰਬਰ
ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਿਛਲੇ ਸਾਲ ਵਾਂਗ ਦਿੱਲੀ ’ਚ ਹਰ ਕਿਸਮ ਦੇ ਪਟਾਕਿਆਂ ਦੇ ਭੰਡਾਰਨ, ਵਿਕਰੀ ਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਵਾਂਗ ਦਿੱਲੀ ’ਚ ਪ੍ਰਦੂਸ਼ਣ ਦੀ ਖਤਰਨਾਕ ਸਥਿਤੀ ਦੇ ਮੱਦੇਨਜ਼ਰ ਹਰ ਕਿਸਮ ਦੇ ਪਟਾਕੇ ਸਟੋਰ ਕਰਨ, ਵੇਚਣ ਤੇ ਵਰਤਣ ‘ਤੇ ਪੂਰਨ ਪਾਬੰਦੀ ਲਗਾਈ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਜਾਨ ਬਚਾਈ ਜਾ ਸਕੇ। ਮੁੱਖ ਮੰਤਰੀ ਨੇ ਸਾਰੇ ਵਪਾਰੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਮੁਕੰਮਲ ਪਾਬੰਦੀ ਦੇ ਮੱਦੇਨਜ਼ਰ ਕਿਸੇ ਵੀ ਕਿਸਮ ਦੇ ਪਟਾਕੇ ਭੰਡਾਰ ਨਾ ਕਰਨ। ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੀ ਜ਼ਿੰਮੇਵਾਰੀ ਸਾਨੂੰ ਸਾਰਿਆਂ ਨੂੰ ਲੈਣੀ ਪਵੇਗੀ। ਇਸ ਦੇ ਨਾਲ ਹੀ ‘ਐਨਜੀਟੀ’ ਨੇ ਕਰੋਨਾ ਦੌਰਾਨ ਉਥ ਪਟਾਕੇ ਭੰਡਾਰ ਕਰਨ, ਵੇਚਣ ਤੇ ਵਰਤੋਂ ‘ਤੇ ਪੂਰਨ ਪਾਬੰਦੀ ਦੇ ਆਦੇਸ਼ ਵੀ ਦਿੱਤੇ ਹਨ, ਜਿੱਥੇ ਹਵਾ ਦੀ ਗੁਣਵੱਤਾ ਬਹੁਤ ਮਾੜੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਪਿਛਲੇ 3 ਸਾਲਾਂ ਤੋਂ ਦੀਵਾਲੀ ਦੌਰਾਨ ਦਿੱਲੀ ਦੇ ਪ੍ਰਦੂਸ਼ਣ ਦੀ ਖਤਰਨਾਕ ਸਥਿਤੀ ਦੇ ਮੱਦੇਨਜ਼ਰ, ਹਰ ਕਿਸਮ ਦੇ ਪਟਾਕੇ ਭੰਡਾਰ ਕਰਨ, ਵੇਚਣ ਤੇ ਵਰਤਣ ’ਤੇ ਪੂਰਨ ਪਾਬੰਦੀ ਲਗਾਈ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਜਾਨ ਬਚਾਈ ਜਾ ਸਕੇ। ਇੱਕ ਹੋਰ ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ, ‘ਪਿਛਲੇ ਸਾਲ ਵਪਾਰੀਆਂ ਵੱਲੋਂ ਪਟਾਕੇ ਭੰਡਾਰ ਕਰਨ ਤੋਂ ਬਾਅਦ ਪ੍ਰਦੂਸ਼ਣ ਦੀ ਗੰਭੀਰਤਾ ਦੇ ਮੱਦੇਨਜ਼ਰ ਦੇਰੀ ਨਾਲ ਪੂਰਨ ਪਾਬੰਦੀ ਲਗਾਈ ਗਈ ਸੀ ਜਿਸ ਨਾਲ ਵਪਾਰੀਆਂ ਨੂੰ ਨੁਕਸਾਨ ਹੋਇਆ ਸੀ। ਸਾਰੇ ਵਪਾਰੀਆਂ ਨੂੰ ਅਪੀਲ ਹੈ ਕਿ ਪੂਰਨ ਪਾਬੰਦੀ ਦੇ ਮੱਦੇਨਜ਼ਰ ਇਸ ਵਾਰ ਕਿਸੇ ਵੀ ਤਰ੍ਹਾਂ ਦੀ ਭੰਡਾਰ ਨਾ ਕਰਨ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸਰਕਾਰ 10 ਫੋਕਸ ਪੁਆਇੰਟਾਂ ਦੇ ਅਧਾਰ ਤੇ ਇੱਕ ਸਰਦੀਆਂ ਦੀ ਕਾਰਜ ਯੋਜਨਾ ਤਿਆਰ ਕਰ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਵਿੰਟਰ ਐਕਸ਼ਨ ਪਲਾਨ ਅਨੁਸਾਰ ਵੱਖ -ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ ਤਾਂ ਜੋ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਦਿੱਲੀ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਦਿੱਲੀ ਉਸ ਜ਼ੋਨ ਵਿੱਚ ਹੈ ਜਿੱਥੇ ਪ੍ਰਦੂਸ਼ਣ ਬਹੁਤ ਜ਼ਿਆਦਾ ਹੈ। ਇਸ ਤੋਂ ਇਲਾਵਾ ਇਸ ਸਮੇਂ ਕਰੋਨਾ ਮਹਾਂਮਾਰੀ ਦਾ ਵੀ ਸਾਹਮਣਾ ਕਰ ਰਹੇ ਹਾਂ। ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਹਰ ਕਿਸਮ ਦੇ ਪਟਾਕਿਆਂ ਦੇ ਭੰਡਾਰਨ, ਵਿਕਰੀ ਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ।