ਨਵੀਂ ਦਿੱਲੀ: ਜਸਟਿਸ (ਰਿਟਾ.) ਆਰਐੱਸ ਸੋਢੀ ਨੇ ਕੋਲਕਾਤਾ ਪੁਲੀਸ ਵੱਲੋਂ ਸਾਬਕਾ ਫੌਜੀ ਬਲਵਿੰਦਰ ਸਿੰਘ ਨਾਲ ਕੀਤੀ ਵਧੀਕੀ ਦੀ ਨਿਖੇਧੀ ਕੀਤੀ ਹੈ ਤੇ ਉਸ ਦੀ ਫੌਰੀ ਰਿਹਾਈ ਦੀ ਮੰਗ ਕੀਤੀ ਹੈ। ਜਸਟਿਸ ਸੋਢੀ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕਾਨੂੰਨਾਂ ਨੂੰ ਗਲਤ ਤਰੀਕੇ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਕਾਨੂੰਨ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਸਾਬਕਾ ਸੈਨਿਕ ਹੈ ਜਿਸ ਨੇ ਦੇਸ਼ ਦੀ ਸੇਵਾ ਵਿਚ 20 ਸਾਲ ਲਗਾਏ ਹਨ ਤੇ ਕੋਲਕਾਤਾ ਪੁਲੀਸ ਵੱਲੋਂ ਕੀਤੀ ਧੱਕੇਸ਼ਾਹੀ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਉਸ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਧਾਰਾ 295-ਏ ਤਹਿਤ ਕਾਰਵਾਈ ਹੋਣੀ ਚਾਹੀਦੀ ਹੈ। ਜਸਟਿਸ ਸੋਢੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਿੱਖ ਕੌਮ ਲਈ ਕੀਤੀ ਜਾ ਰਹੀ ਸੇਵਾ ਉੱਤੇ ਬਲਵਿੰਦਰ ਸਿੰਘ ਦੀ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ