ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁੱਖ ਹੋ ਕੇ ਗਲਤ ਤਰੀਕੇ ਤਸਵੀਰਾਂ ਖਿਚਵਾ ਕੇ ਗੁਰੂ ਸਾਹਿਬ ਦੀ ਬੇਅਦਬੀ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਇਸ ਘਟਨਾ ਲਈ ਸਮੁੱਚੇ ਸਿੱਖ ਜਗਤ ਤੋਂ ਮੁਆਫੀ ਮੰਗੇ। ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਉਹ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਸਾਹਮਣੇ ਆਈਆਂ ਤਸਵੀਰਾਂ ਤੇ ਵੀਡੀਓ ਵੇਖ ਕੇ ਹੈਰਾਨ ਹਨ ਕਿ ਪੂਰੀ ਦੁਨੀਆਂ ਦੇ ਸਿੱਖਾਂ ਲਈ ਇਸ ਪਵਿੱਤਰ ਸਥਾਨ ’ਤੇ ਕਿਵੇਂ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਰਕਾਰ ਨੁੰ ਚਿੱਠੀ ਵੀ ਲਿਖ ਰਹੇ ਹਨ।