ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਅਗਸਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅਫਗਾਨਿਤਸਾਨ ਵਿਚ ਇਤਿਹਾਸਕ ਗੁਰਦੁਆਰਾ ਥਲਾ ਸਾਹਿਬ ਵਿਚ ਨਿਸ਼ਾਨ ਸਾਹਿਬ ਲਾਹੇ ਜਾਣ ਦੀ ਨਿਖੇਧੀ ਕੀਤੀ ਹੈ। ਸ੍ਰੀ ਸਿਰਸਾ ਨੇ ਕਿਹਾ ਕਿ ਇਹ ਅਸਥਾਨ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਦੀ ਚਰਨ ਛੋਹ ਪ੍ਰਾਪਤ ਹੈ ਤੇ ਇਹ ਬਹੁਤ ਪਵਿੱਤਰ ਥਾਂ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਕਾਰਨ ਸਾਰੀ ਸਿੱਖ ਸੰਗਤ ਵਿੱਚ ਰੋਹ ਹੈ। ਉਨ੍ਹਾਂ ਕਿਹਾ ਕਿ ਇਸ ਥਾਂ ’ਤੇ ਤਾਲਿਬਾਨ ਵੱਲੋਂ ਨਿਸ਼ਾਨ ਸਾਹਿਬ ਲਾਹਿਆ ਜਾਣਾ ਬੇਹੱਦ ਨਿੰਦਣਯੋਗ ਹੈ। ਸ੍ਰੀ ਸਿਰਸਾ ਨੇ ਮਾਮਲੇ ਵਿਚ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਤੋਂ ਦਖਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੂੰ ਤੁਰੰਤ ਇਹ ਮਾਮਲਾ ਅਫਗਾਨਿਸਤਾਨ ਦੇ ਪ੍ਰਧਾਨ ਮੰਤਰੀ ਕੋਲ ਚੁੱਕਣਾ ਚਾਹੀਦਾ ਹੈ ਤੇ ਜਿਥੇ ਪਹਿਲਾਂ ਨਿਸ਼ਾਨ ਸਾਹਿਬ ਸੁਸ਼ੋਭਿਤ ਸੀ, ਉਥੇ ਹੀ ਮੁੜ ਲਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਵਿਚ ਪਿਛਲੇ ਲੰਬੇ ਸਮੇਂ ਤੋਂ ਹਿੰਦੂ ਤੇ ਸਿੱਖਾਂ ’ਤੇ ਅੱਤਿਆਚਾਰ ਹੋ ਰਿਹਾ ਸੀ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਪਹਿਲਾਂ 500 ਤੋਂ ਜ਼ਿਆਦਾ ਲੋਕਾਂ ਨੂੰ ਇਥੇ ਭਾਰਤ ਵਿਚ ਲਿਆਂਦਾ ਸੀ। ਉਨ੍ਹਾਂ ਕਿਹਾ ਕਿ ਉਥੇ ਜੋ ਹੋ ਰਿਹਾ, ਉਹ ਬਹੁਤ ਹੀ ਚਿੰਤਾਜਨਕ ਹੈ। ਉਨ੍ਹਾਂ ਮੰਗ ਕੀਤੀ ਕਿ ਉਥੇ ਬਚੇ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।