ਦਿੱਲੀ ਹੈਬੀਟੈੱਟ ਸੈਂਟਰ ’ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਦੀ ਨਿਖੇਧੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐੱਸ ਜੀ ਐੱਮ ਸੀ) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਵੱਲੋਂ ਦਿੱਲੀ ਹੈਬੀਟੈਟ ਸੈਂਟਰ ਵਿੱਚ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਉਣ ’ਤੇ ਸਖ਼ਤ ਇਤਰਾਜ਼ ਜਤਾਇਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਜਿਸ ਸਥਾਨ ’ਤੇ ਸ਼ਰਾਬ ਅਤੇ ਮੀਟ ਦੀ ਵਰਤੋਂ ਹੁੰਦੀ ਹੋਵੇ, ਉੱਥੇ ਗੁਰੂ ਸਾਹਿਬ ਨੂੰ ਸਮਰਪਿਤ ਸੈਮੀਨਾਰ ਕਰਵਾਉਣਾ ਬੇਹੱਦ ਸ਼ਰਮਨਾਕ ਅਤੇ ਮੰਦਭਾਗਾ ਹੈ। ਉਨ੍ਹਾਂ ਇਸ ਗੱਲ ’ਤੇ ਵੀ ਸਵਾਲ ਚੁੱਕਿਆ ਕਿ ਪ੍ਰੋਗਰਾਮ ਦਾ ਸਵਾਗਤੀ ਭਾਸ਼ਣ ਸੁਖਬੀਰ ਸਿੰਘ ਬਾਦਲ ਦੇਣਗੇ, ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਸੰਬੋਧਨ ਉਨ੍ਹਾਂ ਤੋਂ ਬਾਅਦ ਰੱਖਿਆ ਗਿਆ ਹੈ। ਦਿੱਲੀ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਣ ਅਤੇ ਤੁਰੰਤ ਸੈਮੀਨਾਰ ਦਾ ਸਥਾਨ ਬਦਲਣ। ਉਨ੍ਹਾਂ ਪੇਸ਼ਕਸ਼ ਕੀਤੀ ਕਿ ਇਹ ਸੈਮੀਨਾਰ ਦਿੱਲੀ ਕਮੇਟੀ ਦੇ ਕਿਸੇ ਵੀ ਵਿਦਿਅਕ ਅਦਾਰੇ, ਜਿਵੇਂ ਕਿ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿੱਚ ਕਰਵਾਇਆ ਜਾ ਸਕਦਾ ਹੈ। ਹਾਲਾਂਕਿ ਉਨ੍ਹਾਂ ਇੱਕ ਸ਼ਰਤ ਰੱਖੀ ਕਿ ਜੇ ਦਿੱਲੀ ਕਮੇਟੀ ਸਹਿਯੋਗ ਕਰੇਗੀ, ਤਾਂ ਸਟੇਜ ਤੋਂ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਹੀ ਸੰਬੋਧਨ ਕਰਨਗੇ ਅਤੇ ਕਿਸੇ ਵੀ ਸਿਆਸੀ ਆਗੂ ਨੂੰ ਬੋਲਣ ਦੀ ਇਜਾਜ਼ਤ ਨਹੀਂ ਹੋਵੇਗੀ।