ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ਼ਹੀਦੀ ਸਮਾਗਮ ’ਚ ਮਰਿਆਦਾ ਦੀ ਉਲੰਘਣਾ ਦੀ ਨਿਖੇਧੀ

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਨੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਨੂੰ ਘੇਰਿਆ
Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿੱਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਲੈ ਕੇ ਕਰਵਾਏ ਗਏ ਸਮਾਗਮ ਵਿੱਚ ਗਾਇਕ ਬੀਰ ਸਿੰਘ ਵੱਲੋਂ ਰੋਮਾਂਟਿਕ ਗਾਣੇ ਗਾ ਕੇ ਭੰਗੜੇ ਪੁਆਉਣ ਦੀ ਨਿਖੇਧੀ ਕੀਤੀ ਹੈ।

ਇੱਥੇ ਜਾਰੀ ਕੀਤੇ ਇੱਕ ਬਿਆਨ ਵਿੱਚ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਪ੍ਰੋਗਰਾਮ ਵਿੱਚ ਅਜਿਹੀ ਗਾਇਕੀ ਨਾਲ ਭੰਗੜੇ ਪੁਆਏ ਗਏ, ਜਿਸਨੇ ਸਾਰਿਆਂ ਦਾ ਸਿਰ ਸ਼ਰਮ ਨਾਲ ਨੀਵਾਂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹੋ ਜਿਹੀ ਘਟੀਆ ਹਰਕਤ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖ ਧਰਮ ਅਤੇ ਸਿੱਖ ਕੌਮ ਦਾ ਮਜ਼ਾਕ ਉਡਾਇਆ ਹੈ। ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਜਿਸ ਸਰਕਾਰ ਨੂੰ ਸਿੱਖ ਧਰਮ ਬਾਰੇ ਗਿਆਨ ਹੀ ਨਹੀਂ ਹੈ ਜਿਸਦੇ ਬਹੁਤੇ ਮੰਤਰੀ ਸਿੱਖੀ ਸਰੂਪ ਵਿੱਚ ਹੀ ਨਹੀਂ ਹਨ, ਉਸ ਸਰਕਾਰ ਤੋਂ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਨੂੰ ਸਹੀ ਤਰੀਕੇ ਨੇਪਰੇ ਚਾੜ੍ਹਨ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ। ਦਿੱਲੀ ਕਮੇਟੀ ਨੇ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਵੀ ਕਰੜੇ ਹੱਥੀਂ ਲਿਆ ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਸਾਬਤ ਹੋਈ ਹੈ ਜਿਸਨੇ ਮਾਮਲੇ ਵਿਚ ਚੁੱਪ ਵੱਟੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਪੰਜਾਬ ’ਚ ਪੂਰੀ ਤਰ੍ਹਾਂ ਸਰਗਰਮ ਹੁੰਦੀ ਤਾਂ ਪੰਜਾਬ ਸਰਕਾਰ ਦੀ ਅਜਿਹੀ ਕੋਝੀ ਹਰਕਤ ਕਰਨ ਦੀ ਕਦੇ ਜੁਰੱਅਤ ਨਾ ਪੈਂਦੀ।

Advertisement

‘ਅਕਾਲ ਤਖਤ ’ਤੇ ਮੰਤਰੀ ਹਰਜੋਤ ਬੈਂਸ ਤੇ ਗਾਇਕ ਬੀਰ ਸਿੰਘ ਨੂੰ ਤਨਖ਼ਾਹ ਲਾਈ ਜਾਵੇ’

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ ਮੰਤਰੀ ਹਰਜੋਤ ਬੈਂਸ ਅਤੇ ਗਾਇਕ ਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਤਨਖ਼ਾਹ ਲਗਾਈ ਜਾਵੇ। ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਕਿ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਸਿੱਖਾਂ ਦੇ ਮਨਾਂ ਨੂੰ ਸ਼ਾਂਤੀ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਹਰਕਤ ਕਰਕੇ ਸਾਰੀ ਕੌਮ ਰੋਹ ਵਿੱਚ ਹੈ।

Advertisement