ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜੂਨ
ਸ਼੍ਰੋਮਣੀ ਅਕਾਲੀ ਦਲ ਨੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ 15 ਕਰੋੜ ਰੁਪਏ ਪਟਿਆਲਾ ਇੰਪਰੂਵਮੈਂਟ ਟਰੱਸਟ ਨੂੰ ਭੇਜਣ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਅੰਮ੍ਰਿਤਸਰ ਨਾਲ ਬੇਇਨਸਾਫ਼ੀ ਨਾ ਕੀਤੀ ਜਾਵੇ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਨੇ ਪੈਂਡਿੰਗ ਪਏ ਵਿਕਾਸ ਕਾਰਜ ਪੂਰੇ ਕਰਨ ਵਾਸਤੇ ਆਪਣੀਆਂ ਜਾਇਦਾਦਾਂ ਵੇਚ ਕੇ ਇਹ 15 ਕਰੋੜ ਰੁਪਏ ਇਕੱਠੇ ਕੀਤੇ ਸਨ। ਇਹ ਪੈਸਾ ਪਟਿਆਲਾ ਇੰਪਰੂਵਮੈਂਟ ਟਰੱਸਟ ਨੂੰ ਤਬਦੀਲ ਕਰਨ ਨਾਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਕੰਮਕਾਜ ਪ੍ਰਭਾਵਿਤ ਹੋਵੇਗਾ ਤੇ ਟਰੱਸਟ ਵੱਲੋਂ ਕੀਤੇ ਜਾ ਰਹੇ ਸਾਰੇ ਕੰਮ ਰੁਕ ਜਾਣਗੇ।