ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਦਸੰਬਰ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2013 ਵਿਚ ਗੈਸਟ ਟੀਚਰਾਂ ਸਮੇਤ ਦਿੱਲੀ ਦੇ ਹਜ਼ਾਰਾਂ ਨੌਜਵਾਨਾਂ ਨੂੰ ਗੁੰਮਰਾਹ ਕਰ ਕੇ ਸੱਤਾ ਵਿਚ ਆਉਣ ਲਈ ਜੋ ਕੰਮ ਕੀਤਾ ਸੀ ਉਹੀ ਕੰਮ ਪੰਜਾਬ ਵਿਚ ਕਰ ਰਹੇ ਹਨ। ਉਹ ਉੱਤਰਾਖੰਡ, ਗੋਆ, ਉੱਤਰ ਪ੍ਰਦੇਸ਼ ਵਿੱਚ ਦੋਹਰਾ ਰਹੇ ਹਨ ਅਤੇ ਝੂਠੇ ਚੋਣ ਵਾਅਦੇ ਕਰ ਰਹੇ ਹਨ ਅਤੇ ਉੱਥੋਂ ਦੇ ਲੋਕਾਂ ਨੂੰ ਪੂਰੀ ਤਰ੍ਹਾਂ ਨਾਲ ਭਰਮਾਉਣ ਦਾ ਕੰਮ ਕਰ ਰਹੇ ਹਨ। ਇੱਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ‘ਆਪ’ ਨੇ 2013, 2015 ਤੇ 2020 ਦੇ ਚੋਣ ਮੈਨੀਫੈਸਟੋ ਵਿੱਚ ਅਧਆਪਕਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤ ਸਾਲ ਰਾਜ ਕਰਨ ਦੇ ਬਾਵਜੂਦ ਇਕ ਵੀ ਠੇਕਾ ਅਧਿਆਪਕ ਨੂੰ ਪੱਕਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਦਿੱਲੀ ਸਕੱਤਰੇਤ ਵਿੱਚ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਇਹ ਝੂਠਾ ਪ੍ਰਚਾਰ ਕੀਤਾ ਜਾ ਗਿਆ ਹੈ ਕਿ ਗੈਸਟ ਟੀਚਰ ਖੁਸ਼ ਹਨ ਅਤੇ ਦਿੱਲੀ ਸਰਕਾਰ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦੇਵੇਗੀ। ਉਨ੍ਹਾਂ ਕਿਹਾ ਕਿ ਗੈਸਟ ਟੀਚਰ ਦੀ ਜੋ ਪੇਅ-ਸਲਿੱਪ ਪ੍ਰਾਪਤ ਹੋਈ ਹੈ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਉਨ੍ਹਾਂ ਨੂੰ ਸਿਰਫ਼ 14030 ਹਜ਼ਾਰ ਰੁਪਏ ਮਿਲ ਰਹੇ ਹਨ ਜਦੋਂ ਕਿ ਸਿੱਖਿਆ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਮਿਤੀ 3/3/2017 ਦੇ ਹੁਕਮਾਂ ਅਨੁਸਾਰ ਵੱਧ ਤੋਂ ਵੱਧ ਰਕਮ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਅਧਿਆਪਕਾਂ ਨੂੰ ਸਿਰਫ ਕੰਮਕਾਜੀ ਦਿਨਾਂ ਦੇ 1445 ਰੁਪਏ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਗੈਸਟ ਟੀਚਰਾਂ ਨੂੰ ਪੱਕਾ ਕਰਨ ਦਾ ਬਿੱਲ ਪਿਛਲੇ ਚਾਰ ਸਾਲਾਂ ਤੋਂ ਉਪ ਰਾਜਪਾਲ ਕੋਲ ਪਿਆ ਹੈ।