ਦਿੱਲੀ ਦੀ ਇੱਕ ਅਦਾਲਤ ਵੱਲੋਂ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ਰਾਬ ਨੀਤੀ ਕੇਸ ਵਿੱਚੋਂ ਬਰੀ ਕੀਤੇ ਜਾਣ ਤੋਂ ਤੁਰੰਤ ਬਾਅਦ ਦਿੱਲੀ ਕਾਂਗਰਸ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਅੱਜ ਵੀਡੀਓ ਬਿਆਨ ਜਾਰੀ ਕਰਦਿਆਂ ਯਾਦਵ ਨੇ ਕਿਹਾ ਕਿ ਅਜਿਹੇ ਫੈਸਲੇ ਅਕਸਰ ਰਾਜਾਂ ਦੀਆਂ ਚੋਣਾਂ ਦੇ ਨੇੜੇ ਹੀ ਕਿਉਂ ਆਉਂਦੇ ਹਨ, ਜੋ ਕਿ ਕਈ ਸਵਾਲ ਖੜ੍ਹੇ ਕਰਦਾ ਹੈ।
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਕਿਹਾ, ‘‘ਮੈਨੂੰ ਹੁਣੇ ਸੂਚਨਾ ਮਿਲੀ ਹੈ ਕਿ ਕੇਜਰੀਵਾਲ ਅਤੇ ਸਿਸੋਦੀਆ ਨੂੰ ਸ਼ਰਾਬ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਇਹ ਯਕੀਨੀ ਤੌਰ ’ਤੇ ਕਿਤੇ ਨਾ ਕਿਤੇ ਸਵਾਲ ਖੜ੍ਹੇ ਕਰਦਾ ਹੈ, ਕਿਉਂਕਿ ਗੁਜਰਾਤ ਵਿਧਾਨ ਸਭਾ ਚੋਣਾਂ ਸਿਰ ’ਤੇ ਹਨ।’’ ਯਾਦਵ ਨੇ ਦੋਸ਼ ਲਾਇਆ ਕਿ ਜਦੋਂ ਵੀ ਕਿਸੇ ਰਾਜ ਵਿੱਚ ਚੋਣਾਂ ਹੋਣ ਵਾਲੀਆਂ ਹੁੰਦੀਆਂ ਹਨ, ਉਦੋਂ ਹੀ ਉਸ ਰਾਜ ਨਾਲ ਸਬੰਧਤ ਆਗੂਆਂ ਬਾਰੇ ਨਵੇਂ ਫੈਸਲੇ ਆਉਣੇ ਸ਼ੁਰੂ ਹੋ ਜਾਂਦੇ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਗੁਜਰਾਤ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਰਾਹਤ ਦੇਣਾ ਅਤੇ ਤਾਮਿਲਨਾਡੂ ਚੋਣਾਂ ਤੋਂ ਪਹਿਲਾਂ ਸੀਨੀਅਰ ਕਾਂਗਰਸ ਆਗੂ ਪੀ ਚਿਦੰਬਰਮ ਖਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇਣਾ ਸਿਆਸੀ ਫੈਸਲਿਆਂ ਵਿੱਚ ਮੌਜੂਦ ਖਾਮੀਆਂ ਵੱਲ ਇਸ਼ਾਰਾ ਕਰਦਾ ਹੈ। ਜ਼ਿਕਰਯੋਗ ਹੈ ਕਿ ਰਾਊਜ਼ ਐਵੇਨਿਊ ਅਦਾਲਤ ਨੇ ਕੇਜਰੀਵਾਲ, ਸਿਸੋਦੀਆ ਅਤੇ 21 ਹੋਰਾਂ ਨੂੰ ਇਸ ਬਹੁ-ਚਰਚਿਤ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ।

