ਦਿੱਲੀ ਦੇ ਮਾਲਵੀਆ ਨਗਰ ਇਲਾਕੇ ਵਿੱਚ ਉੱਤਰ-ਪੂਰਬੀ ਭਾਰਤ ਦੀਆਂ ਤਿੰਨ ਔਰਤਾਂ ’ਤੇ ਨਸਲੀ ਟਿੱਪਣੀਆਂ ਕਰਨ ਦੇ ਦੋਸ਼ ਹੇਠ ਦਿੱਲੀ ਪੁਲੀਸ ਨੇ ਅੱਜ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰੂਬੀ ਜੈਨ ਅਤੇ ਉਸ ਦੇ ਪਤੀ ਹਰਸ਼ ਪ੍ਰਿਆ ਸਿੰਘ ਵਜੋਂ ਹੋਈ ਹੈ। ਬਾਅਦ ਵਿੱਚ ਦੋਵਾਂ ਨੂੰ ਮੈਜਿਸਟਰੇਟ ਭਾਨੂ ਪ੍ਰਤਾਪ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 11 ਮਾਰਚ ਤੱਕ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਪੁਲੀਸ ਅਨੁਸਾਰ ਇਹ ਘਟਨਾ 20 ਫਰਵਰੀ ਨੂੰ ਵਾਪਰੀ ਸੀ ਜਦੋਂ ਕਿਰਾਏ ਦੇ ਮਕਾਨ ਵਿੱਚ ਮੁਰੰਮਤ ਦੇ ਕੰਮ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋਈ। ਇਸ ਦੌਰਾਨ ਰੂਬੀ ਜੈਨ ਨੇ ਅਰੁਣਾਚਲ ਪ੍ਰਦੇਸ਼ ਦੀਆਂ ਤਿੰਨ ਔਰਤਾਂ ਖਿਲਾਫ਼ ਕਥਿਤ ਤੌਰ ’ਤੇ ਅਪਮਾਨਜਨਕ ਅਤੇ ਨਸਲੀ ਟਿੱਪਣੀਆਂ ਕੀਤੀਆਂ। ਸ਼ਿਕਾਇਤ ਦੇ ਆਧਾਰ ’ਤੇ ਮਾਲਵੀਆ ਨਗਰ ਪੁਲੀਸ ਸਟੇਸ਼ਨ ਵਿੱਚ ਐੱਫ ਆਈ ਆਰ ਦਰਜ ਕੀਤੀ ਗਈ ਸੀ। ਮੁੱਢਲੇ ਤੌਰ ’ਤੇ ਕੇਸ ਭਾਰਤੀ ਨਿਆਂ ਸੰਹਿਤਾ (ਬੀ ਐੱਨ ਐੱਸ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ, ਜਿਸ ਵਿੱਚ ਅਪਰਾਧਿਕ ਧਮਕੀ, ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਅਤੇ ਸਮੂਹਾਂ ਵਿਚਕਾਰ ਦੁਸ਼ਮਣੀ ਪੈਦਾ ਕਰਨ ਦੇ ਦੋਸ਼ ਸ਼ਾਮਲ ਸਨ। ਬਾਅਦ ਵਿੱਚ ਜਾਂਚ ਦੌਰਾਨ ਵੀਡੀਓ ਰਿਕਾਰਡਿੰਗਾਂ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਮੁਲਜ਼ਮ ਔਰਤ ਖਿਲਾਫ਼ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅੱਤਿਆਚਾਰ ਰੋਕੂ) ਐਕਟ (ਐੱਸ ਸੀ/ਐੱਸ ਟੀ ਐਕਟ) ਦੀਆਂ ਧਾਰਾਵਾਂ ਵੀ ਜੋੜ ਦਿੱਤੀਆਂ ਹਨ।
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਐੱਸ ਸੀ/ਐੱਸ ਟੀ ਐਕਟ ਜੋੜਨ ਤੋਂ ਬਾਅਦ ਮਾਮਲੇ ਦੀ ਜਾਂਚ ਹੁਣ ਏ ਸੀ ਪੀ ਰੈਂਕ ਦੇ ਅਧਿਕਾਰੀ ਨੂੰ ਸੌਂਪੀ ਗਈ ਹੈ।
ਮੁੱਖ ਮੰਤਰੀ ਵੱਲੋਂ ਘਟਨਾ ਦੀ ਨਿਖੇਧੀ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਮਾਲਵੀਆ ਨਗਰ ਇਲਾਕੇ ਵਿੱਚ ਉੱਤਰ-ਪੂਰਬੀ ਭਾਰਤ ਦੀਆਂ ਔਰਤਾਂ ਨਾਲ ਹੋਈ ਬਦਸਲੂਕੀ ਅਤੇ ਨਸਲੀ ਟਿੱਪਣੀਆਂ ਦੀ ਘਟਨਾ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਵੀਡੀਓ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਸੋਸ਼ਲ ਮੀਡੀਆ ਰਾਹੀਂ ਆਇਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਦਿੱਲੀ ਵਿੱਚ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਜਾਂ ਬਦਸਲੂਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, “ਉੱਤਰ-ਪੂਰਬ ਤੋਂ ਆਈਆਂ ਸਾਡੀਆਂ ਭੈਣਾਂ ਨਾਲ ਹੋਈ ਘਟਨਾ ਦੀ ਮੈਂ ਸਖ਼ਤ ਨਿੰਦਾ ਕਰਦੀ ਹਾਂ। ਦਿੱਲੀ ਦੇਸ਼ ਦੀ ਰਾਜਧਾਨੀ ਹੈ ਅਤੇ ਇੱਥੇ ਹਰ ਨਾਗਰਿਕ ਦਾ ਸਨਮਾਨ ਅਤੇ ਅਧਿਕਾਰ ਬਰਾਬਰ ਹਨ। ਸਰਹੱਦੀ ਰਾਜਾਂ ਤੋਂ ਲੋਕ ਇੱਥੇ ਰੋਜ਼ੀ-ਰੋਟੀ ਕਮਾਉਣ ਆਉਂਦੇ ਹਨ ਅਤੇ ਸ਼ਹਿਰ ਦੀ ਤਰੱਕੀ ਵਿੱਚ ਯੋਗਦਾਨ ਪਾਉਂਦੇ ਹਨ। ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।” ਉਨ੍ਹਾਂ ਐਲਾਨ ਕੀਤਾ ਕਿ ਉਹ ਜਲਦੀ ਹੀ ਪੀੜਤ ਔਰਤਾਂ ਅਤੇ ਹੋਰ ਉੱਤਰ-ਪੂਰਬੀ ਨਾਗਰਿਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਲੋੜ ਪੈਣ ’ਤੇ ਨੀਤੀਗਤ ਬਦਲਾਅ ਵੀ ਕੀਤੇ ਜਾਣਗੇ।

