Court dismisses Satyender Jain's appeal ਮਾਣਹਾਨੀ ਦੇ ਮਾਮਲੇ ਵਿੱਚ ਸਤੇਂਦਰ ਜੈਨ ਦੀ ਅਪੀਲ ਖਾਰਜ
ਦਿੱਲੀ ਦੀ ਇੱਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਕੁਮਾਰ ਜੈਨ ਦੀ ਉਸ ਅਪੀਲ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਭਾਜਪਾ ਦੇ ਸੰਸਦ ਮੈਂਬਰ ਬਾਂਸੁਰੀ ਸਵਰਾਜ ਖ਼ਿਲਾਫ਼ ਮਾਣਹਾਨੀ ਦਾ ਕੇਸ ਚਲਾਉਣ ਦੀ ਸ਼ਿਕਾਇਤ ਕੀਤੀ ਗਈ ਸੀ। ਇਸ ਸ਼ਿਕਾਇਤ ਨੂੰ ਹੇਠਲੀ ਅਦਾਲਤ ਨੇ ਖਾਰਜ ਕਰ ਦਿੱਤਾ ਸੀ ਤੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ। ਅਦਾਲਤ ਨੇ ਅੱਜ ਇਸ ਕੇਸ ਸਬੰਧੀ ਹੇਠਲੀ ਅਦਾਲਤ ਦੇ ਮੈਜਿਸਟ੍ਰੇਟ ਦੇ ਹੁਕਮਾਂ ਨਾਲ ਸਹਿਮਤੀ ਪ੍ਰਗਟਾਈ।
ਜ਼ਿਕਰਯੋਗ ਹੈ ਕਿ ਹੇਠਲੀ ਅਦਾਲਤ ਨੇ 20 ਫਰਵਰੀ ਨੂੰ ਜੈਨ ਵੱਲੋਂ ਦਾਇਰ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਨੂੰ ਖਾਰਜ ਕਰ ਦਿੱਤਾ ਸੀ। ਅਪਰਾਧਿਕ ਮਾਣਹਾਨੀ ਲਈ ਵੱਧ ਤੋਂ ਵੱਧ ਦੋ ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ।
ਜੈਨ ਨੇ ਦੋਸ਼ ਲਾਇਆ ਸੀ ਕਿ ਸਵਰਾਜ ਨੇ 5 ਅਕਤੂਬਰ, 2023 ਨੂੰ ਇੱਕ ਟੀਵੀ ਚੈਨਲ ’ਤੇ ਇੰਟਰਵਿਊ ਦੌਰਾਨ ਉਨ੍ਹਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਸਵਰਾਜ ਨੇ ਦੋਸ਼ ਲਾਇਆ ਕਿ ਜੈਨ ਦੇ ਘਰੋਂ 1.8 ਕਿਲੋ ਸੋਨਾ ਅਤੇ 133 ਸੋਨੇ ਦੇ ਸਿੱਕੇ ਤੋਂ ਇਲਾਵਾ 3 ਕਰੋੜ ਰੁਪਏ ਬਰਾਮਦ ਕੀਤੇ ਗਏ ਸਨ। ਇਸ ਤੋਂ ਬਾਅਦ ਸਵਰਾਜ ਨੇ ਇਹ ਕਹਿੰਦੇ ਹੋਏ ਜਵਾਬ ਦਾਇਰ ਕੀਤਾ ਸੀ ਕਿ ਇੰਟਰਵਿਊ ਵਿੱਚ ਉਸ ਨੇ ਕਿਸੇ ਨਵੇਂ ਦੋਸ਼ ਦਾ ਖੁਲਾਸਾ ਨਹੀਂ ਕੀਤਾ ਸੀ। ਉਸ ਨੇ ਸਿਰਫ 6 ਜੂਨ, 2022 ਦੇ ਈਡੀ ਦੇ ਟਵੀਟ ਨੂੰ ਦੁਹਰਾਇਆ ਸੀ ਜਿਸ ਅਨੁਸਾਰ ਜੈਨ ਦੇ ਘਰੋਂ ਸੋਨੇ ਦੇ ਸਿੱਕੇ ਅਤੇ ਨਕਦੀ ਬਰਾਮਦ ਹੋਣ ਦੀ ਗੱਲ ਕੀਤੀ ਗਈ ਸੀ। ਪੀਟੀਆਈ